ਤਰਨ ਤਾਰਨ- ਅਪਰੈਲ ਪੰਜਾਬ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਪੰਜਾਬ ਡੈਮੋਕ੍ਰੈਟਿਕ ਅਲਾਇੰਸ (ਪੀਡੀਏ) ਦੀ ਉਮੀਦਵਾਰ ਪਰਮਜੀਤ ਕੌਰ ਖਾਲੜਾ ਨੂੰ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਲੜਾਉਣ ਤੇ ਆਮ ਆਦਮੀ ਪਾਰਟੀ (ਆਪ) ਵਲੋਂ ਹਮਾਇਤ ਦੇਣ ਦੀ ਕੀਤੀ ਪੇਸ਼ਕਸ ਨੂੰ ਮੂਲੋਂ ਹੀ ਰੱਦ ਕਰਦਿਆਂ ‘ਆਪ’ ਦੀ ਹਮਾਇਤ ਲੈਣ ਤੋਂ ਸਪਸ਼ਟ ਇਨਕਾਰ ਕੀਤਾ ਹੈ| ਸ੍ਰੀ ਖਹਿਰਾ ਨੇ ਅਜਿਹੇ ਵਿਚਾਰ ਅੱਜ ਇੱਥੇ ਮੀਡੀਆ ਨਾਲ ਖੁੱਲ੍ਹੀ ਗੱਲਬਾਤ ਕਰਦਿਆਂ ਪੇਸ਼ ਕੀਤੇ।
ਉਨ੍ਹਾਂ ਸੂਬੇ ਅੰਦਰ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਤਿਕੋਣੇ ਮੁਕਾਬਲੇ ਹੋਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਉਮੀਦਵਾਰਾਂ ਦਰਮਿਆਨ ਹੋਣਗੇ ਤੇ ‘ਆਪ’ ਇਨ੍ਹਾਂ ਮੁਕਾਬਲਿਆਂ ਤੋਂ ਬਾਹਰ ਹੋ ਗਈ ਹੈ| ਉਨ੍ਹਾਂ ਦਾਅਵਾ ਕੀਤਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਦੇ ਪਤੀ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਕਰਕੇ ਹੀ ਅੱਜ ਉਨ੍ਹਾਂ ਨੂੰ ਭਾਰਤੀ ਕਿਸਾਨ ਯੂਨੀਅਨ, ਸੰਤ ਸਮਾਜ ਸਣੇ ਹੋਰਨਾਂ ਧਿਰਾਂ ਵਲੋਂ ਸਭ ਪੱਖਾਂ ਤੋਂ ਹਮਾਇਤ ਦਿੱਤੀ ਜਾ ਰਹੀ ਹੈ| ਉਨ੍ਹਾਂ ਬਰਗਾੜੀ ਕਾਂਡ ਸਣੇ ਬੇਅਦਬੀ ਦੇ ਹੋਰ ਮੁੱਦਿਆਂ ਤੇ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਕੀਤੇ ਜਾਣ ਦੀ ਨਿਖੇਧੀ ਕੀਤੀ| ਉਨ੍ਹਾਂ ਪਟਿਆਲਾ ਤੋਂ ਲੋਕ ਸਭਾ ਮੈਂਬਰ ਅਤੇ ਚੋਣ ਲੜ ਰਹੇ ਉਮੀਦਵਾਰ ਡਾ. ਧਰਮਵੀਰ ਗਾਂਧੀ ਵਲੋਂ ਖਸਖਸ (ਅਫੀਮ) ਦੀ ਖੇਤੀ ਕੀਤੇ ਜਾਣ ਦੀ ਮੰਗ ਕੀਤੇ ਜਾਣ ਦੀ ਅਸਿੱਧੇ ਤੌਰ ’ਤੇ ਵਕਾਲਤ ਕਰਦਿਆਂ ਕਿਹਾ ਕਿ ਉਹ ਇਸ ਗੰਭੀਰ ਮੁੱਦੇ ਨੂੰ ਪੀਡੀਏ ਦੀ ਮੀਟਿੰਗ ਵਿਚ ਬਾਰੀਕੀ ਨਾਲ ਵਿਚਾਰਨਗੇ|