ਨਵੀਂ ਦਿੱਲੀ , ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-ਜਗ ਆਸਰਾ ਗੁਰੂ ਓਟ (ਜਾਗੋ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਪੰਥ ਵਿਰੋਧੀ ਹੋਣ ਦਾ ਦੋਸ਼ ਲਗਾਇਆ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਰਬੱਤ ਖ਼ਾਲਸਾ (ਸਿੱਖ ਸੰਗਠਨਾਂ ਦੀ ਸਭਾ) ਬੁਲਾਉਣ ਦੀ ਮੰਗ ਕੀਤੀ ਹੈ। ਪਾਰਟੀ ਦੀ ਸ਼ੁੱਕਰਵਾਰ ਨੂੰ ਹੋਈ ਬੈਠਕ ਵਿਚ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸ੍ਰੀ ਗੁਰੂ ਗ੍ੰਥ ਸਾਹਿਬ ਦੇ ਸੈਂਕੜੇ ਪਾਵਨ ਸਰੂਪ ਗ਼ਾਇਬ ਹੋ ਗਏ ਹਨ ਜਦਕਿ ਉਹ ਦੋਸ਼ੀਆਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ। ਇਹ ਸਿੱਖ ਕੌਮ ਨਾਲ ਅਨਿਆਂ ਹੈ। ਬੈਠਕ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਰਬੱਤ ਖ਼ਾਲਸਾ ਬੁਲਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਸਰਬੱਤ ਖ਼ਾਲਸਾ ਵਿਚ ਸਿੱਖਾਂ ਦੀਆਂ ਸਾਰੀਆਂ ਪ੍ਰਤੀਨਿਧ ਸੰਸਥਾਵਾਂ ਅਤੇ ਸੰਗਤ ਵੱਲੋਂ ਇਸ ਬਾਰੇ ਵਿਚ ਫ਼ੈਸਲਾ ਕੀਤਾ ਜਾ ਸਕੇ। ਦੋਸ਼ ਲਗਾਇਆ ਗਿਆ ਕਿ ਪੰਜਾਬ ਸਰਕਾਰ ਚੰਡੀਗੜ੍ਹ ਇੰਡਸਟ੍ਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਸਾਬਕਾ ਜੇਈ ਬਲਵੰਤ ਸਿੰਘ ਮੁਲਤਾਨੀ ਦੀ ਹੱਤਿਆ ਦੇ ਦੋਸ਼ੀ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਬਚਾ ਰਹੀ ਹੈ। ਇਸ ਦੇ ਵਿਰੋਧ ਵਿਚ ਜਾਗੋ 14 ਸਤੰਬਰ ਨੂੰ ਦਿੱਲੀ ਸਥਿਤ ਪੰਜਾਬ ਭਵਨ ਦੇ ਬਾਹਰ ਪ੍ਰਦਰਸ਼ਨ ਕਰੇਗੀ।