You are here

ਸੰਸਦ 'ਚ ਆਰਡੀਨੈਂਸ ਪੇਸ਼ ਹੋਣ ਨਾਲ ਅਕਾਲੀ ਦਲ ਦਾ ਚਿਹਰਾ ਹੋਇਆ ਨੰਗਾ -ਮੁੱਖ ਮੰਤਰੀ

 ਚੰਡੀਗੜ੍ਹ, ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਵੱਲੋਂ ਖੇਤੀਬਾੜੀ ਆਰਡੀਨੈਂਸਾਂ ਨੂੰ ਕਾਨੂੰਨ ਵਿਚ ਬਦਲਣ ਸਬੰਧੀ ਬੀਤੇ ਦਿਨ ਸੰਸਦ ਵਿਚ ਬਿੱਲ ਪੇਸ਼ ਕਰਨ ਦੇ ਨਾਲ ਹੀ ਸ਼ੋ੍ਮਣੀ ਅਕਾਲੀ ਦਲ ਦਾ ਸੂਬੇ ਦੀ ਕਿਸਾਨੀ ਦੇ ਹਿੱਤਾਂ ਦੀ ਰੱਖਿਆ ਕਰਨ ਦੇ ਦਾਅਵਿਆਂ ਦਾ ਝੂਠ ਨੰਗਾ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਇਨ੍ਹਾਂ ਆਰਡੀਨੈਂਸਾਂ ਨੂੰ ਅੱਗੇ ਪਾਉਣ ਦੀ ਅਖੌਤੀ ਅਪੀਲ ਦੇ ਬਾਵਜੂਦ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ ਇਨ੍ਹਾਂ ਬਿੱਲਾਂ ਨੂੰ ਸੰਸਦ ਸੈਸ਼ਨ ਦੇ ਪਹਿਲੇ ਹੀ ਦਿਨ ਪੇਸ਼ ਕਰ ਦਿੱਤਾ, ਜਿਸ ਤੋਂ ਸਿੱਧ ਹੁੰਦਾ ਹੈ ਕਿ ਅਕਾਲੀ ਇਸ ਮੁੱਦੇ ਸਬੰਧੀ ਨਾਟਕਬਾਜ਼ੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਸਦਨ ਤੋਂ ਬਾਹਰ ਸੀ, ਜਦੋਂ ਇਹ ਆਰਡੀਨੈਂਸ ਸੰਸਦ ਵਿਚ ਕਾਨੂੰਨ ਬਣਾਉਣ ਲਈ ਪੇਸ਼ ਹੋਏ। ਇਸ ਤੋਂ ਸਿੱਧ ਹੁੰਦਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਾਰਾ ਨਾਟਕ ਕਿਸਾਨ ਜਥੇਬੰਦੀਆਂ ਨੂੰ ਪਰਚਾਉਣ ਵਾਸਤੇ ਰਚਿਆ ਗਿਆ ਸੀ, ਜਿਨ੍ਹਾਂ ਨੇ ਇਸ ਵੇਲੇ ਆਰਡੀਨੈਂਸਾਂ ਦਾ ਸਖਤ ਵਿਰੋਧ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਕਮਰ ਕੱਸੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਾਫ਼ ਝਲਕਦਾ ਹੈ ਕਿ ਕਿਸਾਨਾਂ ਤੇ ਸੂਬਿਆਂ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਕਰਦਿਆਂ ਸਾਜ਼ਿਸ਼ ਰਚੀ ਗਈ, ਜਦੋਂ ਕਿ ਖੇਤੀਬਾੜੀ ਸੰਵਿਧਾਨ ਅਨੁਸਾਰ ਸੂਬਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਹੀਂ ਤਾਂ ਸੁਖਬੀਰ ਤੇ ਹਰਸਿਮਰਤ ਸੰਸਦ ਦੇ ਪਹਿਲੇ ਹੀ ਦਿਨ ਗ਼ਾਇਬ ਕਿਉਂ ਰਹਿੰਦੇ। ਅਕਾਲੀ ਦਲ ਦੇ ਪ੍ਰਧਾਨ ਨੂੰ ਚੰਗੀ ਤਰ੍ਹਾਂ ਪਤਾ ਸੀ ਕਿ ਇਹ ਆਰਡੀਨੈਂਸ ਜਿਨ੍ਹਾਂ 'ਤੇ ਅਕਾਲੀ ਦਲ ਨੇ ਵੀ ਮੋਹਰ ਲਾਈ ਹੈ, ਕਾਨੂੰਨ ਬਣਾਉਣ ਲਈ ਸੰਸਦ ਵਿਚ ਲਿਆਂਦੇ ਜਾਣਗੇ। ਉਧਰ, ਕੇਂਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਵੱਲੋਂ ਸੰਸਦ 'ਚ ਖੇਤੀਬਾੜੀ ਆਰਡੀਨੈਂਸਾਂ ਸਬੰਧੀ ਦਿੱਤੇ ਗਏ ਬਿਆਨ ਨੂੰ ਕੈਪਟਨ ਨੇ ਗ਼ੈਰ-ਲੋਕਤੰਤਰੀ ਅਤੇ ਨੈਤਿਕਤਾ ਦੇ ਖ਼ਿਲਾਫ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰੀ ਮੰਤਰੀ ਨੂੰ ਤੁਰੰਤ ਮਾਫ਼ੀ ਮੰਗਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਰਾਜ ਮੰਤਰੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਂਗਰਸ ਪਾਰਟੀ ਅਤੇ ਸੂਬਾ ਸਰਕਾਰ ਨੂੰ ਬਦਨਾਮ ਕਰਨ ਦੀ ਮਿੱਥੀ ਸਾਜ਼ਿਸ਼ ਹੈ।   ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਘਟਾਉਣ ਵਾਲੇ ਕਿਸੇ ਵੀ ਕਦਮ ਦਾ ਹਮੇਸ਼ਾ ਹੀ ਵਿਰੋਧ ਕੀਤਾ ਹੈ। ਇਹ ਉਨ੍ਹਾਂ ਦੀ ਸਰਕਾਰ ਹੈ, ਜਿਸ ਨੇ ਵਿਧਾਨ ਸਭਾ 'ਚ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਲਈ ਮਤਾ ਲਿਆਂਦਾ ਸੀ ਅਤੇ ਉਨ੍ਹਾਂ ਨੇ ਨਿੱਜੀ ਤੌਰ 'ਤੇ ਦੋ ਵਾਰ ਪ੍ਰਧਾਨ ਮੰਤਰੀ ਨੂੰ ਲਿਖ ਕੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ, ਜੋ ਕਿ ਪੰਜਾਬ ਦੀ ਕਿਸਾਨੀ ਲਈ ਮਾਰੂ ਸਿੱਧ ਹੋਣਗੇ।