ਨਵੀਂ ਦਿੱਲੀ ,ਸਤੰਬਰ 2020 -(ਏਜੰਸੀ)- ਖੇਤੀ ਸੁਧਾਰ ਬਿਲਾਂ ਨੂੰ ਲੈ ਕੇ ਸੰਸਦ ਤੋਂ ਸੜਕ ਤਕ ਮਚੇ ਸਿਆਸੀ ਘਮਸਾਨ ਵਿਚ ਇਕ ਪਾਸੇ ਜਿੱਥੇ ਵਿਰੋਧੀ ਸਰਕਾਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਖ਼ਤਮ ਕਰਨ ਦਾ ਇਲਜ਼ਾਮ ਲਗਾ ਰਹੇ ਹਨ ਉੱਥੇ ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਿਚ ਵਾਧੇ ਦਾ ਐਲਾਨ ਕਰ ਕੇ ਨਾ ਸਿਰਫ਼ ਵਿਰੋਧੀਆਂ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ ਬਲਕਿ ਵਿਰੋਧੀ ਧਿਰ ਦੇ ਸਿਆਸੀ ਨਹਿਲੇ ’ਤੇ ਦਹਿਲਾ ਵੀ ਜੜ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਸੋਮਵਾਰ ਨੂੰ ਹੋਈ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ (ਸੀਸੀਈਏ) ਦੀ ਮੀਟਿੰਗ ਵਿਚ ਹਾੜੀ ਸੀਜ਼ਨ ਦੀਆਂ ਫ਼ਸਲਾਂ ਦੇ ਐੱਮਐੱਸਪੀ ਦੇ ਮਸੌਦੇ ’ਤੇ ਮੋਹਰ ਲਗਾਈ ਗਈ। ਕਮੇਟੀ ਵਿਚ ਕੀਤੇ ਗਏ ਫ਼ੈਸਲੇ ਦੀ ਜਾਣਕਾਰੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਲੋਕ ਸਭਾ ਵਿਚ ਦਿੱਤੀ। ਉਨ੍ਹਾਂ ਦੱਸਿਆ ਕਿ ਕਣਕ ਦੇ ਮੁੱਲ ਵਿਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜਿਹੜਾ 1975 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ। ਜੌਂ ਦਾ ਮੁੱਲ 1525 ਤੋਂ ਵਧਾ ਕੇ 16 ਸੌ ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਦਾਲਾਂ ਵਿਚ ਛੋਲਿਆਂ ਦਾ ਮੁੱਲ 225 ਰੁਪਏ ਪ੍ਰਤੀ ਕੁਇੰਟਲ ਵਧਾ ਕੇ 5100 ਰੁਪਏ ਕਰ ਦਿੱਤਾ ਗਿਆ ਹੈ। ਮਸਰ ਦੇ ਐੱਮਐੱਸਪੀ ਵਿਚ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜਿਹੜਾ 4800 ਰੁਪਏ ਤੋਂ ਵੱਧ ਕੇ 5100 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਹਾੜੀ ਸੀਜ਼ਨ ਦੀ ਪ੍ਰਮੁੱਖ ਫ਼ਸਲ ਸਰੋਂ ਦਾ ਐੱਮਐੱਸਪੀ 4425 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 4650 ਰੁਪਏ ਕਰ ਦਿੱਤਾ ਗਿਆ ਹੈ।