You are here

ਕੁਸ ਵੀ ਠੀਕ ਨਹੀਂ-ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਖ਼ੁਲਾਸਾ ਕਰਨ ਵਾਲੇ ਕਿਰਪਾ ਸ਼ੰਕਰ ਸਰੋਜ ਦੀ ਬਦਲੀ

ਚੰਡੀਗੜ੍ਹ, ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਚ ਹੋਏ ਘੁਟਾਲੇ ਦਾ ਖੁਲਾਸਾ ਕਰਨ ਵਾਲੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਦੇ ਅਡੀਸ਼ਨਲ ਚੀਫ ਸੈਕਟਰੀ ਕਿਰਪਾ ਸ਼ੰਕਰ ਸਰੋਜ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹੁਣ ਪਸ਼ੂਪਾਲਣ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਸਰੋਜ ਦੀ ਜਗ੍ਹਾ ਹੁਣ ਵਿਭਾਗ ਦੀ ਜ਼ਿੰਮੇਦਾਰੀ ਪ੍ਰਿੰਸੀਪਲ ਸੈਕਟਰੀ ਜਸਪਾਲ ਸਿੰਘ ਨੂੰ ਦਿੱਤੀ ਗਈ ਹੈ। ਜਸਪਾਲ ਸਿੰਘ ਉਨ੍ਹਾਂ ਅਧਿਕਾਰੀਆਂ ਵਿਚ ਸ਼ਾਮਲ ਸਨ, ਜਿਨ੍ਹਾਂ ਨੂੰ ਚੀਫ ਸੈਕਟਰੀ ਨੇ ਏਸੀਐੱਸ ਦੀ ਰਿਪੋਰਟ ਦੀ ਜਾਂਚ ਕਰਨ ਦੀ ਜ਼ਿੰਮੇਦਾਰੀ ਸੌਂਪੀ ਸੀ। ਇਸ ਤੋਂ ਇਲਾਵਾ ਅਨੁਰਾਗ ਅਗਰਵਾਲ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦਾ ਪ੍ਰਿੰਸੀਪਲ ਸੈਕਟਰੀ ਲਗਾਇਆ ਗਿਆ ਹੈ। ਉਨ੍ਹਾਂ ਦੇ ਕੋਲ ਚੋਣਾਂ ਦੇ ਅਡੀਸ਼ਨਲ ਪ੍ਰਿੰਸੀਪਲ ਸੈਕਟਰੀ ਦਾ ਵੀ ਚਾਰਜ ਹੋਵੇਗਾ।

ਖਾਸ ਗੱਲ ਇਹ ਹੈ ਕਿ ਕਿਰਪਾ ਸ਼ੰਕਰ ਸਰੋਜ ਦੀ ਬਦਲੀ ਤਾਂ ਕਰ ਦਿੱਤੀ ਗਈ ਹੈ ਪਰ ਪੰਜਾਬ ਸਰਕਾਰ ਨੇ ਹਾਲੇ ਤਕ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਚੀਫ ਸੈਕਟਰੀ ਦੀ ਰਿਪੋਰਟ ਦਾ ਖੁਲਾਸਾ ਨਹੀਂ ਕੀਤਾ ਹੈ। ਕਿਰਪਾ ਸ਼ੰਕਰ ਸਰੋਜ ਉਦੋਂ ਚਰਚਾ ਵਿਚ ਆਏ ਸਨ ਜਦੋਂ ਉਨ੍ਹਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਜਾਂਚ ਕੀਤੀ ਸੀ, ਜਿਸ ਵਿਚ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਕਈ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਜ਼ਿਕਰ ਕੀਤਾ ਗਿਆ ਸੀ। ਸਰੋਜ ਨੇ ਆਪਣੀ ਰਿਪੋਰਟ ਚੀਫ ਸੈਕਟਰੀ ਵਿਨੀ ਮਹਾਜਨ ਨੂੰ ਅਗਸਤ ਵਿਚ ਦਿੱਤੀ ਸੀ, ਜਿਸ ਵਿਚ ਉਨ੍ਹਾਂ ਨੇ 63.91 ਕਰੋੜ ਰੁਪਏ ਦੇ ਘੁਟਾਲੇ ਦਾ ਖਦਸ਼ਾ ਪ੍ਰਗਟਾਇਆ ਸੀ। ਮੀਡੀਆ ਵਿਚ ਆ ਜਾਣ ਤੋਂ ਬਾਅਦ ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਭਰਪੂਰ ਵਿਰੋਧ ਕੀਤਾ ਸੀ। ਇਸ ਤੋਂ ਬਾਅਦ 29 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ ਸੈਕਟਰੀ ਨੂੰ ਰਿਪੋਰਟ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਚੀਫ ਸੈਕਟਰੀ ਨੇ ਤਿੰਨ ਆਈਏਐੱਸ ਅਧਿਕਾਰੀ ਜਿਸ ਵਿਚ ਕੇਏਪੀ ਸਿਨ੍ਹਾ, ਜਸਪਾਲ ਸਿੰਘ ਅਤੇ ਵਿਵੇਕ ਪ੍ਰਤਾਪ ਸ਼ਾਮਲ ਸਨ, 'ਤੇ ਅਧਾਰਿਤ ਇਕ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਆਪਣੀ ਰਿਪੋਰਟ ਚੀਫ ਸੈਕਟਰੀ ਨੂੰ ਸੌਂਪ ਦਿੱਤੀ। ਚੀਫ ਸੈਕਟਰੀ ਨੇ ਵੀ ਆਪਣੇ ਕੁਮੈਂਟਸ ਲਿਖ ਕੇ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ ਪਰ ਹਾਲੇ ਤਕ ਮੁੱਖ ਮੰਤਰੀ ਨੇ ਜਾਂਚ ਰਿਪੋਰਟ ਜਨਤਕ ਨਹੀਂ ਕੀਤੀ ਹੈ।