ਅੰਮ੍ਰਿਤਸਰ, ਅਕਤੂਬਰ 2020 -(ਜਸਮੇਲ਼ ਗਾਲਿਬ/ਮਨਜਿੰਦਰ ਗਿੱਲ) ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਾਂਗਰਸ ਦੇ ‘ਰੁੱਸੇ’ ਹੋਏ ਆਗੂ ਨਵਜੋਤ ਸਿੰਘ ਸਿੱਧੂ ਨਾਲ ਬੀਤੀ ਰਾਤ ਮੀਟਿੰਗ ਪਿੱਛੋਂ ਅੱਜ ਦਾਅਵਾ ਕੀਤਾ ਕਿ ਸ੍ਰੀ ਸਿੱਧੂ, ਰਾਹੁਲ ਗਾਂਧੀ ਨਾਲ ਕਿਸਾਨ ਅੰਦੋਲਨ ’ਚ ਹਿੱਸਾ ਲੈਣਗੇ। ਸ੍ਰੀ ਰਾਵਤ ਨੇ ਦਾਅਵਾ ਕੀਤਾ ਕਿ ਸ੍ਰੀ ਸਿੱਧੂ ਨਾਲ ਸਦਭਾਵਨਾਵਾ ਵਾਲੇ ਮਾਹੌਲ ਵਿੱਚ ਚੰਗੀ ਗੱਲਬਾਤ ਹੋਈ ਹੈ। ਉਹ ਸਾਡੇ ਭਰਾ ਹਨ ਅਤੇ ਰਾਜਨੀਤੀ ਤੇ ਮਾਨਵਤਾ ਦੇ ਪੁਜਾਰੀ ਹਨ। ਉਨ੍ਹਾਂ ਆਖਿਆ ਕਿ ਇਸ ਵੇਲੇ ਜਦੋਂ ਕਿਸਾਨਾਂ ਵਿੱਚ ਹਾਹਾਕਾਰ ਮਚੀ ਹੋਈ ਹੈ ਊਹ ਚੁੱਪ ਕਰਕੇ ਨਹੀਂ ਬੈਠਣਗੇ। ਉਹ ਰਾਹੁਲ ਗਾਂਧੀ ਨਾਲ ਕਿਸਾਨ ਅੰਦੋਲਨ ਵਿੱਚ ਡਟੇ ਨਜ਼ਰ ਆਉਣਗੇ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਲਈ ਤਿੰਨ ਦਿਨਾਂ ਪੰਜਾਬ ਦੌਰੇ ’ਤੇ ਆ ਰਹੇ ਹਨ। ਉਨ੍ਹਾਂ ਅੱਜ ਇਥੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਰਾਵਤ ਨੇ ਐਲਾਨ ਕੀਤਾ ਕਿ ਕਾਂਗਰਸ ਵੱਲੋਂ ਖੇਤੀ ਕਾਨੂੰਨ ਖ਼ਿਲਾਫ਼ ਦੇਸ਼ ਭਰ ਵਿਚ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਜੱਲ੍ਹਿਆਂਵਾਲਾ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਦੇਸ਼ ਦੀ ਆਜ਼ਾਦੀ ਮਗਰੋਂ ਕਿਸਾਨਾਂ ਦੇ ਹੱਕ ਵਿੱਚ ਨਾਅਰਾ ਦਿੱਤਾ ਗਿਆ ਸੀ ਪਰ ਅੱਜ ਊਹੀ ਕਿਸਾਨ ਕਾਲੇ ਕਾਨੂੰਨ ਦਾ ਸ਼ਿਕਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲੜਾਈ ਨੂੰ ਅਗਾਂਹ ਲੈ ਕੇ ਜਾਵੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾਇਆ ਜਾਵੇਗਾ। ਉੱਤਰ ਪ੍ਰਦੇਸ਼ ਵਿੱਚ ਦਲਿਤ ਲੜਕੀ ਨਾਲ ਜਬਰ ਜਨਾਹ ਮਗਰੋਂ ਉਸ ਦੀ ਹੱਤਿਆ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੂੰ ਦਲਿਤ ਅਤੇ ਬਹੁ ਬੇਟੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਦਲਿਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਗਏ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਦਲਿਤ ਪਰਿਵਾਰ ਦੇ ਹੰਝੂ ਪੂੰਝਣ ਲਈ ਉਨ੍ਹਾਂ ਦੇ ਘਰ ਜ਼ਰੂਰ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਕਾਂਗਰਸ ਨਹੀਂ ਸਗੋਂ ਭਾਜਪਾ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ।