You are here

ਪੰਜਾਬ 'ਚ 11231 ਵਿਅਕਤੀਆਂ ਨੂੰ ਮਿਲੇਗਾ 4000 ਏਕੜ ਜ਼ਮੀਨ ਦਾ ਮਾਲਕਾਨਾ ਹੱਕ- ਸੁਖਬਿੰਦਰ ਸਰਕਾਰੀਆ

ਚੰਡੀਗੜ੍ਹ ,  ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  

 

ਪੰਜਾਬ 'ਚ ਕੁਝ ਖ਼ਾਸ ਸ਼੍ਰੇਣੀਆਂ ਦੇ 11231 ਵਿਅਕਤੀਆਂ, ਜਿਨ੍ਹਾਂ ਕੋਲ ਇਸ ਵੇਲੇ 4000 ਏਕੜ ਦੇ ਕਰੀਬ ਨਿੱਜੀ ਜ਼ਮੀਨਾਂ ਦਾ ਕਬਜ਼ਾ ਹੈ, ਨੂੰ ਸਰਕਾਰ ਵਲੋਂ ਜਲਦ ਹੀ ਨੋਟਫਾਈ ਕੀਤੇ ਜਾਣ ਵਾਲੇ ਗਰੇਡਸ ਮੁਤਾਬਕ ਬਣਦੇ ਮੁਆਵਜ਼ੇ ਦੀ ਅਦਾਇਗੀ ਤੋਂ ਬਾਅਦ ਮਾਲਕੀ ਅਧਿਕਾਰ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ 'ਚ ਖੇਤੀਬਾੜੀ ਜ਼ਮੀਨਾਂ ਦੇ ਕਬਜ਼ੇ ਵਾਲੀਆਂ ਕੁਝ ਖ਼ਾਸ ਸ਼੍ਰੇਣੀਆਂ ਨਾਲ ਸਬੰਧਿਤ ਵਿਅਕਤੀਆਂ ਨੂੰ ਮਾਲਕਾਨਾ ਹੱਕ ਦੇਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਬੀਤੇ ਕੱਲ੍ਹ ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਡੀਮਾਰ, ਪਨਾਹ ਕਦਮੀ, ਸੌਂਜੀਦਾਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020 ਨੂੰ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ਸ਼੍ਰੇਣੀਆਂ ਨੂੰ ਮਾਲ ਰਿਕਾਰਡ 'ਚ ਦਰਜ ਵਿਅਕਤੀਆਂ ਦੀਆਂ 'ਵਿਸ਼ੇਸ਼ ਸ਼੍ਰੇਣੀਆਂ' ਵਜੋਂ ਮਾਨਤਾ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਇਹ ਕਦਮ ਅਜਿਹੀਆਂ ਜ਼ਮੀਨਾਂ ਦੇ ਕਾਸ਼ਤਕਾਰਾਂ ਨੂੰ ਮਾਲਕੀ ਅਧਿਕਾਰ ਦੇਣ ਲਈ ਖੇਤੀਬਾੜੀ ਸੁਧਾਰਾਂ ਦਾ ਹਿੱਸਾ ਹੈ, ਜੋ ਜ਼ਿਆਦਾਤਰ ਸਮਾਜ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ ਹਨ।