ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤਹਿਤ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੰਦੀਪ ਕੁਮਾਰ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਬੀਤੇ ਮਹੀਨੇ ਦੌਰਾਨ ਕੀਤੇ ਗਏ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਜਿਵੇਂ ਕੋਵਿਡ-19 ਦੀ ਦੂਜੀ ਲਹਿਰ ਨੇ ਦੂਜੇ ਰਾਜਾਂ ਵਿੱਚ ਪੈਰ ਪਸਾਰਨੇ ਸੁਰੂ ਕਰ ਦਿੱਤੇ ਹਨ, ਜੇਕਰ ਅਜਿਹੀ ਸਥਿਤੀ ਲੁਧਿਆਣਾ ਵਿੱਚ ਪੈਦਾ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਪੱਬਾ ਭਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਸਬੰਧੀ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਜਿਵੇਂ ਮਾਸਕ ਪਹਿਨਣਾ, ਆਪਸੀ ਵਿੱਥ ਬਣਾਈ ਰੱਖਣਾ ਅਤੇ ਹੱਥਾਂ ਨੂੰ ਸਾਫ ਰੱਖਣਾ ਦੀ ਪਾਲਣਾ ਕਰਨ, ਕਿਉਂਕਿ ਦੂਜੀ ਲਹਿਰ ਨੂੰ ਰੋਕਣ ਦੀ ਇਹੀ ਵੈਕਸੀਨ ਅਤੇ ਤਰੀਕਾ ਹੈ। ਵੱਖ-ਵੱਖ ਸਕੀਮਾਂ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਜਨਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਨਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਤੇ ਸਖੀ ਵਨ ਸਟਾਪ ਸੈਂਟਰ ਪ੍ਰਤੀ ਵੱਧ ਤੋਂ ਵੱਧ ਸੰਵੇਦਨਸ਼ੀਲ ਬਣਾਉਣ। ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਨੇ ਹੋਰ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਜਾਂਦੇ ਕਾਰਜ਼ਾਂ ਵਿੱਖ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੰਬਿਤ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਰਿਪੋਰਟ ਰੋਜ਼ਾਨਾ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਭੇਜੀ ਜਾਵੇ।