ਲੁਧਿਆਣਾ , ਦਸੰਬਰ 2020 -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-
ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਥਾਨਕ ਗੁਰੂ ਨਾਨਕ ਭਵਨ ਵਿਖੇ ਪ੍ਰਬੰਧਕ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਵਨ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੀਟਿੰਗ ਵਿੱਚ ਗੁਰੂ ਨਾਨਕ ਭਵਨ ਕਮੇਟੀ ਦੇ ਮੈਂਬਰ ਜਿਸ ਵਿੱਚ ਵਿੱਤ ਸਕੱਤਰ ਦਰਸ਼ਨ ਸਿੰਘ, ਚਰਨਜੀਤ ਸਿੰਘ ਵਿਸ਼ਵਕਰਮਾ, ਅਵਤਾਰ ਸਿੰਘ ਭੋਗਲ, ਸੁਨੀਲ ਮੁੰਜਾਲ ਦੀ ਪ੍ਰਤੀਨਿਧਤਾ ਕਰਦੇ ਹੋਏ ਡਾ: ਪ੍ਰੇਮ ਕੁਮਾਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਤੋਂ ਡਾ ਜਗਦੀਸ਼ ਕੌਰ, ਵਰਧਮਾਨ ਸਮੂਹ ਤੋਂ ਵਿਵੇਕ ਕੁਮਾਰ ਅਤੇ ਆਡੀਟਰ ਸੀਏ ਸੰਜੀਵ ਜੈਨ ਵੱਲੋਂ ਡਿਪਟੀ ਕਮਿਸ਼ਨਰ-ਕਮ-ਕਮੇਟੀ ਦੇ ਪ੍ਰਧਾਨ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦਾ ਸਵਾਗਤ ਕੀਤਾ ਗਿਆ। ਜ਼ਿਕਰਯੋਹ ਹੈ ਕਿ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਭਵਨ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਪਹਿਲੀ ਵਾਰ ਸ਼ਿਰਕਤ ਕੀਤੀ ਗਈ। ਇਸ ਦੌਰਾਨ ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਸ੍ਰੀਮਤੀ ਸਵਾਤੀ ਟਿਵਾਣਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਮੈਂਬਰਾਂ ਵੱਲੋਂ ਕੀਤੇ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ ਅਤੇ ਗੁਰੂ ਨਾਨਕ ਭਵਨ ਕੰਪਲੈਕਸ ਦੇ ਵਿਕਾਸ ਲਈ ਪੂਰਨ ਸਹਿਯੋਗ ਦਾ ਵੀ ਭਰੋਸਾ ਦਿੱਤਾ। ਪ੍ਰਬੰਧਕ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਵਿਕਾਸ ਕਾਰਜਾਂ ਜੋ ਮੁਕੰਮਲ ਹੋ ਚੁੱਕੇ ਹਨ ਜਾਂ ਫਿਰ ਚੱਲ ਰਹੇ ਹਨ, ਉਨ੍ਹਾਂ ਬਾਰੇ ਜਾਣੂੰ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਮੈਬਰਾਂਨ ਦੇ ਨਾਲ ਕੰਪਲੈਕਸ ਦਾ ਦੌਰਾ ਵੀ ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਮੈਬਰਾਂ ਵੱਲੋਂ ਪ੍ਰੋਜੈਕਟ ਬਾਰੇ ਵਿਸਥਾਰ ਵਿੱਚ ਜਾਣੂੰ ਕਰਵਾਇਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਸਾਬਕਾ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਵੱਲੋ ਦਿੱਤੀਆਂ ਗਈਆਂ ਸੇਵਾਵਾਂ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਲਈ ਧੰਨਵਾਦ ਪੱਤਰ ਵੀ ਜਾਰੀ ਕੀਤਾ।