ਕਾਲੇ ਕਾਨੂੰਨ ਵਾਪਸ ਕਰਵਾਕੇ ਹੀ ਦਮ ਲਵਾਂਗੇ
ਮਹਿਲ ਕਲਾਂ/ਬਰਨਾਲਾ-ਜਨਵਰੀ 2021- (ਗੁਰਸੇਵਕ ਸਿੰਘ ਸੋਹੀ)-
ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਅਤੇ ਹਰ ਵਰਗ ਦੇ ਵੱਲੋਂ ਲਗਾਤਾਰ 99 ਦਿਨਾਂ ਤੋਂ ਤਿੱਖਾ ਅਤੇ ਜ਼ੋਰਦਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਹੱਡ ਚੀਰਵੀਂ ਠੰਢ ਦੇ ਵਿੱਚ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਅਤੇ ਅਖੀਰ ਦੇ ਵਿੱਚ ਮੋਦੀ ਸਰਕਾਰ ਨੂੰ ਕਿਸਾਨਾਂ ਪ੍ਰਤੀ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਅਮਰਜੀਤ ਸਿੰਘ ਗਹਿਲ ਨੇ ਕਿਹਾ ਕਿ ਕਿਸਾਨ ਵਿਰੋਧੀ 3 ਕਾਲੇ ਕਾਨੂੰਨ ਪਾਸ ਕਰਕੇ ਮੋਦੀ ਸਰਕਾਰ ਆਪਣਾ ਹੋਸ਼ ਗੁਆ ਬੈਠੀ ਹੈ ਅਤੇ ਕਾਲੇ ਕਾਨੂੰਨਾਂ ਨੂੰ ਲਾਹੇਵੰਦ ਦੱਸ ਰਹੀ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਵਿਖੇ ਪੰਜਾਬ ਤੋਂ ਲੱਖਾਂ ਕਿਸਾਨ ਟਰੈਕਟਰ ਟਰਾਲੀਆਂ ਲੈਕੇ ਪੱਕਾ ਮੋਰਚਾ ਲਾ ਕੇ ਬੈਠ ਗਏ ਹਨ। ਕੁਰਬਾਨੀਆਂ ਦੇਣ ਵਾਲੀ ਕੌਮ ਪੋਹ ਦੇ ਮਹੀਨੇ ਵਿੱਚ ਠੰਢੇ ਬੁਰਜ ਨੂੰ ਯਾਦ ਕਰਦਿਆਂ ਨਾ ਹੀ ਕੋਈ ਠੰਡ ਦੀ ਪ੍ਰਵਾਹ ਕਰਦੇ ਹਨ। ਦਿੱਲੀ ਨੂੰ ਚਾਰੇ ਪਾਸਿਓਂ ਘੇਰ ਕੇ ਸੂਬੇ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਕਰੋ ਜਾ ਮਰੋ ਦੇ ਤਹਿਤ ਦਿਨ-ਰਾਤ ਸੜਕਾਂ ਤੇ ਤਿੱਖਾ ਅਤੇ ਜੋਰਦਾਰ ਸਘੰਰਸ਼ ਕੀਤਾ ਜਾ ਰਿਹਾ ਹੈ। ਇਸ ਸਘੰਰਸ਼ ਨੂੰ ਦੇਸਾਂ ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਿਆ ਹੈ।ਪਰ ਸੈਂਟਰ ਦੀ ਮੋਦੀ ਸਰਕਾਰ ਇਸ ਸੰਘਰਸ਼ ਨੂੰ ਅਣਗੌਲਿਆ ਕਰ ਰਹੀ ਹੈ ਸੈਂਟਰ ਵਿਚ ਪਾਸ ਕੀਤੇ ਹੋਏ ਬਿੱਲਾਂ ਨੂੰ ਵਾਪਸ ਲੈਣ ਦੇ ਲਈ ਕੁੰਭਕਰਨੀ ਨੀਂਦ 'ਚ ਸੁੱਤੀ ਪਈ ਹੈ। ਅਖੀਰ ਦੇ ਵਿੱਚ ਸਰਪੰਚ ਅਮਰਜੀਤ ਨੇ ਕਿਹਾ ਕੇ ਇਤਿਹਾਸ ਗਵਾਹ ਹੈ ਜਦੋਂ ਵੀ ਕੋਈ ਪੰਜਾਬ ਤੇ ਮੁਸੀਬਤ ਆਉਂਦੀ ਹੈ ਤਾਂ ਇੱਕਜੁਟਤਾ ਦਾ ਸਬੂਤ ਸਾਹਮਣੇ ਆਉਂਦਾ ਹੈ। ਆਓ ਆਪਾਂ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਅਤੇ ਹੋਰ ਭਰਮ ਭੁਲੇਖੇ ਕੱਢ ਕੇ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰੀਏ।ਪਹਿਲਾਂ ਵੀ ਅਨੇਕਾਂ ਤੱਤੀਆਂ ਹਵਾਵਾਂ ਵਗੀਆਂ ਪੰਜਾਬ ਗੁਰੂਆਂ ਪੀਰਾਂ ਯੋਧਿਆਂ ਦੀ ਧਰਤੀ ਹੈ ਪੰਜਾਬ ਵਾਸੀਆਂ ਵੱਲੋਂ ਇੱਕ ਜੁੱਟ ਹੋਕੇ ਆਪਣਾ ਅਤੇ ਆਪਣੇ ਗੁਰੂਆਂ ਦੇ ਦੱਸੇ ਹੋਏ ਸਿਧਾਂਤਾਂ ਤੇ ਸ਼ਾਂਤਮਈ ਧਰਨੇ ਲਾਏ ਜਾ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਹੈ ।