ਨਵੀਂ ਦਿੱਲੀ: (ਜਨ ਸ਼ਕਤੀ ਨਿਊਜ) ਸੀਬੀਆਈ-ਕੋਲਕਾਤਾ ਪੁਲੀਸ ਵਿਵਾਦ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਮੁਲਤਵੀ ਕਰਨੀ ਪਈ। ਲਗਾਤਾਰ ਕਾਰਵਾਈ ਅੱਗੇ ਪੈਣ ਤੋਂ ਬਾਅਦ, ਦੋਵੇਂ ਸਦਨਾਂ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਵਿਚ, ਤ੍ਰਿਣਮੂਲ ਕਾਂਗਰਸ ਦੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਰੋਸ ਵਿਖਾਵੇ ਵਿਚ ਕਾਂਗਰਸ, ਬੀਜੇਡੀ, ਐੱਨਸੀਪੀ, ਸਪਾ ਅਤੇ ਆਰਜੇਡੀ ਦੇ ਮੈਂਬਰਾਂ ਨੇ ਹਿੱਸਾ ਲਿਆ ਜਿਨ੍ਹਾਂ ਪੱਛਮੀ ਬੰਗਾਲ ਵਿਚ ਵਾਪਰੇ ਘਟਨਾਕ੍ਰਮ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ। ਇਸ ਦੌਰਾਨ ਕਈ ਮੈਂਬਰਾਂ ਨੇ ਨਰਿੰਦਰ ਮੋਦੀ ਸਰਕਾਰ ਉੱਤੇ ਸੀਬੀਆਈ ਦੀ ਦੁਰਵਰਤੋਂ ਦੇ ਦੋਸ਼ ਲਾਏ। ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਉੱਤੇ ਆਪਣੇ ਵਿਰੋਧੀਆਂ ਖਿਲਾਫ਼ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ ਲਾਏ ਤੇ ਆਖਿਆ ਕਿ ਇਹ ਲੋਕਤੰਤਰੀ ਧਾਰਨਾਵਾਂ ਦੇ ਖਿਲਾਫ਼ ਹੈ। ਰਾਜ ਸਭਾ ਵਿਚ ਵੀ ਤ੍ਰਿਣਮੂਲ ਕਾਂਗਰਸ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਉੱਤੇ ਸੀਬੀਆਈ ਦੀ ਦੁਰਵਰਤੋਂ ਦੇ ਦੋਸ਼ ਲਾਏ।