50 ਪ੍ਰਤੀਸ਼ਤ ਕੰਮ ਹੋ ਚੁੱਕਾ ਪੂਰਾ, ਬਾਕੀ ਕੰਮ ਚੱਲ ਰਿਹਾ ਜ਼ੋਰਾਂ-ਸ਼ੋਰਾਂ 'ਤੇ - ਆਸ਼ੂ
ਲੁਧਿਆਣਾ, ਜਨਵਰੀ 2021 -(ਸੱਤਪਾਲ ਸਿੰਘ ਦੇਹੜਕਾ/ ਮਨਜਿੰਦਰ ਗਿੱਲ )-
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਸਨੀਕਾਂ ਦੀ ਭਲਾਈ ਲਈ, ਭਾਈ ਰਣਧੀਰ ਸਿੰਘ ਨਗਰ ਨੂੰ ਸਰਾਭਾ ਨਗਰ ਨਾਲ ਜੋੜਨ ਵਾਲੀ ਸਿੱਧਵਾਂ ਨਹਿਰ ਦੇ ਪੁੱਲ ਚੌੜਾ ਕਰਨ ਦਾ ਕੰਮ ਫਰਵਰੀ 2021 ਦੇ ਅੱਧ ਤੱਕ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੋਰ 50 ਪ੍ਰਤੀਸ਼ਤ ਤੋਂ ਵੱਧ ਕੰਮ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ ਅਤੇ ਬਾਕੀ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੱਲਰਾਂ ਨੂੰ ਖੜਾ ਕਰਨ ਦਾ ਮੁੱਖ ਕੰਮ ਵੀ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ।
ਭਾਰਤ ਭੂਸ਼ਣ ਆਸ਼ੂ ਨੇ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਹੋਰਾਂ ਦੇ ਨਾਲ ਨਿਰਮਾਣ ਵਾਲੀ ਜਗ੍ਹਾ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਇਹ ਚਿਰੌਕਣੀ ਮੰਗੀ ਸੀ, ਕਿਉਂਕਿ ਵਾਹਨਾਂ ਦੀ ਆਵਾਜਾਈ ਵਿੱਚ ਵਾਧਾ ਹੋਣ ਕਾਰਨ, ਇਨ੍ਹਾਂ ਪੁੱਲਾਂ 'ਤੇ ਟ੍ਰੈਫਿਕ ਜਾਮ ਲੱਗਾ ਰਹਿੰਦਾ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਭਾਈ ਰਣਧੀਰ ਸਿੰਘ ਨਗਰ ਨੂੰ ਸਰਾਭਾ ਨਗਰ (ਐਮ.ਸੀ. ਜ਼ੋਨ ਡੀ ਦਫਤਰ ਨੇੜੇ) ਨਾਲ ਜੋੜਨ ਵਾਲੇ ਸਿੱਧਵਾਂ ਨਹਿਰ ਦੇ ਪੁਲ ਨੂੰ ਚੌੜਾ ਕਰਨ ਦਾ ਕੰਮ 1.40 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਿਹਾ ਹੈ। ਇਹ ਪ੍ਰੋਜੈਕਟ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਇਸ ਨੂੰ ਪੰਜਾਬ ਸਿੰਜਾਈ ਵਿਭਾਗ ਵੱਲੋਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਫਰਵਰੀ 2021 ਦੇ ਅੱਧ ਤੱਕ ਹਰ ਹੀਲੇ ਪੂਰਾ ਹੋ ਜਾਵੇਗਾ।
ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਸਿੱਧਵਾਂ ਨਹਿਰ ਦਾ ਮੌਜੂਦਾ ਪੁਲ ਜੋਕਿ 4 ਮੀਟਰ ਹੈ ਨੂੰ 9 ਮੀਟਰ ਚੌੜਾ ਕੀਤਾ ਜਾ ਰਿਹਾ ਹੈ
ਅਤੇ ਇਲਾਕਾ ਨਿਵਾਸੀਆਂ ਨੂੰ ਇਸਦਾ ਵੱਡਾ ਲਾਭ ਮਿਲੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਾਸੇ ਵੱਲ ਆਉਂਦੇ ਸਮੇਂ ਬਦਲਵੇਂ ਰਸਤੇ ਅਪਣਾਉਣ ਕਿਉਂਕਿ ਚੱਲ ਰਹੇ ਨਿਰਮਾਣ ਕਾਰਜਾਂ ਕਾਰਨ ਟ੍ਰੈਫਿਕ ਨੂੰ ਨਾਲ ਦੇ ਪੁਲ ਤੋਂ ਮੋੜਿਆ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੁਲ ਨੂੰ ਚੌੜਾ ਕਰਨ ਦਾ ਕੰਮ ਫਰਵਰੀ 2021 ਤੱਕ ਮੁਕੰਮਲ ਕਰ ਲਿਆ ਜਾਵੇਗਾ।