You are here

Farmers Protest  ਕਿਸਾਨਾਂ ਤੇ ਸਰਕਾਰ ਵਿਚਕਾਰ 9ਵੇਂ ਗੇੜ ਦੀ ਗੱਲਬਾਤ ਵੀ ਰਹੀ ਬੇਸਿੱਟਾ

 ਹੁਣ 19 ਜਨਵਰੀ ਨੂੰ ਹੋਵੇਗੀ ਬੈਠਕ 

 ਕਿਸਾਨਾਂ ਨੇ ਕਾਨੂੰਨ ਸੋਧਣ ਦੀ ਪੇਸ਼ਕਸ਼ ਠੁਕਰਾਈ 

 ਨਵੀਂ ਦਿੱਲੀ, ਜਨਵਰੀ 2021 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  

ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਕਿਸਾਨ ਯੂਨੀਅਨਾਂ ਦਰਮਿਆਨ ਅੱਜ ਵਿਗਿਆਨ ਭਵਨ ’ਚ ਹੋਈ 9ਵੇਂ ਗੇੜ ਦੀ ਗੱਲਬਾਤ ਵੀ ਬੇਸਿੱਟਾ ਰਹੀ। ਮੀਟਿੰਗ ਦੌਰਾਨ ਕਿਸਾਨ ਆਗੂ ਜਿੱਥੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ’ਤੇ ਕਾਇਮ ਰਹੇ, ਉਥੇ ਸਰਕਾਰ ਨੇ ਕਿਸਾਨ ਯੂਨੀਅਨਾਂ ਨੂੰ ਅੜੀ ਛੱਡ ਕੇ ਵਧੇਰੇ ਲਚਕਦਾਰ ਪਹੁੰਚ ਅਪਣਾਉਣ ਲਈ ਆਖਦਿਆਂ (ਖੇਤੀ) ਕਾਨੂੰਨਾਂ ’ਚ ਜ਼ਰੂਰੀ ਸੋਧਾਂ ਲਈ ਸਹਿਮਤੀ ਜਤਾਉਣ ਦੀ ਸਲਾਹ ਦਿੱੱਤੀ। ਕਿਸਾਨਾਂ ਨੇ ਖੇਤੀ ਕਾਨੂੰਨਾਂ ’ਚ ਸੋਧ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤੀ। ਦੋਵੇਂ ਧਿਰਾਂ ਨੇ 19 ਜਨਵਰੀ ਨੂੰ ਮੁੜ ਮਿਲਣ ਦਾ ਫੈਸਲਾ ਕੀਤਾ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਯੂਨੀਅਨਾਂ ਨੇ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ, ਪਰ ਕੇਂਦਰ ਸਰਕਾਰ ਨੇ ਨਾਂਹ ਕਰ ਦਿੱਤੀ। ਉਗਰਾਹਾਂ ਨੇ ਕਿਹਾ, ‘ਅਸੀਂ ਹੁਣ 19 ਜਨਵਰੀ ਨੂੰ ਦੁਪਹਿਰੇ 12 ਵਜੇਂ ਮੁੜ ਮਿਲਣ ਦਾ ਫੈਸਲਾ ਕੀਤਾ ਹੈ।’ ਉਗਰਾਹਾਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਪੰਜਾਬ ਨਾਲ ਸਬੰਧਤ ਟਰਾਂਸਪੋਰਟਰਾਂ ’ਤੇ ਐੱਨਆਈਏ (ਕੌਮੀ ਜਾਂਚ ਏਜੰਸੀ) ਵੱਲੋਂ ਮਾਰੇ ਛਾਪਿਆਂ ਨੂੰ ਵੀ ਪ੍ਰਮੁੱਖਤਾ ਨਾਲ ਉਭਾਰਿਆ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਸਰਕਾਰ ਵੱਲੋਂ ਸਿਰਫ਼ ਸਮਾਂ ਲੰਘਾਉਣ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਮੀਟਿੰਗ ਦੌਰਾਨ ਇਹ ਗੱਲ ਵੀ ਜ਼ੋਰ ਦੇ  ਕੇ ਰੱਖੀ ਗਈ ਕਿ ਜਦੋਂ ਕਿਸਾਨੀ ਮਸਲਿਆਂ ਦੇ ਹੱਲ ਲਈ ਸਰਕਾਰ ਦਾ ਮਨ ਬਣਿਆ, ਉਦੋਂ ਮੀਟਿੰਗ ਲਈ ਸੱਦ ਲਈ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕਿਸਾਨ ਜਥੇਬੰਦੀਆਂ ਦਾ ਸਾਰਾ 26 ਜਨਵਰੀ ਦੇ ਐਕਸ਼ਨ ਨੂੰ ਸਫ਼ਲ ਕਰਨ ਬਣਾਉਣ ’ਤੇ ਕੇਂਦਰਿਤ ਹੈ। ਪੰਜ ਘੰਟੇ ਦੇ ਕਰੀਬ ਚੱਲੀ ਮੀਟਿੰਗ ਦੌਰਾਨ ਕਿਸਾਨਾਂ ਨੇ ਇਕ ਵਾਰ ਆਪਣੇ ਨਾਲ ਲਿਆਂਦਾ ਲੰਗਰ ਹੀ ਛਕਿਆ। ਕਿਸਾਨ ਯੂਨੀਅਨਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਬਣੇ ਜਮੂਦ ਨੂੰ ਤੋੜਨ ਤੇ ਮਸਲੇ ਦੇ ਹੱਲ ਲਈ ਸੁਪਰੀਮ ਕੋਰਟ ਵੱਲੋਂ ਕਾਇਮ ਕਮੇਟੀ ਦੇ ਬਾਵਜੂਦ ਉਹ ਗੱਲਬਾਤ ਜਾਰੀ ਰੱਖਣ ਲਈ ਵਚਨਬੱਧ ਹਨ।

ਇਸ ਤੋਂ ਪਹਿਲਾਂ ਮੀਟਿੰਗ ਦੀ ਸ਼ੁਰੂਆਤ ’ਚ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਆਪਣੀ ਉਦਘਾਟਨੀ ਟਿੱਪਣੀਆਂ ’ਚ ਕਿਸਾਨ ਆਗੂਆਂ ਨੂੰ ਸਰਕਾਰ ਵਾਂਗ ਵਧੇਰੇ ਲਚਕਦਾਰ ਪਹੁੰਚ ਅਪਣਾਉਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਤੋਮਰ ਤੋਂ ਇਲਾਵਾ ਰੇਲ, ਵਣਜ ਤੇ ਖੁਰਾਕ ਮੰਤਰੀ ਪਿਊਸ਼ ਗੋਇਲ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਸਨ। ਕਿਸਾਨਾਂ ਵੱਲੋਂ 40 ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਹੋਏ। ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਮੈਂਬਰ ਕਵਿਤਾ ਕੁਰੂਗੰਤੀ ਨੇ ਕਿਹਾ, ‘ਸਰਕਾਰ ਤੇ ਕਿਸਾਨ ਯੂਨੀਅਨਾਂ ਨੇ ਸਿੱਧੀ ਗੱਲਬਾਤ ਦਾ ਅਮਲ ਜਾਰੀ ਰੱਖਣ ਦੀ ਆਪਣੀ ਦ੍ਰਿੜ੍ਹਤਾ ਨੂੰ ਦੁਹਰਾਇਆ ਹੈ।’ ਪੰਜਾਬ ਕਿਸਾਨ ਮੋਰਚਾ ਦੇ ਬਲਜੀਤ ਸਿੰਘ ਬੱਲੀ ਨੇ ਕਿਹਾ, ‘ਤੋਮਰ ਜੀ ਨੇ ਆਪਣੀਆਂ ਉਦਘਾਟਨੀ ਟਿੱਪਣੀਆਂ ’ਚ ਕਿਹਾ ਕਿ ਤੁਸੀਂ (ਕਿਸਾਨ) ਇਹ ਆਖਦੇ ਹੋ ਕੇ ਸਰਕਾਰ ਜ਼ਿੱਦੀ ਹੈ ਤੇ ਇਸ ਨੂੰ ਹਊਮੈ ਦਾ ਮੁੱਦਾ ਬਣਾ ਰਹੀ ਹੈ, ਹਾਲਾਂਕਿ ਅਸੀਂ ਕਈ ਮੰਗਾਂ ਮੰਨ ਚੁੱਕੇ ਹਾਂ। ਤੁਹਾਨੂੰ ਨਹੀਂ ਲਗਦਾ ਕਿ ਤੁਹਾਨੂੰ ਕਾਨੂੰਨ ਰੱਦ ਕਰਨ ਦੀ ਇਕਹਿਰੀ ਮੰਗ ਨੂੰ ਛੱਡ ਕੇ ਥੋੜ੍ਹੀ ਲਚਕਦਾਰ ਪਹੁੰਚ ਅਪਣਾਉਣੀ ਚਾਹੀਦੀ ਹੈ।

ਉਧਰ ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਪੰਜਾਬ) ਦੇ ਪ੍ਰਧਾਨ ਦਰਸ਼ਨ ਪਾਲ ਨੇ ਕਿਹਾ ਕਿ ਮੀਟਿੰਗ ਦੌਰਾਨ ਤਿੰਨੇ ਖੇਤੀ ਕਾਨੂੰਨਾਂ ’ਤੇ ਚੰਗੀ ਵਿਚਾਰ ਚਰਚਾ ਹੋਈ। ਉਨ੍ਹਾਂ ਕਿਹਾ, ‘ਕੁਝ ਹੱਲ ਨਿਕਲਣ ਦੀ ਸੰਭਾਵਨਾ ਹੈ। ਅਸੀਂ ਸਕਾਰਾਤਮਕ ਹਾਂ।’ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, ‘ਸਰਕਾਰ ਨੇ ਸਾਨੂੰ ਆਖਿਆ ਕਿ ਮਸਲੇ ਦਾ ਹੱਲ ਅਦਾਲਤ ਰਾਹੀਂ ਨਹੀਂ ਬਲਕਿ ਸੰਵਾਦ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ। ਸਾਰਿਆਂ ਦਾ ਇਕੋ ਵਿਚਾਰ ਸੀ। ਕੁਝ ਹੱਲ ਨਿਕਲਣ ਦੀ ਸੰਭਾਵਨਾ ਬਣੀ ਹੈ।’ ਰਾਸ਼ਟਰੀ ਕਿਸਾਨ ਮਜ਼ਦੂਰ ਮਹਾਸੰਘ ਦੇ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਆੜ੍ਹਤੀਆਂ ’ਤੇ ਆਮਦਨ ਕਰ ਦੇ ਛਾਪਿਆਂ ਦਾ ਮੁੱਦਾ ਵੀ ਚੁੱਕਿਆ।  ਚੇਤੇ ਰਹੇ ਕਿ 8 ਜਨਵਰੀ ਨੂੰ 8ਵੇਂ ਗੇੜ ਦੀ ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਨੂੰ ਸਾਫ਼ ਕਰ ਦਿੱਤਾ ਸੀ ਕਿ ਉਹ ‘ਕਾਨੂੰਨਾਂ ਦੀ ਵਾਪਸੀ’ ਤੱਕ ‘ਘਰਾਂ ਨੂੰ ਨਹੀਂ ਮੁੜਨਗੇ।’ ਇਹ ਵੀ ਦੱਸਣਾ ਬਣਦਾ ਹੈ ਕਿ ਸੁਪਰੀਮ ਕੋਰਟ ਨੇ 11 ਜਨਵਰੀ ਨੂੰ ਕੇਂਦਰ ਸਰਕਾਰ ਦੀ ਚੰਗੀ ਝਾੜ ਝੰਬ ਕਰਦਿਆਂ ਤਿੰਨੇ ਵਿਵਾਦਿਤ ਖੇਤੀ ਕਾਨੂੰਨਾਂ ਦੇ ਅਮਲ ’ਤੇ ਅਗਲੇ ਹੁਕਮਾਂ ਤੱਕ ਰੋਕ ਲਾਉਂਦਿਆਂ ਮਸਲੇ ਦੇ ਹੱਲ ਲਈ ਚਾਰ ਮੈਂਬਰੀ ਕਮੇਟੀ ਕਾਇਮ ਕੀਤੀ ਸੀ। ਲੰਘੇ ਦਿਨੀਂ ਇਨ੍ਹਾਂ ਕਮੇਟੀ ਮੈਂਬਰਾਂ ’ਚੋਂ ਇਕ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਭੁਪਿੰਦਰ ਸਿੰਘ ਮਾਨ ਨੇ ਖੁ਼ਦ ਨੂੰ ਇਸ ’ਚੋਂ ਲਾਂਭੇ ਕਰ ਲਿਆ ਸੀ।