ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ
ਲੁਧਿਆਣਾ , ਜਨਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-
ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ 'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ' ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਲੁਧਿਆਣਾ ਵਿੱਚ ਇੱਕ ਮੈਗਾ ਸਵੈ-ਰੋਜ਼ਗਾਰ ਲੋਨ ਮੇਲੇ ਦੀ ਸੁਰੂਆਤ ਕੀਤੀ। ਇਸ ਸਬੰਧ ਵਿਚ ਮੁੱਖ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ।
ਪਿਛਲੇ ਸਾਲ ਅਕਤੂਬਰ ਤੋਂੋਂ ਦਸੰਬਰ ਤੱਕ ਕਰਵਾਏ ਗਏ ਵਿਸ਼ੇਸ਼ ਲੋਨ ਮੇਲਿਆਂ ਲੜੀ ਸਮਾਪਤ ਹੋ ਗਈ ਜਿਸ ਵਿੱਚ 1.70 ਲੱਖ ਨੌਜਵਾਨਾਂ ਨੂੰ ਪੰਜਾਬ ਦੇ ਵੱਖ-ਵੱਖ ਬੈਂਕਾਂ ਤੋਂ ਸਵੈ-ਰੁਜ਼ਗਾਰ ਲਈ ਕਰਜ਼ੇ ਮੁਹੱਈਆ ਕਰਵਾਉਣ ਵਿੱਚ ਮੱਦਦ ਕੀਤੀ ਗਈ।
ਸ੍ਰੀ ਸਰਕਾਰੀਆ ਵੱਲੋਂ ਦਫ਼ਤਰ ਜ਼ਿਲ੍ਹਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ 5 ਲਾਭਪਾਤਰੀਆਂ ਨੂੰ ਕਰਜ਼ਾ ਪ੍ਰਵਾਨਗੀ ਸਰਟੀਫਿਕੇਟ ਵੀ ਸੌਂਪੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ, 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿੱਜੀ/ਸਰਕਾਰੀ ਖੇਤਰ ਜਾਂ ਸਵੈ-ਰੋਜ਼ਗਾਰ ਕੇ ਕਾਬਲ ਬਣਾਇਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਾਰਚ, 2017 ਵਿੱਚ ਸੂਬੇ ਦੀ ਵਾਗਡੋਰ ਸੰਭਾਲਦਿਆਂ ਇਸ ਯੋਜਨਾ ਤਹਿਤ ਰੋਜ਼ਾਨਾ 1100 ਨੌਜਵਾਨਾਂ ਨੂੰ ਫਾਇਦਾ ਹੋ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਦੌਰਾਨ 8.8 ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਲ ਬਣਾਇਆ ਹੈ, ਜਦੋਂ ਕਿ 5.69 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਵਿਚ ਅਤੇ 58,258 ਸਰਕਾਰੀ ਖੇਤਰ ਵਿਚ ਨੌਕਰੀ ਮਿਲੀ।
ਨਾਰੀ ਸਸ਼ਕਤੀਕਰਨ ਲਈ ਇਕ ਵੱਡੀ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਬਾਲੜੀ ਦਿਵਸ ਮੌਕੇ ਮਹਿਲਾ ਸਸ਼ਕਤੀਕਰਨ ਲਈ ਇੱਕ ਵੱਡੀ ਪਹਿਲ ਕਰਦਿਆਂ ਸਮਾਜ ਨੂੰ ਬੱਚੀਆਂ ਦੀ ਆਜ਼ਾਦੀ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੜਕੀ ਬਾਲ ਲਿੰਗ ਅਨੁਪਾਤ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਮੀਨੀ ਪੱਧਰ ਦੀ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 2013-14 ਵਿੱਚ ਲਿੰਗ ਅਨੁਪਾਤ 890/1000 ਤੋਂ ਵੱਧ ਕੇ 2019-20 ਦੌਰਾਨ 920/1000 ਤੱਕ ਪੁੱਜ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਧੀਆਂ ਦੀ ਲੋਹੜੀ ਲਈ ਸਮਰਪਿਤ ਕਰਕੇ ਜਾਗਰੂਕਤਾ ਵੱਲ ਹੋਰ ਕਦਮ ਵਧਾਏ ਗਏ ਹਨ।
ਸ੍ਰੀ ਸਰਕਾਰੀਆ ਵੱਲੋਂ ਪੰਜਾਬ ਸਰਕਾਰ ਦੁਆਰਾ ਮਹਿਲਾ ਸਸ਼ਕਤੀਕਰਨ ਲਈ ਚੁੱਕੇ ਕਦਮਾਂ ਦੀ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 30 ਫੀਸਦੀ ਰਾਖਵਾਂਕਰਨ, ਪੰਚਾਇਤ ਅਤੇ ਸਥਾਨਕ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ, ਹਰੇਕ ਜ਼ਿਲ੍ਹੇ ਵਿੱਚ ਪੀੜਤ ਔਰਤਾਂ ਅਤੇ ਲੜਕੀਆਂ ਲਈ 'ਵਨ ਸਟਾਪ ਸੈਂਟਰ ਸਕੀਮ' ਸੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਔਰਤਾਂ ਲਈ 50 ਫੀਸਦੀ ਕਿਰਾਏ ਵਿੱਚ ਛੋਟ ਦੀ ਸਕੀਮ ਵੀ ਜਲਦ ਹੀ ਸੁਰੂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਇਸ ਮੌਕੇ ਵੱਖ ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਦੇ ਪੰਜ ਲਾਭਪਾਤਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਰਾਸ਼ਨ ਡਿਪੂ ਅਲਾਟਮੈਂਟ ਸਕੀਮ ਦੇ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੀ ਸੌਂਪੇ ਗਏ।
ਇਸ ਮੌਕੇ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।