You are here

‘ਧਾਰਮਿਕ ਮਾਮਲਿਆਂ ਵਿਚ ਆਰਐੱਸਐੱਸ ਦਾ ਦਖ਼ਲ ਬਰਦਾਸ਼ਤ ਨਹੀਂ’

ਐਸ.ਏ.ਐਸ. ਨਗਰ (ਮੁਹਾਲੀ), 5 ਫਰਵਰੀ ਪੰਥਕ ਅਕਾਲੀ ਲਹਿਰ ਅਤੇ ਸੰਤ ਸਮਾਜ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਧਰਮ ਦੇ ਨਾਂ ’ਤੇ ਸਿੱਖਾਂ ਨੂੰ ਗੁਮਰਾਹ ਕਰ ਕੇ ਰਾਜਨੀਤੀ ਦੇ ਖੇਤਰ ਵਿਚ ਖੁੱਸੀ ਸਿਆਸੀ ਜ਼ਮੀਨ ਤਿਆਰ ਕਰਨਾ ਚਾਹੁੰਦਾ ਹੈ, ਪਰ ਅਜਿਹੀ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ’ਚ ਆਰਐੱਸਐੱਸ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਅੱਜ ਮੁਹਾਲੀ ਵਿਚ ਪੰਥਕ ਅਕਾਲੀ ਲਹਿਰ ਅਤੇ ਸੰਤ ਸਮਾਜ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਵਿਚ ਪੰਜਾਬ ਦੇ ਹਾਲਾਤ ’ਤੇ ਚਰਚਾ ਕਰਦਿਆਂ ਬਾਬਾ ਬੇਦੀ ਅਤੇ ਭਾਈ ਰਣਜੀਤ ਸਿੰਘ ਨੇ ਪੰਥ ਦਰਦੀਆਂ ਨੂੰ ਇੱਕ ਮੰਚ ’ਤੇ ਇਕੱਤਰ ਕਰਨ ਅਤੇ ਜਥੇਬੰਦੀ ਦੇ ਵਿਸਥਾਰ ਲਈ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਹੁਣ ਤਕ ਪੰਜਾਬ ਦੇ ਵੱਖ ਵੱਖ ਸ਼ਹਿਰਾਂ ’ਚ ਲਗਭਗ 150 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਯੂਰੋਪ ਦੇ ਕਈ ਮੁਲਕਾਂ ਵਿਚ ਰਹਿੰਦੇ ਸਿੱਖਾਂ ਨਾਲ ਵੀ ਤਾਲਮੇਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਕਹਿ ਰਹੇ ਹਨ ਕਿ ਭਾਜਪਾ ਗੁਰਦੁਆਰਿਆਂ ਵਿਚ ਦਖ਼ਲ ਦੇ ਰਹੀ ਹੈ, ਜਦੋਂ ਮਨਜਿੰਦਰ ਸਿੰਘ ਸਿਰਸਾ ਬਤੌਰ ਭਾਜਪਾ ਵਿਧਾਇਕ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਬਣੇ ਸਨ, ਇਹ ਘੁਸਪੈਠ ਉਦੋਂ ਹੀ ਸ਼ੁਰੂ ਹੋ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਵੱਲੋਂ ਆਪਣੀ ਨੂੰਹ ਨੂੰ ਕੇਂਦਰੀ ਮੰਤਰੀ ਬਣਾਉਣ ਲਈ ਅਜਿਹਾ ਕੀਤਾ ਗਿਆ ਹੈ। ਇਸ ਮੌਕੇ ਬਾਬਾ ਭੋਲਾ ਸਿੰਘ ਭਿੰਡਰ ਕਲਾਂ, ਬਾਬਾ ਫ਼ੌਜਾ ਸਿੰਘ ਸੁਭਾਨਾ ਵਾਲੇ, ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਆਦਿ ਹਾਜ਼ਰ ਸਨ।