ਅੱਜ ਵਿਕਾਸ ਕਾਰਜਾਂ ਸਬੰਧੀ ਮਹੀਨਾਂਵਾਰ ਮੀਟਿੰਗ ਆਯੋਜਿਤ
ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਮੂਹ ਨਗਰ ਕੌਂਸਲਾਂ/ਕਮੇਟੀਆਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ (ਈ.ਓ.), ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਹੋਰ ਅਮਲੇ ਨੂੰ ਇਹ ਹਦਾਇਤ ਕਰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ (ਯੂ.ਸੀਜ਼) ਜਮ੍ਹਾਂ ਕਰਵਾਏ ਜਾਣ, ਤਾਂ ਜੋ ਇਹ ਸਰਟੀਫਿਕੇਟ ਸਮੇਂ ਸਿਰ ਸੂਬਾ ਸਰਕਾਰ ਕੋਲ ਜਮ੍ਹਾ ਕਰਵਾਏ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਇਹ ਗੱਲ ਅੱਜ ਸਥਾਨਕ ਬਚਤ ਭਵਨ ਵਿਖੇ ਸਮੂਹ ਸਰਕਾਰੀ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਵਿਕਾਸ ਲਈ ਅਲਾਟ ਕੀਤੇ ਗਏ ਫੰਡਾਂ ਦਾ ਇੱਕ-ਇੱਕ ਪੈਸਾ ਆਮ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਵਿਕਾਸ ਕਾਰਜਾਂ ਦੇ ਟੀਚੇ ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ ਅਤੇ ਵਿਕਾਸ ਲਈ ਦਿੱਤੇ ਫੰਡ ਕਿਸੇ ਵੀ ਕੀਮਤ 'ਤੇ ਲੈਪਸ ਨਹੀਂ ਹੋਣੇ ਚਾਹੀਦੇ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਜਾਵੇ ਅਤੇ ਇਸ ਮੰਤਵ ਲਈ ਜ਼ਿਲ੍ਹੇ ਵਿੱਚ ਜਾਗਰੂਕਤਾ ਕੈਂਪ ਵੀ ਲਗਾਏ ਜਾਣ।
ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਗਲਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਨਤਕ ਪੈਸੇ ਦੀ ਸਰਬੋਤਮ ਵਰਤੋਂ ਹੋਣੀ ਚਾਹੀਦੀ ਹੈ।