ਚੰਡੀਗਡ਼੍ਹ, ਮਈ-( ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਨੇ ਲੋਕ ਸਭਾ ਚੋਣਾਂ ’ਚ ਅਸਫ਼ਲਤਾ ਹੱਥ ਲੱਗਣ ਦੀ ਸੂਰਤ ’ਚ ਇਸ ਦਾ ਠੀਕਰਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਸਿਰ ਭੰਨ੍ਹਣ ਦੀ ਤਿਆਰੀ ਕਰ ਲਈ ਹੈ। ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਚਾਰ ਕੈਬਨਿਟ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਿੱਧੂ ਦੀ ਬਿਆਨਬਾਜ਼ੀ ਨੇ ਕਾਂਗਰਸ ਦੇ ਅਕਸ ਨੂੰ ਧੁੰਦਲਾ ਕੀਤਾ ਹੈ ਤੇ ਚੋਣਾਂ ਵਿਚ ਨੁਕਸਾਨ ਪਹੁੰਚਾਇਆ ਹੈ।
ਪੰਜਾਬ ਕਾਂਗਰਸ ਦੀ ਚੋਣ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਸਿੱਧੁੂ ਨੇ ਵੋਟਾਂ ਪੈਣ ਤੋਂ ਦੋ ਦਿਨ ਪਹਿਲਾਂ ਬੇਲੋਡ਼ੀ ਅਤੇ ਬੇਮੌਕਾ ਬਿਆਨਬਾਜ਼ੀ ਕੀਤੀ ਜਿਸ ਨਾਲ ਪਾਰਟੀ ਨੂੰ ਨੁਕਸਾਨ ਪਹੁੰਚਿਆ ਹੈ। ਇਸ ਬਿਆਨਬਾਜ਼ੀ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਨੂੰ ਪਾਰਟੀ ਵਿਚ ਸ਼ਾਮਲ ਹੋਇਆਂ ਨੂੰ 27-28 ਮਹੀਨੇ ਹੋ ਗਏ ਹਨ ਤੇ ਉਹ ਅਜੇ ਕਾਂਗਰਸ ਪਾਰਟੀ ਦੇ ਸਭਿਆਚਾਰ ਵਿਚ ਢਲ ਨਹੀਂ ਸਕੇ ਤੇ ਇਸੇ ਕਰਕੇ ਅਜਿਹੀ ਬਿਆਨਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ‘ਦੋਸਤਾਨਾ ਮੈਚ’ ਨਹੀਂ ਹੈ ਤੇ ਕਾਂਗਰਸ ਬੇਅਦਬੀ ਦੇ ਮਾਮਲਿਆਂ ਬਾਰੇ ਪੂਰੀ ਗੰਭੀਰਤਾ ਨਾਲ ਕਾਰਵਾਈ ਕਰ ਰਹੀ ਹੈ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਵੀ ਗਈ ਹੈ। ਹੋਰ ਜਿਹਡ਼ੇ ਵੀ ਜ਼ਿੰਮੇਵਾਰ ਜਾਂਚ ਵਿਚ ਸਾਹਮਣੇ ਆ ਜਾਣਗੇ, ਉਨ੍ਹਾਂ ਵਿਰੁੱਧ ਵੀ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਬਿਆਨਬਾਜ਼ੀ ਤੋਂ ਬਾਅਦ ਸੂਬੇ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਜੇਕਰ ਕੋਈ ਸੀਟ ਵਿਰੋਧੀ ਪਾਰਟੀਆਂ ਨੂੰ ਜਾਵੇਗੀ ਤਾਂ ਉਸ ਦੇ ਜ਼ਿੰਮੇਵਾਰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਹੋਣਗੇ। ਇਹ ਪੁੱਛੇ ਜਾਣ ’ਤੇ ਕੀ ਉਨ੍ਹਾਂ ਵਿਰੁੱਧ ਕਾਰਵਾਈ ਕੌਣ ਕਰੇਗਾ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਹੀ ਕਰਨਗੇ। ਸੀਨੀਅਰ ਆਗੂ ਨੇ ਕਿਹਾ ਕਿ ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕ ਹਨ ਤੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਵਿਚ ਪੂਰੇ ਦੇਸ਼ ਵਿਚ ਪ੍ਰਚਾਰ ਕਰਕੇ ਬਹੁਤ ਵੱਡੀ ਜ਼ਿੰਮੇਵਾਰੀ ਨਿਭਾਈ ਹੈ ਤੇ ਇਸ ਲਈ ਉਨ੍ਹਾਂ ਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਸੀ। ਉਹ ਆਪਣੀ ਗੱਲ ਬਠਿੰਡਾ ਚੋਣ ਰੈਲੀ ਵਿਚ ਕਹਿਣ ਦੀ ਬਜਾਏ ਪਾਰਟੀ ਦੇ ਹੋਰ ਅਦਾਰਿਆਂ ਵਿਚ ਕਹਿ ਸਕਦੇ ਸਨ। ਇਹ ਪੁੱਛੇ ਜਾਣ ’ਤੇ ਕਿ ਕੀ ਉਹ ਇਸ ਸਬੰਧੀ ਕੋਈ ਰਿਪੋਰਟ ਕਾਂਗਰਸ ਹਾਈ ਕਮਾਂਡ ਨੂੰ ਭੇਜਣਗੇ ਤਾਂ ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਪੰਜਾਬ ਪ੍ਰ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖਡ਼ ਦੀ ਹੈ।