You are here

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ

ਡੀ.ਸੀ. ਵੱਲੋਂ ਵਿਭਾਗਾਂ ਨੂੰ ਹਫਤਾਵਾਰੀ ਟੀਚੇ ਨਿਰਧਾਰਤ, ਵਿਕਾਸ ਪ੍ਰੋਜੈਕਟ ਸਮੇਂਂ ਸਿਰ ਹੋਣ ਮੁਕੰਮਲ

ਪੰਜਾਬ ਸਰਕਾਰ ਵੱਲੋਂ ਸ਼ੁਰੂ ਵਿਕਾਸ ਕਾਰਜ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵਿਕਾਸ ਯੋਜਨਾਵਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਹਫਤਾਵਾਰੀ ਟੀਚੇ ਨਿਰਧਾਰਤ ਕੀਤੇ ਗਏ, ਜਿਨ੍ਹਾਂ ਦਾ ਉਹ ਖੁਦ ਨਿਰੀਖਣ ਕਰਨਗੇ।

ਡਿਪਟੀ ਕਮਿਸ਼ਨਰ ਵੱਲੋਂ ਅੱਜ ਸਥਾਨਕ ਬਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਪੂਰਾ ਕਰਨ ਅਤੇ ਵਿਕਾਸ ਕਾਰਜਾਂ ਲਈ ਪ੍ਰਾਪਤ ਹੋਏ ਫੰਡਾਂ ਲਈ ਵਰਤੋਂ ਸਰਟੀਫਿਕੇਟ (ਯੂ.ਸੀਜ.) ਜਮ੍ਹਾ ਕਰਵਾਉਣ।

ਉਨ੍ਹਾਂ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਪੰਚਾਇਤੀ ਫੰਡਾਂ, ਵਿੱਤ ਕਮਿਸ਼ਨ ਫੰਡਾਂ ਅਤੇ ਪੇਂਡੂ ਵਿਕਾਸ ਫੰਡਾਂ ਵਾਲੇ ਪ੍ਰਾਜੈਕਟਾਂ ਨੂੰ ਸਮਾਂ ਸੀਮਾ ਦੇ ਅੰਦਰ-ਅੰਦਰ ਮੁਕੰਮਲ ਕਰਨ ਦੀ ਘੋਸ਼ਣਾ ਕਰਦਿਆਂ ਇਹ ਐਲਾਨ ਕੀਤਾ ਕਿ ਉਹ ਇਨ੍ਹਾਂ ਕੰਮਾਂ ਦੀ ਪ੍ਰਗਤੀ ਬਾਰੇ ਖੁਦ ਹਫ਼ਤਾਵਾਰੀ ਸਮੀਖਿਆ ਕਰਨਗੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਹਫਤਾਵਾਰੀ ਟੀਚੇ ਵੀ ਤੈਅ ਕੀਤੇ ਤਾਂ ਜੋ ਬਕਾਇਆ ਕੰਮ ਨਿਰਧਾਰਤ ਸਮੇਂ ਵਿੱਚ ਪੂਰੇ ਕੀਤੇ ਜਾ ਸਕਣ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਖ ਵੱਖ ਯੋਜਨਾਵਾਂ ਅਧੀਨ ਚੱਲ ਰਹੇ ਕੰਮਾਂ ਦੀ ਰਫਤਾਰ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਪੇਂਡੂ ਅਤੇ ਸ਼ਹਿਰੀ ਵਸਨੀਕਾਂ ਨੂੰ ਆ ਰਹੀਆਂ ਮੁਸ਼ਿਕਲਾਂ ਤੋ ਨਿਜਾਤ ਮਿਲ ਸਕੇ।

ਉਨ੍ਹਾਂ ਕਿਹਾ ਕਿ ਕਾਰਜ ਕੁਸ਼ਲਤਾ ਨੂੰ ਵਧਾਉਣਾ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਵਿਕਾਸ ਵਿੱਚ ਵੀ ਤੇਜ਼ੀ ਆਵੇਗੀ।

ਇਸ ਤੋਂ ਪਹਿਲਾਂ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਅੱਡੀ-ਚੋਟੀ ਦਾ ਜ਼ੋਰ ਲਗਾਉਣ ਦੇ ਵੀ ਨਿਰਦੇਸ਼ ਦਿੱਤੇ।

ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਕੰਮ ਵਿਚ ਕਿਸੇ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚੱਲ ਰਹੇ ਕਾਰਜ਼ਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਕ ਪ੍ਰਮੁੱਖ ਰਣਨੀਤੀ ਅਪਨਾਉਣ ਲਈ ਕਿਹਾ ਤਾਂ ਜੋ ਇਹ ਸੁਨਿਸਚਿਤ ਕੀਤਾ ਜਾ ਸਕੇ ਕਿ ਸਾਰੇ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਮਿਲ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜਾ ਲਿਆ ਜਿਸ ਵਿੱਚ ਸਮਾਰਟ ਵਿਲੇਜ ਮੁਹਿੰਮ, ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ, ਬਸੇਰਾ, ਜਲ ਜੀਵਨ ਮਿਸ਼ਨ, ਸਮਾਜਿਕ ਸੁਰੱਖਿਆ ਯੋਜਨਾਵਾਂ, ਪੇਂਡੂ ਤਬਦੀਲੀ, ਮਹਿਲਾ ਸਸ਼ਕਤੀਕਰਣ ਯੋਜਨਾਵਾਂ, ਮਿਸ਼ਨ ਤੰਦਰੁਸਤ ਪੰਜਾਬ ਅਤੇ ਹੋਰ ਸ਼ਾਮਲ ਹਨ।

ਇਸ ਮੌਕੇ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਨਗਰ ਨਿਗਮ ਕਮਿਸ਼ਨਰ ਸ. ਰਿਸ਼ੀਪਾਲ ਸਿੰਘ, ਡੀ.ਡੀ.ਐਲ.ਜੀ. ਸ੍ਰੀ ਅਮਿਤ ਬੈਂਂਬੀ ਅਤੇ ਹੋਰ ਹਾਜ਼ਰ ਸਨ।