You are here

ਅਧਿਕਾਰੀ ਤੰਦਰੁਸਤ ਪੰਜਾਬ ਮਿਸ਼ਨ ਨੂੰ ਲੁਧਿਆਣਾ ਵਿਖੇ ਪ੍ਰਭਾਵੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ - ਡੀ.ਸੀ.

-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵੱਖ-ਵੱਖ ਵਿਭਾਗਾਂ ਨੂੰ ਰੋਜ਼ਾਨਾ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰਿਪੋਰਟ ਭੇਜਣ ਦੀ ਕੀਤੀ ਹਦਾਇਤ

ਲੁਧਿਆਣਾ,  ਮਾਰਚ 2021( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ ) -

ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ 'ਤੰਦਰੁਸਤ ਪੰਜਾਬ' ਮਿਸ਼ਨ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਯਕੀਨੀ ਬਣਾਉਣ। ਇਸ ਦਾ ਉਦੇਸ਼ ਰਾਜ ਦੀ ਹਵਾ ਵਿੱਚ ਸ਼ੁਧਤਾ, ਪਾਣੀ ਦੀ ਗੁਣਵੱਤਾ ਅਤੇ ਪੌਸ਼ਟਿਕ ਭੋਜਨ ਮੁਹੱਈਆਂ ਕਰਵਾਉਣਾ ਹੈ।

ਸਿਹਤ, ਖੇਤੀਬਾੜੀ, ਆਵਾਜਾਈ, ਬਾਗਵਾਨੀ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਹਿਕਾਰੀ, ਖੇਡ, ਜੰਗਲਾਤ ਵਿਭਾਗ ਅਤੇ ਦਸੂਰੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੋਇਆ ਸ਼੍ਰੀ ਸ਼ਰਮਾ ਨੇ ਕਿਹਾ ਕਿ ਹਰ ਵਿਭਾਗ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਰੋਜਾਨਾ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਰਿਪੋਰਟ ਸ਼ਾਮ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਭੇਜਣਾ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਲਾਭ ਜ਼ਮੀਨੀ ਪੱਧਰ 'ਤੇ ਹੋਣਾ ਚਾਹੀਦਾ ਹੈ ਤਾਂ ਜੋ ਇਸ ਮੁਹਿੰਮ ਨੂੰ ਵੱਡੀ ਸਫਲਤਾ ਮਿਲ ਸਕੇ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਸਰੋਤਾਂ ਰਾਹੀਂ ਖਾਣੇ ਵਿੱਚ ਮਿਲਾਵਟ ਅਤੇ ਗੈਰ ਕੁਦਰਤੀ ਢੰਗ ਨਾਲ ਪਕਾਏ ਜਾਣ ਵਾਲੇ ਫੱਲ ਅਤੇ ਸਬਜ਼ੀਆਂ ਜੋ ਮੁਨੱਖੀ ਸਿਹਤ ਲਈ ਹਾਨੀਕਾਰਕ ਹਨ, 'ਤੇ ਪੂਰੀ ਨਜ਼ਰ ਰੱਖਣ ਅਤੇ ਰੋਜ਼ਾਨਾ ਦੀ ਛਾਪੇਮਾਰੀ ਜਾਰੀ ਰੱਖਣ। ਇਸ ਤੋਂ ਇਲਾਵਾ ਉਨ੍ਹਾ ਲਗਾਤਾਰ ਪਾਣੀ ਦੇ ਨਮੂਨੇ ਲੈਣ ਲਈ ਵੀ ਕਿਹਾ।

ਉਨ੍ਹਾ ਖੇਤੀਬਾੜੀ ਵਿਭਾਗ ਨੂੰ ਨਕਲੀ ਕੀਟਨਾਸ਼ਕਾਂ ਅਤੇ ਘਟੀਆ ਕੁਆਲਟੀ ਖਾਦਾਂ ਦੇ ਵਿਰੁੱਧ ਜਾਂਚ ਤੇਜ਼ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਹਵਾ ਅਤੇ ਆਵਾਜ਼ ਪ੍ਰਦੂਸ਼ਣ 'ਤੇ ਠੱਲ ਪਾਉਣ ਲਈ ਲਗਾਤਾਰ ਬੱਸਾ ਤੇ ਵਾਹਨਾਂ ਦੇ ਪ੍ਰਦੂਸ਼ਣ, ਪ੍ਰੈਸ਼ਰ ਹਾਰਨਾਂ ਦੀ ਜਾਂਚ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ।

ਸ਼੍ਰੀ ਸ਼ਰਮਾ ਨੇ ਕਿਹਾ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਸਾਰੇ ਵਿਭਾਗ ਇੱਕ ਜੁਟ ਹੋ ਕੇ ਕੰਮ ਕਰਨ ਤਾਂ ਜੋ ਇਸ ਮੁਹਿੰਮ ਨੂੰ ਸਫਲਤਾ ਮਿਲ ਸਕੇ।

ਇਸ ਮੌਕੇ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।