-ਕਿਹਾ! ਇਹ ਪ੍ਰਾਜੈਕਟ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣਗੇ
ਲੁਧਿਆਣਾ, ਮਾਰਚ 2021 (ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ ) -
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੁਰੰਤ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਈ ਕਰੋੜਾਂ ਰੁਪਏ ਦੇ ਪ੍ਰਾਜੈਕਟ ਚੱਲ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਵਿਕਾਸ ਪ੍ਰਾਜੈਕਟ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ,ਲੋਕ ਨਿਰਮਾਣ ਵਿਭਾਗ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ,ਖੇਡਾਂ,ਸਿਹਤ,ਨਗਰ ਨਿਗਮ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਹਨ,ਜੋ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਬੇਹੱਦ ਲੋੜੀਂਦਾ ਹੁਲਾਰਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਡੇ ਪੱਧਰ'ਤੇ ਸਹੂਲਤਾਂ ਦੇਣ ਲਈ ਅਧਿਕਾਰੀ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ ਨੂੰ ਪਹਿਲ ਦੇਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਿਭਾਗੀ ਮੁਖੀਆਂ ਨੂੰ ਵੀ ਵਿਕਾਸ ਕਾਰਜਾਂ ਦੇ ਜਲਦ ਤੋਂ ਜਲਦ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਦਾ ਇਕੋ-ਇਕ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਇਨ੍ਹਾਂ ਦਾ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਦੇ ਮੁਕੰਮਲ ਹੋਣ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਕੰਮ ਮੁਕੰਮਲ ਕਰਨ ਅਤੇ ਇਸ ਸਬੰਧੀ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵਿਕਾਸ ਕਾਰਜਾਂ ਲਈ ਨਵੀਂ ਗ੍ਰਾਂਟ ਜਾਰੀ ਕੀਤੀ ਜਾ ਸਕੇ।
ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਵਿਕਾਸ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪ੍ਰਾਜੈਕਟ ਨਿਸ਼ਚਤ ਸਮੇਂ'ਤੇ ਮੁਕੰਮਲ ਕੀਤੇ ਜਾ ਸਕਣ।
ਉਨ੍ਹਾਂ ਕਿਹਾ ਕਿ15ਦਿਨਾਂ ਦੇ ਅੰਦਰ-ਅੰਦਰ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ ਵਿੱਚ ਅਸਫ਼ਲ ਰਹਿਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।