You are here

ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ,ਅਪ੍ਰੈਲ 2021-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- 

 ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲ਼ੀਕਾਂਡ ਮਾਮਲੇ ’ਚ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਪੰਜਾਬ ਵਜ਼ਾਰਤ ਦੀ ਹੋਈ ਮੀਟਿੰਗ ’ਚ ਵੱਡਾ ਰਾਜਸੀ ਧਮਾਕਾ ਹੋਇਆ ਹੈ। ਮੀਟਿੰਗ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਖ਼ੂਬ ਤਲਖ਼ੀ ਹੋਣ ਦੀ ਖ਼ਬਰ ਹੈ। ਸੂਤਰ ਦੱਸਦੇ ਹਨ ਕਿ ਤਿੰਨੋਂ ਨੇਤਾਵਾਂ ਵਿਚ ਜਦੋਂ ਭਖਵੀਂ ਬਹਿਸ ਹੋਈ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਅਸਤੀਫ਼ਾ ਦੇ ਦਿੱਤਾ। ਭਾਵੇਂ ਕਿ ਮੁੱਖ ਮੰਤਰੀ ਨੇ ਦੋਵੇਂ ਆਗੂਆਂ ਦਾ ਅਸਤੀਫ਼ਾ ਉਸੇ ਵਕਤ ਪਾੜ ਕੇ ਸੁੱਟ ਦਿੱਤਾ ਪਰ ਵੱਡੀ ਗੱਲ ਇਹ ਹੈ ਕਿ ਦੋਵਾਂ ਆਗੂਆਂ ਨੂੰ ਅਸਤੀਫ਼ਾ ਦੇਣ ਦੀ ਨੌਬਤ ਕਿਉਂ ਆਈ।

ਸੂਤਰ ਦੱਸਦੇ ਹਨ ਕਿ ਮੀਟਿੰਗ ਵਿਚ ਕੋਟਕਪੂਰਾ ਕਾਂਡ ਨੂੰ ਲੈ ਕੇ ਹਾਈ ਕੋਰਟ ਦੇ ਫ਼ੈਸਲੇ ’ਤੇ ਜਦੋਂ ਗੱਲਬਾਤ ਹੋਈ ਤਾਂ ਕਈ ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਕਿਸ ਦੀ ਸਿਫ਼ਾਰਸ਼ ’ਤੇ ਮੈਂਬਰ ਲਾਇਆ ਗਿਆ, ਜਦੋਂ ਕਿ ਉਨ੍ਹਾਂ ਤੋਂ ਹੋਰ ਵੀ ਸੀਨੀਅਰ ਅਧਿਕਾਰੀ ਸਨ। ਦੱਸਿਆ ਜਾਂਦਾ ਹੈ ਕਿ ਮੰਤਰੀਆਂ ਨੇ ਬਾਕੀ ਚਾਰ ਮੈਂਬਰਾਂ ਵੱਲੋਂ ਜਾਂਚ ਪੜਤਾਲ ’ਤੇ ਦਸਤਖ਼ਤ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਸਹੀ ਜਾਣਕਾਰੀ ਨਾ ਦੇਣ ’ਤੇ ਮੀਟਿੰਗ ’ਚ ਹੰਗਾਮਾ ਹੋ ਗਿਆ। ਮੁੱਖ ਮੰਤਰੀ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਲਾਉਣ ਲਈ ਜਦੋਂ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਲਿਆ ਤਾਂ ਰੰਧਾਵਾ ਭੜਕ ਗਏ। ਦੱਸਿਆ ਜਾਂਦਾ ਹੈ ਕਿ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਬਾਕੀ ਚਾਰ ਮੈਂਬਰਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ ਅਤੇ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਕਿਉਂ ਪ੍ਰਵਾਨ ਕੀਤਾ ਗਿਆ ਹੈ। ਇਹ ਵੀ ਕਿਹਾ ਗਿਆ ਕਿ ਜਦੋਂ ਕੰੁਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਪੁੱਜ ਗਿਆ ਸੀ ਤਾਂ ਉਨ੍ਹਾਂ ਨੂੰ ਰਾਜਪਾਲ ਕੋਲ ਜਾਣ ਦਾ ਮੌਕਾ ਕਿਉਂ ਦਿੱਤਾ ਗਿਆ। ਦੱਸਿਆ ਜਾਂਦਾ ਹੈ ਹਾਈ ਕੋਰਟ ਵੱਲੋਂ ਰੱਦ ਕੀਤੀ ਰਿਪੋਰਟ ਦੇ ਮਾਮਲੇ ਵਿਚ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਇਸ ਤੋਂ ਆਪਣਾ ਪਿੱਛਾ ਛੁਡਾ ਲਿਆ। ਅਤੁਲ ਨੰਦਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧ ਵਿਚ ਕੋਈ ਫਾਈਲ ਨਹੀਂ ਦਿਖਾਈ ਗਈ।