2 ਲੱਖ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ 'ਚ ਨਹੀਂ ਪੈਣ ਦਿਆਂਗੇ : ਕਲੇਰ
ਜਗਰਾਉਂ 7 ਜੂਨ ( ਅਮਿਤ ਖੰਨਾ) ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੇ 1850 ਕਰੋੜ ਦੀ ਅਦਾਇਗੀ ਨਾਂ ਕਰਨ ਕਰਕੇ ਜੁਆਇੰਟ ਐਸੋਸੀਏਸ਼ਨ ਆਫ ਕਾਲਜ ( ਜੈਕ ) ਵਲੋਂ 2 ਲੱਖ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਰੋਲ ਨੰਬਰ ਰੋਕਣ ਦੇ ਫ਼ੈਸਲੇ ਦਾ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਸ੍ਰੀ ਐਸ ਆਰ ਕਲੇਰ ਨੇ ਸਖ਼ਤ ਨੋਟਿਸ ਲਿਆ ਹੈ।ਸ੍ਰੀ ਕਲੇਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਵੱਡੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ 1850 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ,ਪ੍ਰੰਤੂ ਪੰਜਾਬ ਸਰਕਾਰ ਵਲੋਂ ਉਸ ਪੈਸੇ ਦੀ ਜੈਕ ਨੂੰ ਅਦਾਇਗੀ ਨਾਂ ਕਰਨ ਕਰਕੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪੈ ਗਿਆ ਹੈ।ਸ੍ਰੀ ਕਲੇਰ ਨੇ ਪੰਜਾਬ ਸਰਕਾਰ ਦੀ ਇਸ ਅਣਗਹਿਲੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਸਰਕਾਰ ਸਾਜਿਸ਼ ਤਹਿਤ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਐਜੂਕੇਸ਼ਨ ਤੋਂ ਦੂਰ ਰੱਖਣਾਂ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰਾਂ ਜੁਆਇੰਟ ਐਸੋਸੀਏਸ਼ਨ ਆਫ ਕਾਲਜ ( ਜੈਕ )ਵਲੋਂ ਵਿਦਿਆਰਥੀਆਂ ਨੂੰ ਰੋਲ ਨੰਬਰ ਜ਼ਾਰੀ ਕਰਨ 'ਤੇ ਰੋਕ ਲਾ ਦਿੱਤੀ ਹੈ , ਉਸ ਨਾਲ ਵਿਦਿਆਰਥੀ ਪ੍ਰੀਖਿਆ ਹਾਲ ਅੰਦਰ ਪ੍ਰਵੇਸ਼ ਨਹੀਂ ਕਰ ਸਕਦੇ ਤੇ ਉਨ੍ਹਾਂ ਨੂੰ ਤਿੰਨ ਸਾਲ ਦੇ ਸਮੇਂ ਦਾ ਵੱਡਾ ਘਾਟਾ ਪਵੇਗਾ। ਸ੍ਰੀ ਕਲੇਰ ਨੇ ਕਿਹਾ ਕਿ ਸ਼ਿਰੋਮਣੀ ਅਕਾਲੀ ਦਲ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਸਮਾਂ ਰਹਿੰਦੇ ਇਸ ਮਾਮਲੇ ਪ੍ਰਤੀ ਗੰਭੀਰਤਾ ਨਾਲ ਵਿਚਾਰ ਕਰਕੇ ਫੈਸਲਾ ਲੈਣ, ਨਹੀਂ ਉਹ ਇਸ ਮਾਮਲੇ 'ਤੇ ਵੱਡਾ ਸੰਘਰਸ਼ ਵਿੱਢਣਗੇ।ਸ੍ਰੀ ਕਲੇਰ ਨੇ ਵਿਦਿਆਰਥੀ ਵਰਗ ਨੂੰ ਆਪਣੇ ਨਾਲ ਹੁੰਦੀ ਇਸ ਜ਼ਿਆਦਤੀ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ।ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜੈਕ ਨੂੰ ਜਲਦ 1850 ਕਰੋੜ ਦੀ ਰਾਸ਼ੀ ਜ਼ਾਰੀ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਤਾਂ ਸ਼ਿਰੋਮਣੀ ਅਕਾਲੀ ਦਲ ਵਲੋਂ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ।