You are here

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ  

ਜਥੇਦਾਰ ਵੱਲੋਂ ਸਿੱਖ ਸੰਸਥਾਵਾਂ ਖ਼ਿਲਾਫ਼ ਕੂੜ ਪ੍ਰਚਾਰ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਦੀ ਸਲਾਹ

ਅੰਮ੍ਰਿਤਸਰ, 2 ਜੁਲਾਈ  (ਗੁਰੂਦੇਵ ਗ਼ਾਲਿਬ ) 

 ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ’ਤੇ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸਿੱਖੀ ਸਿਧਾਂਤਾਂ, ਪ੍ਰੰਪਰਾਵਾਂ ਤੇ ਰਵਾਇਤਾਂ ਦੀ ਪਹਿਰੇਦਾਰੀ ਕਰਨ ਲਈ ਪ੍ਰੇਰਿਆ ਅਤੇ ਸਿੱਖ ਸੰਸਥਾਵਾਂ ਖ਼ਿਲਾਫ਼ ਕੇ ਕੂੜ ਪ੍ਰਚਾਰ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਆਪਸੀ ਮਸਲੇ ਕਿਸੇ ਵੀ ਤਰ੍ਹਾਂ ਦੇ ਹੋਣ, ਉਨ੍ਹਾਂ ਦਾ ਹੱਲ ਆਪਸ ਵਿੱਚ ਮਿਲ ਬੈਠ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਕੀਤੀ ਸੀ। ਇਥੋਂ ਹਮੇਸ਼ਾ ਹੱਕ ਸੱਚ ਦੀ ਆਵਾਜ਼ ਬੁਲੰਦ ਹੁੰਦੀ ਰਹੀ ਹੈ। ਇਸੇ ਕਾਰਨ ਸਮੇਂ ਦੀਆਂ ਹਕੂਮਤਾਂ ਇਸ ਨੂੰ ਨਿਸ਼ਾਨਾ ਬਣਾਉਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਕੌਮ ਦੀਆਂ ਇਨ੍ਹਾਂ ਮਹਾਨ ਸੰਸਥਾਵਾਂ ਵਿਰੁੱਧ ਹਮਲੇ ਨੇ ਨਵਾਂ ਰੂਪ ਅਖ਼ਤਿਆਰ ਕਰ ਲਿਆ ਹੈ, ਜਿਸ ਤਹਿਤ ਵਿਰੋਧੀ ਸ਼ਕਤੀਆਂ ਹਰ ਛੋਟੀ-ਛੋਟੀ ਗੱਲ ਨੂੰ ਨਾਕਾਰਾਤਮਕ ਢੰਗ ਨਾਲ ਪੇਸ਼ ਕਰ ਕੇ ਸੰਸਥਾਵਾਂ ਨੂੰ ਢਾਹ ਲਗਾਉਣ ਦੇ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੀਆਂ ਮਹਾਨ ਰਵਾਇਤਾਂ ਅਤੇ ਕੀਤੇ ਜਾਂਦੇ ਕਾਰਜਾਂ ਨੂੰ ਸੋਸ਼ਲ ਮੀਡੀਆ ਉੱਤੇ ਉਭਾਰਨ ਲਈ ਸਿੱਖ ਸੰਗਤ ਅੱਗੇ ਆਵੇ ਅਤੇ ਨਾਕਾਰਾਤਮਕ ਪ੍ਰਚਾਰ ਦਾ ਜਵਾਬ ਦੇਵੇ। ਉਨ੍ਹਾਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਪਹਿਲੇ ਹਮਲੇ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮ ਦੀ ਸ਼ਲਾਘਾ ਕੀਤੀ।

ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਵੀ ਸੰਬੋਧਨ ਕੀਤਾ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਮਾਗਮ ਵਿਚ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ।