ਲੁਧਿਆਣਾ/ਜਗਰਾਉਂ, 07 ਜੁਲਾਈ (ਅਮਿਤ ਖੰਨਾ ) - ਸੰਯੁਕਤ ਪੁਲਿਸ ਕਮਿਸ਼ਨਰ ਜੇ.ਐਲਨਚੇਜ਼ੀਅਨ ਵੱਲੋਂ ਅੱਜ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੁਲਿਸ ਲਾਈਨ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।ਵਧੀਕ ਡਿਪਟੀ ਕਮਿਸ਼ਨਰ ਪੁਲਿਸ-1 ਡਾ. ਪ੍ਰੱਗਿਆ ਜੈਨ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਡਾ. ਹਰਜਿੰਦਰ ਸਿੰਘ ਬੇਦੀ ਦੇ ਨਾਲ ਸ੍ਰੀ ਜੇ.ਐਲਨਚੇਜ਼ੀਅਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੁਧਿਆਣਾ ਸ਼ਹਿਰ ਨੂੰ ਹਰਾ-ਭਰਾ ਬਣਾਉਣ ਲਈ ਲੋਕਾਂ ਨੂੰ ਸ਼ਹਿਰ ਵਿੱਚ ਵੱਧ ਤੋਂ ਵੱਧ ਪੌਦੇ ਲਗਾ ਕੇ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ 'ਤੇ ਬੂਟੇ ਲਗਾ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਵਾਤਾਵਰਣ ਦੀ ਰੱਖਿਆ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਵਾ, ਪਾਣੀ ਅਤੇ ਮਿੱਟੀ ਦੇ ਪ੍ਰਦੂਸ਼ਣ ਦੇ ਪੱਧਰਾਂ ਵਿੱਚ ਬਾਕਾਇਦਾ ਵਾਧਾ ਹੁੰਦਾ ਹੈ ਅਤੇ ਰੁੱਖ ਪ੍ਰਦੂਸ਼ਿਤ ਤੱਤਾਂ ਨੂੰ ਘਟਾ ਕੇ ਸਾਡੇ ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ।ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਦਾ ਉਦੇਸ਼ ਸਵੱਛ ਹਵਾ, ਪਾਣੀ ਅਤੇ ਜੰਗਲਾਂ ਦੇ ਕਵਰ ਨੂੰ ਵਧਾਉਣਾ ਹੈ ਜਿਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਥੋਂ ਤੱਕ ਕਿਹਾ ਕਿ ਕੋਈ ਵੀ ਵਿਅਕਤੀ ਆਈ-ਹਰਿਆਲੀ ਐਪ ਰਾਹੀਂ ਜੰਗਲਾਤ ਵਿਭਾਗ ਤੋਂ ਮੁਫ਼ਤ ਬੂਟੇ ਪ੍ਰਾਪਤ ਕਰ ਸਕਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਇੱਕ-ਇੱਕ ਪੌਦਾ ਅਪਨਾਉਣਾ ਚਾਹੀਦਾ ਹੈ ਅਤੇ ਬੂਟੇ ਦੀ ਸਹੀ ਸੰਭਾਲ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।ਇਸ ਮੌਕੇ ਪ੍ਰਮੁੱਖ ਤੌਰ 'ਤੇ ਸਹਾਇਕ ਕਮਿਸ਼ਨਰ ਪੁਲਿਸ ਸ੍ਰੀ ਜੰਗ ਬਹਾਦਰ ਜ਼ਿਲ੍ਹਾ ਜੰਗਲਾਤ ਅਫਸਰ ਸ. ਹਰਭਜਨ ਸਿੰਘ ਅਤੇ ਹੋਰ ਸ਼ਾਮਲ ਸਨ।