ਐੱਸ.ਜੀ.ਪੀ.ਸੀ ਦੀਆਂ ਚੋਣਾਂ ਕਰਵਾਉਣ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਬਾਰੇ ਐੱਸ.ਜੀ.ਪੀ.ਸੀ ਮੈਂਬਰਾਂ ਤੇ ਸਾਬਕਾ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ
ਚੰਡੀਗੜ੍ਹ, 4 ਅਕਤੂਬਰ 2021(ਜਨ ਸ਼ਕਤੀ ਨਿਊਸ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ ਚੋਣਾਂ ਦਾ ਅਮਲ ਸਚਾਰੂ ਢੰਗ ਨਾਲ ਨਿਰਧਾਰਿਤ ਸਮੇਂ `ਤੇ ਨੇਪਰੇ ਚਾੜ੍ਹਨ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਬਾਰੇ ਮਾਮਲਾ ਦਰਜ ਕਰਕੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਸਾਬਕਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਦੇ ਇੱਕ ਵਫ਼ਦ ਨੇ ਪੰਜਾਬ ਸਰਕਾਰ ਦੇ ਵਿਸ਼ੇਸ਼ ਸਕੱਤਰ ਵਰੁਣ ਰੂਜਾਮ ਨਾਲ ਮੁਲਾਕਾਤ ਕਰਕੇ ਉਪਰੋਕਤ ਵਿਸਿ਼ਆਂ ਨੂੰ ਤੁਰੰਤ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਐੱਸ.ਜੀ.ਪੀ.ਸੀ. ਦੇ ਐਗਜੈਕਟਿਵ ਮੈਂਬਰ ਸ: ਮਿੱਠੂ ਸਿੰਘ ਕਾਹਨੇਕੇ ਅਤੇ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਵਫ਼ਦ ਦੇ ਮੈਂਬਰਾਂ ਵੱਲੋਂ ਪੰਜਾਬ ਦੇ ਗ੍ਰਹਿ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਜਾਣੀ ਸੀ ਪਰ ਕੁੱਝ ਜਰੂਰੀ ਰੁਝੇਵਿਆਂ ਕਾਰਨ ਗ੍ਰਹਿ ਮੰਤਰੀ ਵਫਦ ਦੇ ਮੈਂਬਰਾਂ ਨੂੰ ਨਹੀ ਮਿਲ ਸਕੇ। ਵਫ਼ਦ ਨੇ ਆਪਣੀ ਮੰਗਾਂ ਸਬੰਧੀ ਮੈਮੋਰੰਡਮ ਸੌਂਪਦਿਆਂ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾਂ ਨਾਲ ਧਿਆਨ ਦੇਵੇਗੀ। ਵਫਦ ਵਿੱਚ ਜਥੇਦਾਰ ਹਰਦੇਵ ਸਿੰਘ ਰੋਗਲਾ, ਜਥੇਦਾਰ ਮਲਕੀਅਤ ਸਿੰਘ ਚੰਗਾਲ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ,ਜਥੇਦਾਰ ਹਰਬੰਸ ਸਿੰਘ ਮੰਝਪੁਰ,ਜਥੇਦਾਰ ਮਨਜੀਤ ਸਿੰਘ ਬੱਪੀਆਣਾ,ਜਥੇਦਾਰ ਰਘਬੀਰ ਸਿੰਘ,ਜਥੇਦਾਰ ਕੁਲਵੰਤ ਸਿੰਘ, ਜਥੇਦਾਰ ਕੌਰ ਸਿੰਘ ਖਾਰਾ ਆਦਿ ਸ਼ਾਮਿਲ ਸਨ।
ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਣ ਮਗਰੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਕੱਤਰ ਜਨਰਲ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਵਿੱਚ ਵਫਦ ਦੇ ਮੈਂਬਰਾਂ ਨੇ ਪ੍ਰੈਸ ਮਿਲਣੀ ਦੌਰਾਨ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ `ਤੇ ਪਿਛਲੇ ਲੰਮੇ ਸਮੇਂ ਤੋਂ ਬਾਦਲ ਪਰਿਵਾਰ ਦਾ ਕਬਜਾ ਹੈ ਅਤੇ ਇਸੇ ਕਾਰਨ ਪਿਛਲੇ ਕਰੀਬ 10 ਸਾਲਾਂ ਤੋਂ ਐੱਸ.ਜੀ.ਪੀ.ਸੀ ਦੀਆਂ ਚੋਣਾਂ ਨਹੀ ਹੋ ਸਕੀਆਂ ਹਨ। ਉਨ੍ਹਾਂ ਦੱਸਿਆ ਕਿ ਐੱਸ.ਜੀ.ਪੀ.ਸੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਵੱਲੋਂ ਕਰੀਬ ਇੱਕ ਸਾਲ ਪਹਿਲਾਂ ਜਸਟਿਸ (ਰਿਟਾ) ਐੱਸ.ਐੱਸ ਸਾਰੋਂ ਨੂੰ ਗੁਰਦੁਆਰਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਜਿਨ੍ਹਾਂ ਨੂੰ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਲੋੜੀਂਦੀਆਂ ਸਹੂਲਤਾਂ ਵੀ ਉਪਲਬਧ ਨਹੀ ਕਰਵਾਈਆਂ ਗਈਆਂ ਹਨ। ਮੈਂਬਰਾਂ ਨੇ ਦੱਸਿਆ ਕਿ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਬਾਰੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਕਮੇਟੀ ਐਡਵੋਕੇਟ ਈਸ਼ਰ ਸਿੰਘ ਦੀ ਬਣਾਈ ਗਈ ਸੀ, ਉਸ ਵੱਲੋਂ ਆਪਣੀ ਰਿਪੋਰਟ ਪਿਛਲੇ ਸਾਲ ਪੇਸ਼ ਕਰਕੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਵਾਉਣ ਦੀ ਸਿਫਾਰਸ਼ ਕੀਤੀ ਸੀ ਪਰ ਅੱਜ ਤੱਕ ਨਾਂ ਤਾਂ ਲਾਪਤਾ ਹੋਏ ਪਾਵਨ ਸਰੂਪਾਂ ਦਾ ਕੁੱਝ ਪਤਾ ਲੱਗਾ ਹੈ ਅਤੇ ਨਾ ਹੀ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਕੀਤੀ ਗਈ ਹੈ।
ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਸਿੱਖ ਕੌਮ ਦੇ ਹਿੱਤ ਲਈ ਐੱਸ.ਜੀ.ਪੀ.ਸੀ ਤੋਂ ਬਾਦਲਾਂ ਦਾ ਕਬਜਾ ਹਟਾਉਣਾ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੀ ਦੋਸਤੀ ਜੱਗ-ਜ਼ਾਹਰ ਹੈ। ਇਸ ਲਈ ਕੈਪਟਨ ਸਰਕਾਰ ਨੇ ਐੱਸ.ਜੀ.ਪੀ.ਸੀ ਦੀਆਂ ਚੋਣਾਂ ਨੇਪਰੇ ਨਹੀ ਚੜ੍ਹਨ ਦਿੱਤੀਆਂ ਸਨ ਅਤੇ ਨਾ ਹੀ ਲਾਪਤਾ ਹੋਏ ਪਾਵਨ ਸਰੂਪਾਂ ਬਾਰੇ ਜਾਂਚ ਅਰੰਭੀ ਜਾ ਸਕੀ ਹੈ। ਜਥੇਦਾਰ ਤਲਵੰਡੀ ਨੇ ਕਿਹਾ ਪਰ ਹੁਣ ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਉਮੀਦ ਹੈ ਕਿ ਉਹ ਐੱਸ.ਜੀ.ਪੀ.ਸੀ ਦੀਆਂ ਚੋਣਾਂ ਜਲਦ ਕਰਵਾਉਣਗੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਬਾਰੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਜਰੂਰ ਚੁੱਕਣਗੇ।
ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਕੈਪਟਨ ਸਰਕਾਰ ਵੇਲੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਨੇਕਾਂ ਵਾਰ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋਸ਼ੀਆਂ ਨੂੰ ਸ਼ਜਾਵਾਂ ਦਵਾਉਣ ਬਾਰੇ ਬਿਆਨ ਦੇ ਚੁੱਕੇ ਹਨ ਪਰ ਹਰ ਵਾਰ ਉਹ ਕੈਪਟਨ ਅਮਰਿੰਦਰ ਸਿੰਘ ਦੀ ਬਾਦਲਾਂ ਨਾਲ ਮਿਲੀਭੁਗਤ ਕਾਰਨ ਮਜਬੂਰ ਵਿਖਾਈ ਦਿੰਦੇ ਰਹੇ ਹਨ ਜਥੇਦਾਰ ਤਲਵੰਡੀ ਨੇ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨਹੀ ਹਨ ਅਤੇ ਗ੍ਰਹਿ ਮੰਤਰਾਲਾ ਖ਼ੁਦ ਸੁਖਜਿੰਦਰ ਸਿੰਘ ਰੰਧਾਵਾ ਕੋਲੇ ਹੈ ਤਾਂ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਸਿੱਖ ਕੌਮ ਨਾਲ ਕੀਤੇ ਹਰੇਕ ਵਾਅਦੇ ਨੂੰ ਹੁਣ ਜਰੂਰ ਪੂਰਾ ਕਰਨਗੇ।