You are here

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ `ਤੇ ਫੌਰੀ ਕਾਬੂ ਪਾਵੇ ਸਰਕਾਰ -ਪਰਮਿੰਦਰ ਢੀਂਡਸਾ  

ਮਹਿਲ ਕਲਾਂ /ਬਰਨਾਲਾ- 19 ਅਕਤੂਬਰ (ਗੁਰਸੇਵਕ ਸੋਹੀ)- ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸਖ਼ਤ ਵਿਰੋਧ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਕੀਮਤਾਂ `ਤੇ ਕਾਬੂ ਪਾਉਣ ਦੀ ਮੰਗ ਕੀਤੀ ਹੈ। ਪੰਜਾਬ ਸਣੇ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਰਿਕਾਰਡ ਪੱਧਰ `ਤੇ ਪਹੁੰਚ ਗਈਆਂ ਹਨ। ਕੇਂਦਰ ਸਣੇ ਸੂਬਾ ਸਰਕਾਰ ਨੂੰ ਵਧੀਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਅਪੀਲ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਇਸ ਤੋਂ ਪਹਿਲਾਂ ਵੀ ਵਧੀਆਂ ਕੀਮਤਾਂ ਦੇ ਖ਼ਿਲਾਫ਼ ਸੂਬਾ ਪੱਧਰ `ਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ ਸਨ। ਜੇਕਰ ਹਾਲੇ ਵੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਰਾਹਤ ਨਹੀ ਦਿੱਤੀ ਗਈ ਤਾਂ ਪਾਰਟੀ ਮੁੜ ਇਸ ਦੇ ਵਿਰੁੱਧ ਸੰਘਰਸ਼ ਤਿੱਖਾ ਕਰੇਗੀ।
ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਜਿੱਥੇ ਆਮ ਲੋਕ ਦੁਖੀ ਹਨ, ਉੱਥੇ ਹੀ ਪੰਜਾਬ ਸਮੇਤ ਹੋਰ ਰਾਜਾਂ ਦੀਆਂ ਸਰਕਾਰਾਂ ਦੇ ਪੱਧਰ `ਤੇ ਇਸ ਨੂੰ ਘੱਟ ਕਰਨ ਨੂੰ ਲੈ ਕੇ ਫਿਲਹਾਲ ਕੋਈ ਕਦਮਨਹੀਂ ਚੁੱਕੇ ਜਾ ਰਹੇ ਹਨ। ਪਹਿਲਾਂ ਜਦੋਂ ਵੀ ਤੇਲ-ਗੈਸ ਦੀਆਂ ਕੀਮਤਾਂ ਵਧਦੀਆਂ ਸਨ ਤਾਂ ਵਿਰੋਧੀ ਧਿਰ ਵਿਰੋਧ ਕਰਦੀ ਸੀ ਪਰ ਹੁਣ ਕਿਸੇ ਕੋਲ ਲੋਕਾਂ ਦੀ ਆਵਾਜ਼ ਬਣਨ ਦਾ ਸਮਾਂ ਹੀ ਨਹੀ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਸੂਬਾ ਸਰਕਾਰ ਵੀ ਇਸ ਲੱਕ ਤੋੜਵੇਂ ਵਾਧੇ ਤੇ ਚੁੱਪ ਹੈ ਅਤੇ ਵਿਰੋਧੀ ਪਾਰਟੀਆਂ ਵੀ ਚੁੱਪ ਧਾਰੀਂ ਬੈਠੀਆਂ ਹਨ।
ਮਹਿੰਗਾਈ `ਤੇ ਕਾਬੂ ਪਾਉਣਾ ਸਰਕਾਰਾਂ ਦਾ ਕੰਮ ਹੈ। ਜਿਹੜੀ ਸਰਕਾਰ ਮਹਿੰਗਾਈ ਨੂੰ ਕਾਬੂ ਵਿੱਚ ਨਹੀ ਰੱਖ ਸਕਦੀ, ਉਸ ਦੇ ਕੰਮ ਕਰਨ ਦੀ ਨੀਅਤ ਲੋਕ-ਪੱਖੀ ਨਹੀ ਹੁੰਦੀ ਹੈ ਅਤੇ ਮੌਜੂਦਾ ਹਾਲਾਤ ਵਿੱਚ ਕੇਂਦਰ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰਾਂ ਵੀ ਮਹਿੰਗਾਈ `ਤੇ ਨੱਥ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈਆਂ ਹਨ।ਬੜੇ ਦੁੱਖ ਦੀ ਗੱਲ ਹੈ ਕਿ ਇੱਕ ਪਾਸੇ ਲਗਾਤਾਰ ਰਸੋਈ ਗੈਸ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ, ਦੂਜੇ ਪਾਸੇ ਘਰੇਲੂ ਗੈਸ ਸਿਲੰਡਰਾਂ `ਤੇ ਦਿੱਤੀ ਜਾਣ ਵਾਲੀ ਸਬਸਿਡੀ `ਤੇ ਰੋਕ ਲਗਾਈ ਜਾ ਰਹੀ ਹੈ।ਇਸ ਤਰ੍ਹਾਂ ਆਮ ਆਦਮੀ ਨੂੰ ਦੋਹਰੀ ਮਾਰ ਪੈ ਰਹੀ ਹੈ।
ਸਾਡੀ ਸਰਕਾਰ ਤੋਂ ਮੰਗ ਹੈ ਕਿ ਵਧੀਆਂ ਹੋਈਆਂ ਕੀਮਤਾਂ ਵਾਪਿਸ ਲਈਆਂ ਜਾਣ ਅਤੇ ਉਤਪਾਦ ਡਿਊਟੀ ਘੱਟ ਕਰ ਕੇ ਲੋਕਾਂ ਨੂੰ ਬੇਲਗਾਮ ਹੋ ਰਹੀ ਮਹਿੰਗਾਈ ਤੋਂ ਰਾਹਤ ਦਿੱਤੀ ਜਾਵੇ। ਜੇਕਰ ਸੂਬੇ ਵਿੱਚ ਫਿ਼ਰ ਵੀ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨਹੀ ਘਟਾਈਆਂ ਜਾਂਦੀਆਂ ਤਾਂ ਪਾਰਟੀ ਇਸਦੇ ਖਿ਼ਲਾਫ਼ ਸੰਘਰਸ਼ ਵਿੱਢੇਗੀ ।