You are here

ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ  

ਚੰਡੀਗੜ੍ਹ , 12 ਅਪ੍ਰੈਲ (ਜਨ ਸ਼ਕਤੀ ਨਿਊਜ਼ ਬਿਊਰੋ  )

 

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।  ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਸੀ। 

 

ਕਣਕ ਦੇ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕੀਤੀ ਜਾ ਸਕਦੀ ਹੈ ਝੋਨੇ ਅਤੇ ਸੱਠੀ ਮੂੰਗੀ ਦੀ ਸਿੱਧੀ ਬਿਜਾਈ : ਡਿਪਟੀ ਕਮਿਸ਼ਨਰ

ਕਿਹਾ, ਕਣਕ ਦੇ ਨਾੜ ਦੀ ਤੂੜੀ ਬਣਾਉਣ ਉਪਰੰਤ ਜ਼ਮੀਨ ’ਚ ਹੀ ਗਲਣ ਦਿੱਤੇ ਜਾਣ ਮੁੱਢ
ਹੁਸ਼ਿਆਰਪੁਰ, 12 ਅਪ੍ਰੈਲ (ਰਣਜੀਤ ਸਿੱਧਵਾਂ)  : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਹੀ ਝੋਨੇ ਅਤੇ ਗਰਮੀ ਦੀ ਰੁੱਤ ਦੀ (ਸੱਠੀ) ਮੂੰਗੀ ਸਿੱਧੇ ਤੌਰ ’ਤੇ ਕਾਸ਼ਤ ਕੀਤੀ ਜਾ ਸਕਦੀ ਹੈ, ਇਸ ਲਈ ਕਿਸਾਨ ਕਣਕ ਦੇ ਨਾੜ/ਮੁੱਢਾਂ ਨੂੰ ਅੱਗ ਨਾ ਲਾਉਣ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਉਥੇ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜਿਹੜੇ ਕਿਸਾਨ ਸੱਠੀ ਮੂੰਗੀ ਦੀ ਕਾਸ਼ਤ ਕਰਨਾ ਚਾਹੁੰਦੇ ਹਨ, ਉਹ ਕਣਕ ਦੇ ਨਾੜ ਦੀ ਰੀਪਰ ਨਾਲ ਤੂੜੀ ਬਣਾਉਣ ਉਪਰੰਤ ਜ਼ੀਰੋ ਡਰਿੱਲ ਰਾਹੀਂ ਬਿਨ੍ਹਾਂ ਮੁੱਢਾਂ ਨੂੰ ਅੱਗ ਲਗਾਏ ਸਿੱਧੀ ਬਿਜਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਜ਼ੀਰੋ ਡਰਿੱਲ ਮਸ਼ੀਨ ਆਪਣੇ ਨੇੜਲੇ ਕਸਟਮ ਹਾਇਰਿੰਗ ਸੈਂਟਰ, ਕਿਸਾਨਾਂ ਦੇ ਸਵੈ-ਸਹਾਇਤਾ ਗਰੁੱਪ ਅਤੇ ਕੋ-ਆਪਰੇਟਿਵ ਸੋਸਾਇਟੀ ਤੋਂ ਘੱਟ ਰੇਟ ’ਤੇ ਕਿਰਾਏ ’ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਨੇੜਲੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਬਿਜਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਕੋਲ ਕਣਕ ਦੀ ਵਾਢੀ ਅਤੇ ਝੋਨੇ ਦੀ ਪਨੀਰੀ ਦੀ ਖੇਤਾਂ ਵਿਚ ਲੁਆਈ ਦੌਰਾਨ ਕਰੀਬ ਸਵਾ ਤੋਂ ਡੇਢ ਮਹੀਨੇ ਦਾ ਸਮਾਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਕਣਕ ਦੇ ਨਾੜ ਦੀ ਤੂੜੀ ਬਣਾ ਕੇ ਜ਼ਮੀਨ ਵਿਚ ਪਾਣੀ ਛੱਡ ਕੇ ਮੁੱਢਾਂ ਨੂੰ ਜ਼ਮੀਨ ਵਿਚ ਹੀ ਗਲਣ ਦਿੱਤਾ ਜਾਵੇ। ਇਸ ਨਾਲ ਜਿਥੇ ਖੁਰਾਕੀ ਤੱਤ ਜ਼ਮੀਨ ਵਿਚ ਹੀ ਜਜ਼ਬ ਹੋ ਸਕਦੇ ਹਨ, ਉਥੇ ਸੂਖਮ ਜੀਵਾਣੂਆਂ ਦੀ ਤਾਦਾਦ ਵੀ ਬਰਕਰਾਰ ਰੱਖੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਰੀਪਰ ਰਾਹੀਂ ਇਕ ਏਕੜ ਵਿਚ ਕਣਕ ਦੇ ਨਾੜ ਦੀ ਕਰੀਬ 80 ਫੀਸਦੀ ਤੂੜੀ ਬਣਾਈ ਜਾ ਸਕਦੀ ਹੈ ਅਤੇ ਕਰੀਬ 20 ਫੀਸਦੀ ਕਣਕ ਦੇ ਰਹਿੰਦ-ਖੂੰਹਦ/ਮੁੱਢਾਂ ਨੂੰ ਜ਼ਮੀਨ ਵਿਚ ਹੀ ਦਬਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਤੂੜੀ ਨੂੰ ਪਸ਼ੂਆਂ ਦੇ ਸੁੱਕੇ ਚਾਰੇ ਵਜੋਂ ਇਸਤੇਮਾਲ ਕੀਤਾ ਜਾ ਸਕਦਾ ਹੈ।  ਸ੍ਰੀ ਸੰਦੀਪ ਹੰਸ ਨੇ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਥੇ ਕਿਸਾਨਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ (90410-72304) ਜਾਰੀ ਕੀਤਾ ਗਿਆ ਹੈ, ਉਥੇ ਅਧਿਕਾਰੀਆਂ ਨੂੰ ਲਗਾਤਾਰ ਚੈਕਿੰਗ ਕਰਨ ਲਈ ਮੰਡੀਆਂ ਵੀ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਦੀ ਚੈਕਿੰਗ ਸਬੰਧੀ ਓਵਰ ਆਲ ਇੰਚਾਰਜ ਐਸ.ਡੀ.ਐਮਜ਼ ਨੂੰ ਬਣਾਇਆ ਗਿਆ ਹੈ ਅਤੇ ਰੋਜ਼ਾਨਾ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਚੈਕਿੰਗ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ।

ਆਓ ਜਾਣੀਏ ਵਿਸਾਖੀ ਦੇ ਤਿਉਹਾਰ ਦੀ ਬਹੁਪੱਖੀ ਮਹਾਨਤਾ✍️ ਪ੍ਰੋ. ਗਗਨਦੀਪ ਕੌਰ ਧਾਲੀਵਾਲ ਬਰਨਾਲਾ

ਪੰਜਾਬ ਵਿਚ ਬਹੁਤ ਸਾਰੇ ਤਿਉਹਾਰ, ਮੇਲੇ ਮਨਾਏ ਜਾਂਦੇ ਹਨ ਪਰ ਵਿਸਾਖੀ ਦਾ ਤਿਉਹਾਰ ਉਨ੍ਹਾਂ ਵਿਚੋਂ ਇਕ ਹੈ। ਇਹ 13 ਅਪ੍ਰੈਲ ਨੂੰ ਵਿਸਾਖ ਦੀ ਸੰਗਰਾਂਦ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸਦਾ ਸੰਬੰਧ ਇਤਿਹਾਸਿਕ,ਧਾਰਮਿਕ ,ਸੱਭਿਆਚਾਰਕ ਆਰਥਿਕ ਪੱਖ ਨਾਲ ਹੈ। ਇਸ ਦੀ ਮਹਾਨਤਾ ਬਹੁਪੱਖੀ ਹੈ । ਜੇਕਰ ਪੰਜਾਬੀ ਵਿਰਸੇ ਦੇ ਤਿਉਹਾਰ ਤੇ ਝਾਤ ਮਾਰੀਏ ਤਾਂ ਪੰਜਾਬੀ ਵਿਰਸੇ ਵਿਚ ਵਿਸਾਖੀ ਦਾ ਤਿਉਹਾਰ ਬਹੁਤ ਵੱਡੀ ਅਹਿਮੀਅਤ ਰੱਖਦਾ ਹੈ। ਵਿਸਾਖੀ ਦੇਸਾਂ ਵਿਦੇਸ਼ਾਂ ਵਿਚ, ਭਾਰਤ ਦੇ ਹੋਰ ਕਈ ਹਿੱਸਿਆਂ ਵਿਚ ਅਤੇ ਸਾਰੇ ਪੰਜਾਬ ਵਿਚ ਬਹੁਤ ਲੋਕਪ੍ਰਿਆ ਹੈ। ਬੇਸ਼ੱਕ ਹੋਰ ਕਈ ਤਿਉਹਾਰ ਹਨ ਪਰ ਵਿਸਾਖੀ ਦੀ ਆਪਣੀ ਵੱਖਰੀ ਹੀ ਪਛਾਣ ਹੈ। ਤਿਉਹਾਰ ਕਿਸੇ ਦੇਸ਼ ਜਾਂ ਕੌਮ ਦਾ ਧਾਰਮਿਕ ਜਾਂ ਇਤਿਹਾਸਕ ਵਿਰਸਾ ਹੁੰਦਾ ਹੈ।

ਵਿਸਾਖੀ ਨਾਮ ਵਸਾਖ ਤੋਂ ਬਣਿਆ ਹੈ— ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ।ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ।

ਤਿਉਹਾਰ ਦੇ ਵੱਖ—ਵੱਖ ਨਾਂ-ਕੇਰਲ ਵਿੱਚ ਇਹ ਤਿਉਹਾਰ ਵਿਸ਼ੁ ਕਹਾਂਦਾ ਹੈ। ਇਸ ਦਿਨ ਨਵੇਂ, ਕੱਪੜੇ ਖਰੀਦੇ ਜਾਂਦੇ ਹਨ, ਆਤਿਸ਼ਬਾਜੀ ਹੁੰਦੀ ਹੈ ਅਤੇ ਵਿਸ਼ੁ ਕਾਨੀ ਸਜਾਈ ਜਾਂਦੀ ਹੈ। ਇਸ ਵਿੱਚ ਫੁੱਲ, ਫਲ, ਅਨਾਜ, ਬਸਤਰ, ਸੋਨਾ ਆਦਿ ਸਜਾਏ ਜਾਂਦੇ ਹਨ ਅਤੇ ਸੁਬ੍ਹਾ ਜਲਦੀ ਇਸ ਦੇ ਦਰਸ਼ਨ ਕੀਤੇ ਜਾਂਦੇ ਹੈ। ਇਸ ਦਰਸ਼ਨ ਨਾਲ ਨਵੇਂ ਸਾਲ ਵਿੱਚ ਸੁੱਖ-ਸਮ੍ਰਿੱਧੀ ਦੀ ਕਾਮਨਾ ਕੀਤੀ ਜਾਂਦੀ ਹੈ। ਬੰਗਾਲ ਵਿੱਚ ਇਹ ਤਿਉਹਾਰ ਨਭ ਬਰਸ਼ ਦੇ ਨਾਮ ਨਾਲ ਮਨਾਂਦੇ ਹਨ।

ਸਭਿਆਚਾਰਕ ਮਹੱਤਤਾ —ਇਹ ਤਿਉਹਾਰ ਹਾੜੀ ਦੀ ਫਸਲ (ਭਾਵ ਕਣਕ) ਪੱਕਣ ਦੀ ਖ਼ੁਸ਼ੀ ਵਿਚ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ’ ਵੀ ਕਿਹਾ ਜਾਂਦਾ ਹੈ। ਇਸ ਦਿਨ ਕਿਸਾਨ ਖ਼ੁਸ਼ੀਆਂ ਮਨਾਉਂਦੇ, ਭੰਗੜੇ ਪਾਉਂਦੇ ਤੇ ਮੇਲੇ ਮਨਾਉਂਦੇ ਹਨ।
ਵਿਸਾਖੀ ਦਾ ਤਿਓਹਾਰ ਪੰਜਾਬ ਲਈ ਸਿਰਫ ਧਾਰਮਿਕ ਅਹਿਮੀਅਤ ਹੀ ਨਹੀਂ ਰੱਖਦਾ ਸਗੋਂ ਇਸ ਦੀ ਆਰਥਿਕ ਤੌਰ ‘ਤੇ ਵੀ ਕਾਫੀ ਅਹਿਮੀਅਤ ਹੈ।

ਆਰਥਿਕ ਮਹੱਤਤਾ —ਆਰਥਿਕ ਮਹੱਤਤਾ ਆਰਥਿਕ ਪੱਖ ਵਿਚਾਰਿਏ ਤਾਂ ਸਾਡੇ ਜਿਹਨ ਵਿਚ ਸ਼ਰਬਤੀ ਦਾਣਿਆਂ ਨਾਲ ਲੱਦੀਆਂ ਕਣਕਾਂ ਝੂਮਦੀਆਂ ਦਿਸਦੀਆਂ ਹਨ। ਕਿਸਾਨ ਦੀ ਛੇ ਮਹੀਨਿਆਂ ਦੀ ਮਿਹਨਤ ਨਾਲ ਪੁੱਤਾਂ ਵਾਂਗ ਪਾਲੀਆਂ ਇਹ ਕਣਕਾਂ ਕਟਾਈ ਲਈ ਤਿਆਰ ਹੁੰਦੀਆਂ ਹਨ। ਕਿਸਾਨ ਦੀਆਂ ਅੱਖਾਂ ਵਿਚ ਸਜੋਏ ਉਦਾਸ ਜਿਹੇ ਖੁਸ਼ੀਆਂ ਭਰੇ ਸੁਪਨੇ ਪੂਰੇ ਹੋਣ ਦਾ ਵੇਲਾ ਆ ਗਿਆ ਹੁੰਦਾ ਹੈ। ਮਸ਼ੀਨੀ ਯੁੱਗ ਕਰਕੇ ਕਣਕਾਂ ਦੀ ਕਟਾਈ-ਗਹਾਈ ਸਿਰਫ ਕੁਝ ਦਿਨਾਂ ਵਿਚ ਹੀ ਪੂਰੀ ਹੋ ਜਾਂਦੀ ਹੈ। ਕਈ ਵਾਰ ਕਿਸਾਨ ਆੜ੍ਹਤੀਆਂ ਨਾਲ ਹਿਸਾਬ ਕਰਕੇ ਖਾਲੀ ਪੱਲਾ ਝਾੜਦਾ ਘਰ ਆ ਜਾਂਦਾ ਹੈ। ਸਾਰੇ ਦੇਸ਼ ਦਾ ਢਿੱਡ ਭਰਨ ਵਾਲਾ ਆਪਣੇ ਬੱਚਿਆਂ ਦਾ ਢਿੱਡ ਵੀ ਨਹੀਂ ਭਰ ਸਕਦਾ। ਕਰਜਾਈ ਹੁੰਦੇ ਦੇ ਵੀ ਪੈਰ ਢੋਲ ਦੇ ਡਗੇ ਤੇ ਥਿਰਕਣ ਲੱਗਦੇ ਹਨ ਅਤੇ ਹਾਣੀਆਂ ਨਾਲ ਭੰਗੜੇ ਅਤੇ ਬੋਲੀਆਂ ਪਾ ਕੇ ਗ਼ਮਾਂ ਨੂੰ ਭੁਲਾਕੇ ਖੁਸ਼ੀਆਂ ਮਨਾਉਣ ਦੀ ਕੋਸ਼ਿਸ਼ ਕਰਦਾ ਹੈ।
ਇਸ ਦਿਨ ਹੀ ਪੰਜਾਬ ਵਿਚ ਰਸਮੀ ਤੌਰ ‘ਤੇ ਕਣਕ ਦੀ ਵਾਢੀ ਸ਼ੁਰੂ ਹੁੰਦੀ ਹੈ। ਖੇਤਾਂ ਵਿੱਚ ਸੋਨੇ ਰੰਗੀਆਂ, ਲਹਿਰਾਉਂਦੀਆਂ, ਪੱਕੀਆਂ ਕਣਕਾਂ ਦੇਖ ਕੇ ਕਿਸਾਨ ਆਪਣੀ ਮਿਹਨਤ ਦੇ ਮੁੱਲ ਨੂੰ ਪੈਂਦਾ ਦੇਖਦੇ ਹਨ।
“ਆਈ ਵਿਸਾਖੀ ਆਈ ਵਿਸਾਖੀ,
ਖੁਸ਼ੀਆਂ ਨਾਲ ਲਿਆਈ ਵਿਸਾਖੀ”
ਪੰਜਾਬੀ ਕਵੀ ਧਨੀ ਰਾਮ ਚਾਤ੍ਰਿਕ ਨੇ ‘ਵਿਸਾਖੀ ਦਾ ਮੇਲਾ’ ਕਵਿਤਾ ਵਿੱਚ ਪੰਜਾਬ ਦੀਆਂ ਫ਼ਸਲਾਂ ਅਤੇ ਸੱਭਿਆਚਾਰ ਦੇ ਰੰਗ ਨੂੰ ਇੰਝ ਬਿਆਨ ਕੀਤਾ ਹੈ।
ਤੂੜੀ ਤੰਦ ਸਾਂਭ ਹਾੜੀ ਵੇਚ ਵੱਟ ਕੇ,
ਲੰਬੜਾਂ ਤੇ ਸ਼ਾਹਾਂ ਦਾ ਹਿਸਾਬ ਕੱਟ ਕੇ,
ਸੰਮਾਂ ਵਾਲੀ ਡਾਗਾਂ ਉੱਤੇ ਤੇਲ ਲਾਇਕੇ,
ਕੱਛੇਮਾਰ ਵੰਝਲੀ ਅਨੰਦ ਛਾ ਗਿਆ, …।
ਵਿਸਾਖੀ ਦਾ ਤਿਉਹਾਰ ਕੇਵਲ ਪੰਜਾਬ ‘ਚ ਹੀ ਨਹੀਂ ਸਗੋਂ ਦੇਸ਼ਾਂ ਵਿਦੇਸ਼ਾਂ ‘ਚ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ।ਇਸ ਦਿਨ ਪੰਜਾਬ ਦੇ ਵੱਖ-ਵੱਖ ਇਲਾਕਿਆ ‘ਚ ਮੇਲੇ ਲੱਗਦੇ ਹਨ ਅਤੇ ਅਤੇ ਲੋਕ ਖੁਸ਼ੀ-ਖੁਸ਼ੀ ਆਪਣੇ ਪਰਿਵਾਰ ਸਮੇਤ ਇਹਨਾਂ ਮੇਲਿਆਂ ਦਾ ਅਨੰਦ ਮਾਣਦੇ ਹਨ।ਇਸ ਦਿਨ ਪੰਜਾਬ ਦਾ ਪਰੰਪਰਾਗਤ ਨਾਚ ਭੰਗੜਾ ਅਤੇ ਗਿੱਧਾ ਕੀਤਾ ਜਾਂਦਾ ਹੈ।

ਧਾਰਮਿਕ ਮਹੱਤਤਾ —-ਇਸ ਦਿਨ 13 ਅਪ੍ਰੈਲ 1699 ਈ. ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ।1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।
ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ। ਇਸ ਦਿਨ ਇਸ ਦਿਨ ਲੋਕ ਗੁਰੂ ਘਰਾਂ ‘ਚ ਮੱਥਾ ਟੇਕਦੇ ਹਨ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ ਧਾਰਮਿਕ ਸਮਾਗਮ ਅਤੇ ਨਗਰ ਕੀਰਤਨ ਵੀ ਸਜਾਏ ਜਾਂਦੇ ਹਨ। ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਸ਼ਿਰਕਤ ਕਰਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਦਿਨ ਦਸਤਾਰ ਦਿਵਸ ਵੀ ਮਨਾਇਆ ਜਾਂਦਾ ਹੈ।

ਇਤਿਹਾਸਕ ਮਹੱਤਤਾ—13 ਅਪ੍ਰੈਲ 1919 ਦੀ ਵਿਸਾਖੀ ਨੂੰ ਜਲਿਆਂਵਾਲੇ ਬਾਗ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ। ਇਸ ਸਾਕੇ ਵਿਚ ਲਗਭਗ 20,000 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਬੱਚੇ, ਔਰਤਾਂ, ਬਜ਼ੁਰਗ ਆਦਿ ਸ਼ਾਮਿਲ ਸਨ।

ਇਸ ਦਿਨ ਮੁੱਖ ਕੰਮ-

ਇਸ ਦਿਨ ਪੰਜਾਬ ਦਾ ਪਰੰਪਰਾਗਤ ਨਾਚ ਭੰਗੜਾ ਅਤੇ ਗਿੱਧਾ ਪਾਇਆ ਜਾਂਦਾ ਹੈ।
ਸ਼ਾਮ ਨੂੰ ਅੱਗ ਦੇ ਆਸ-ਪਾਸ ਇੱਕਠੇ ਹੋਕੇ ਲੋਕ ਨਵੀਂ ਫਸਲ ਦੀਆਂ ਖੁਸ਼ੀਆਂ ਮਨਾਉਂਦੇ ਹਨ।

ਹਿੰਦੂਆਂ ਲਈ ਇਹ ਤਿਉਹਾਰ ਨਵਵਰਸ਼ ਦੀ ਸ਼ੁਰੁਆਤ ਹੈ—ਹਿੰਦੂ ਇਸਨੂੰ ਇਸਨਾਨ, ਭੋਗ ਲਗਾਕੇ ਅਤੇ ਪੂਜਾ ਕਰ ਕੇ ਮਨਾਉਂਦੇ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਹਜਾਰਾਂ ਸਾਲ ਪਹਿਲਾ ਦੇਵੀ ਗੰਗਾ ਇਸ ਦਿਨ ਧਰਤੀ ਉੱਤੇ ਉਤਰੀ ਸਨ। ਉਨ੍ਹਾਂ ਦੇ ਸਨਮਾਨ ਵਿੱਚ ਹਿੰਦੂ ਧਰਮਾਵਲੰਬੀ ਪਾਰੰਪਰਕ ਪਵਿੱਤਰ ਇਸਨਾਨ ਲਈ ਗੰਗਾ ਕੰਡੇ ਇਕੱਠੇ ਹੁੰਦੇ ਹਨ।

ਮੇਲੇ ਦੀਆਂ ਰੌਣਕਾਂ : ਇਸ ਦਿਨ ਥਾਂ-ਥਾਂ ‘ਤੇ ਮੇਲੇ ਲਗਦੇ ਹਨ। ਮੇਲੇ ਵਿਚ ਬਹੁਤ ਭੀੜ ਹੁੰਦੀ ਹੈ। ਕਈ ਤਰਾਂ ਦੀਆਂ ਦੁਕਾਨਾਂ ਸਜੀਆਂ ਹੁੰਦੀਆਂ ਹਨ। ਖ਼ਾਸ ਤੌਰ ਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਸਾਖੀ ਦੇ ਮੇਲੇ ਦੀਆਂ ਰੌਣਕਾਂ ਬਹੁਤ ਜ਼ਿਆਦਾ ਹੁੰਦੀਆਂ ਹਨ।ਇਸ ਦਿਨ ਲੋਕ ਮਠਿਆਈਆਂ ਵੀ ਖਰੀਦਦੇ ਹਨ।

ਦੀਵਾਨ ਲੱਗਣੇ : ਇਸ ਦਿਨ ਗੁਰਦੁਆਰਿਆਂ ਵਿਚ ਭਾਰੀ ਦੀਵਾਨ ਲਗਦੇ ਹਨ। ਢਾਡੀ ਸਿੰਘ ਯੋਧਿਆਂ ਦੀਆਂ ਵਾਰਾਂ ਗਾਉਂਦੇ ਹਨ। ਇਸ ਮੌਕੇ ‘ਤੇ ਨੇਤਾ ਵੀ ਆਪਣੀਆਂ ਰਾਜਨੀਤਕ ਕਾਨਫ਼ਰੰਸਾਂ ਕਰਦੇ ਹਨ, ਭਾਸ਼ਣ ਦਿੰਦੇ ਹਨ। ਅੱਜ-ਕੱਲ੍ਹ ਦੇ ਮੇਲੇ, ਤਿਉਹਾਰ ਤਾਂ ਸਿਆਸਤ ਦੀ ਭੇਟ ਚੜ੍ਹੇ ਹੋਏ ਹਨ।

ਬਿਕਰਮੀ ਸੰਮਤ ਦੀ ਸ਼ੁਰੂਆਤ : ਇਸ ਦਿਨ ਦੀ ਖ਼ਾਸ ਤੇ ਮਹੱਤਵਪੂਰਨ ਵਿਸ਼ੇਸ਼ਤਾ ਇਹ ਵੀ ਹੈ ਕਿ ਇਸ ਦਿਨ ਬਿਕਰਮੀ ਸੰਮਤ ਸ਼ੁਰੂ ਹੁੰਦਾ ਹੈ। ਖ਼ਾਲਸਾ ਸੰਮਤ ਵਿਚ ਇਸ ਨੂੰ ਸਾਲ ਦਾ ਪਹਿਲਾ ਮਹੀਨਾ ਗਿਣਿਆ ਗਿਆ ਹੈ। ਇਸ ਦੇ ਨਾਲ ਗਰਮੀ ਦੀ ਰੁੱਤ ਅਰੰਭ ਹੋ ਜਾਂਦੀ ਹੈ।
ਆਓ ਅਸੀਂ ਪ੍ਰਣ ਕਰੀਏ ਕਿ ਰਲ ਮਿਲਕੇ ਪਿਆਰ ਨਾਲ ਦੁੱਖ-ਸੁੱਖ ਸਾਂਝੇ ਕਰੀਏ ਤਾਂ ਜੋ ਤਿਉਹਾਰ ਦੀ ਖੁਸ਼ੀ ਆਪਣਿਆਂ ਦੇ ਸੰਗ ਦੂਣੀ ਚੌਣੀ ਹੋ ਜਾਵੇ। ਵਿਸਾਖੀ ਦਾ ਤਿਉਹਾਰ ਗਿੱਧੇ ਅਤੇ ਭੰਗੜੇ ਤੋਂ ਬਿਨਾਂ ਅਧੂਰਾ ਮੰਨਿਆਂ ਜਾਂਦਾ ਹੈ। ਇਹ ਤਿਉਹਾਰ ਸਾਨੂੰ ਯਾਦ ਕਰਵਾਈ ਰੱਖਦੇ ਹਨ ਕਿ ਸਾਡਾ ਪੁਰਾਤਣ ਵਿਰਸਾ ਕਿਹੋ ਜਿਹਾ ਸੀ ਅਸੀਂ ਉਨਾਂ ਸਮਿਆਂ ਨੂੰ ਯਾਦ ਰੱਖੀਏ ਕਿਤੇ ਅਸੀਂ ਤੇਜ਼ ਰਫਤਾਰ ਜ਼ਿੰਦਗੀ ਵਿਚ ਆਪਸੀ ਭਾਈਚਾਰਾ, ਮਿਲਵਰਤਨ ਤੇ ਅਪਨਤ ਨੂੰ ਭੁਲਾ ਨਾ ਦੇਈਏ।ਰੱਬ ਅੱਗੇ ਇਹੋ ਅਰਦਾਸ ਹੈ ਕਿ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰਾਂ ਵਿਸਾਖੀ ਦੇ ਮੇਲੇ ਲੱਗਦੇ ਰਹਿਣ ਤੇ ਗਿੱਧੇ ਤੇ ਭੰਗੜੇ ਪੈਂਦੇ ਰਹਿਣ।
ਅਸਿਸਟੈਂਟ ਪ੍ਰੋ. ਗਗਨਦੀਪ ਕੌਰ ਧਾਲੀਵਾਲ ਕੁਰੜ ਬਰਨਾਲਾ 
ਮਾਤਾ ਗੁਰਦੇਵ ਕੌਰ ਮੈਮੋਰੀਅਲ ਐਜੁਕੇਸਨਲ ਕਾਲਜ ਬਰੇਟਾ 

"ਵਿਸਾਖੀ ਕਣਕ ਦੀ ਵਾਢੀ ਅਤੇ ਆਨੰਦਪੁਰ ਸਾਹਿਬ ਦੀ" ✍️ ਜਸਵੀਰ ਸ਼ਰਮਾਂ ਦੱਦਾਹੂਰ

ਹਰ ਵਾਰ ਦੀ ਤਰ੍ਹਾਂ ਵਿਸਾਖੀ ਆਈ ਏ।

ਖੁਸ਼ੀਆਂ ਖੇੜੇ ਆਪਣੇ ਨਾਲ ਲਿਆਈ ਏ।।

ਉਂਝ ਵਿਸਿਖੀਓਂ ਪਹਿਲਾਂ ਕਣਕ ਹੈ ਵੱਢ ਲਈਦੀ।

ਭਰ ਭਰ ਟਰਾਲੀਆਂ ਮੰਡੀਆਂ ਦੇ ਵਿੱਚ ਛੱਡ ਲਈਦੀ।।

ਦਾਤੀਆਂ ਨਾਲ ਨਾ ਕੋਈ ਵੀ ਵਾਢੀ ਕਰਦਾ ਹੈ।

ਮਿੰਟੋ ਮਿੰਟੀ ਕੰਬਾਈਨ ਨਾਲ ਵੱਢ ਧਰਦਾ ਹੈ।।

ਵਿੜੀ ਸਿੜੀ ਨਾ ਮੰਗ ਹੀ ਕੋਈ ਪਾਉਂਦਾ ਹੈ।

ਕੋਈ ਸ਼ੱਕਰ ਘਿਓ ਨਾ  ਵਾਢੀ ਵੇਲੇ ਰਲਾਉਂਦਾ ਹੈ।।

ਪਹਿਲਾਂ ਵਾਲੀਆਂ ਗੱਲਾਂ ਉੱਡ ਪੁੱਡ ਗਈਆਂ ਜੀ।

ਜੋ ਵੇਖ ਰਹੇ ਹਾਂ ਓਹੋ ਹੀ ਸੱਚ ਕਹੀਆਂ ਜੀ।।

ਵਿਸਾਖੀ ਵਾਲੇ ਮੇਲੇ ਵੀ ਅੱਜਕਲ੍ਹ ਭਰਦੇ ਨਾ।

ਹੋ ਗਏ ਸੋਹਲ ਸਰੀਰ ਵਿੱਚ ਗਰਮੀ ਦੇ  ਸੜਦੇ ਨਾ।।

ਮਸ਼ੀਨੀ ਯੁੱਗ ਹੈ ਆਇਆ ਕ੍ਰਾਂਤੀ ਕਹਿੰਦੇ ਐ।

ਬੇਰੁਜ਼ਗਾਰੀ ਵੱਧਗੀ ਵਿਹਲੇ ਰਹਿੰਦੇ ਐ।।

ਸਮੇਂ ਨਾਲ ਹੈ ਢਲਣਾ ਕੰਨ੍ਹਾ ਪੈ ਚੱਲਿਆ।

ਦੱਦਾਹੂਰੀਆ ਸ਼ਰਮਾਂ ਸੱਚੀਆਂ ਕਹਿ ਚੱਲਿਆ।।

 

ਇਸੇ ਦਿਨ ਹੀ ਗੁਰੂ ਸਾਹਿਬ ਨੇ ਪੰਥ ਖਾਲਸਾ ਸਾਜਿਆ ਏ।

ਗੁਰੂ ਪੰਜ ਪਿਆਰਿਆਂ ਵਿੱਚ ਹੀ ਖੁਦ ਬਿਰਾਜਿਆ ਏ।।

ਖਾਲਸਾ ਮੇਰੋ ਰੂਪ ਖਾਸ ਗੁਰੂ ਜੀ ਕਹਿ ਗਏ ਨੇ।

ਖੱਟਣ ਵਾਲੇ ਸੱਭ ਕੁੱਝ ਖੱਟ ਕੇ ਲੈ ਗਏ ਨੇ।।

ਆਨੰਦਪੁਰ ਸਾਹਿਬ ਦੀ ਧਰਤੀ ਨੂੰ ਆਓ ਸਿਜਦਾ ਕਰੀਏ ਜੀ।

ਕਹੇ ਦੱਦਾਹੂਰੀਆ ਸੀਸ ਚਰਨਾਂ ਦੇ ਵਿੱਚ ਧਰੀਏ ਜੀ।।

ਬਾਜਾਂ ਵਾਲਾ ਪ੍ਰੀਤਮ ਗੁਰੂ ਜੀ ਸਾਡਾ ਸਰਬੰਸਦਾਨੀ ਏਂ।

ਰਹਿੰਦੀ ਦੁਨੀਆਂ ਤੀਕ ਭੁੱਲਣੀ ਨਹੀਂ ਕੁਰਬਾਨੀ ਏਂ।।

ਸਿੱਖੋ ਨਿਉਂ ਨਿਉਂ ਕਰੀਏ ਸਿਜਦਾ ਫਰਜ਼ ਅਸਾਡਾ ਏ।

ਜੀਹਨੇ ਕੌਮ ਦੀ ਖਾਤਰ ਦੁਸ਼ਮਣ ਨਾਲ ਲਿਆ ਆਢ੍ਹਾ ਏ।।

ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਸੱਭ ਨੂੰ ਲਾ ਗਏ ਜੀ।

ਦਸ ਗੁਰੂਆਂ ਦੀ ਜੋਤ ਇਹ ਸਭ ਸਮਝਾ ਗਏ ਜੀ।।

ਸਿੱਖ ਸੰਗਤਾਂ ਲਈ ਤੀਰਥ ਅਸਥਾਨ ਹੈ ਆਨੰਦਪੁਰ ਸਾਹਿਬ ਜੀ।

ਆਓ ਚੱਲ ਕੇ ਸੀਸ ਨਿਵਾਈਏ ਉਠਾਈਏ ਲਾਭ ਜੀ।।

ਬਾਣੀ ਪੜ੍ਹ ਕੇ ਜੀਵਨ ਸਫ਼ਲ ਬਣਾ ਲਈਏ।

ਬਾਣੇ ਨੂੰ ਵੀ ਸਿੰਘੋ ਸੱਭ ਆਪਣਾ ਲਈਏ।।

ਸਰਬ ਸਾਂਝੀ ਗੁਰਬਾਣੀ ਪੜ੍ਹੀਏ ਸੁਣੀਏ ਦਿਲੀਂ ਵਸਾਈਏ ਜੀ।

ਸਵਾਸ ਸਵਾਸ ਵਿੱਚ ਗੁਰੂ ਦਾ ਸ਼ੁਕਰ ਮਨਾਈਏ ਜੀ।।

 

ਜਸਵੀਰ ਸ਼ਰਮਾਂ ਦੱਦਾਹੂਰ

ਸ੍ਰੀ ਮੁਕਤਸਰ ਸਾਹਿਬ

95691-49556

 

ਮਾਏ ਮੈਨੂੰ ਜ਼ਹਿਰ ਚੜਿਆ ✍️ ਜਸਵਿੰਦਰ ਸ਼ਾਇਰ "ਪਪਰਾਲਾ "

ਮਾਏ ਮੈਨੂੰ ਜ਼ਹਿਰ ਚੜਿਆ ।
ਭੈੜਾ ਨਾਗ ਇਸ਼ਕ ਦਾ ਲੜਿਆ ।

ਚੰਦਨ ਵਰਗਾ ਤਨ ਸੀ ਮੇਰਾ
ਭੱਠੀ ਹਿਜ਼ਰਾ ਦੀ ਵਿੱਚ ਸੜਿਆ ।

ਉਹੀਓ ਗਈਐ ਮਾਰ ਉਡਾਰੀ
ਜਿਸ ਸੀ ਮੈਂ ਲਿਖਿਆ ਪੜਿਆ ।

ਕੀਹਨੂੰ ਅੱਲੇ ਜ਼ਖ਼ਮ ਵਿਖਾਵਾਂ
ਮੇਰਾ ਅੰਗ ਅੰਗ ਜਾਂਦਾ ਸੜਿਆ ।

ਕੇਹੜਾ ਵੈਦ ਉਤਾਰੂ ਦੱਸੀਂ
ਇਸ਼ਕੇ ਦਾ ਜੋ ਤੇਈਆ ਚੜਿਆ ।

ਉਸਦੇ ਬਾਝੋਂ "ਸ਼ਾਇਰ " ਨੇ  ਤਾਂ
ਪੱਲਾ ਮੌਤ ਦੇ ਵਾਲਾ ਫੜਿਆ।

ਦਿਲ ਦੇ ਸੀ ਅਰਮਾਨ ਲੱਖਾਂ ਹੀ
ਪੱਤੇ ਪੱਤਝੜ ਵਾਂਗੂੰ ਝੜਿਆ ।

ਕੀ ਮੁੱਲ ਲਗਦਾ ਸੀ ਵੇ ਤੇਰਾ
ਪਾਰ ਲਗਾ ਦਿੰਦਾ ਜੇ ਘੜਿਆ।

ਜਸਵਿੰਦਰ ਸ਼ਾਇਰ "ਪਪਰਾਲਾ "
9996568220

ਪੁਲਿਸ ਵਿਭਾਗ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਿੰਡ ਭੱਟ ਮਾਜਰਾ ਵਿਖੇ ਲਾਇਆ ਕੈਂਪ

67 ਦਰਖਾਸਤਾਂ ਦਾ ਕੀਤਾ ਨਿਪਟਾਰਾ
ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ (ਰਣਜੀਤ ਸਿੱਧਵਾਂ)  :  ਜ਼ਿਲ੍ਹਾ ਪੁਲਿਸ ਮੁਖੀ  ਡਾਕਟਰ ਰਵਜੋਤ ਕੌਰ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਿੰਡ ਭੱਟ ਮਾਜਰਾ ਵਿਖੇ ਕੈਂਪ ਲਾਇਆ ਗਿਆ। ਜਿਸ ਵਿੱਚ 67  ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ।
ਇਸ ਮੌਕੇ  ਸ੍ਰੀ ਆਲਮ ਵਿਜੈ ਸਿੰਘ ਪੀ.ਪੀ.ਐਸ. (ਕਪਤਾਨ ਪੁਲਿਸ (ਸ), ਫ.ਗ.ਸ.), ਸ੍ਰੀ ਮਨਜੀਤ ਸਿੰਘ ਸਿੰਘ ਪੀ.ਪੀ.ਐਸ. (ਉਪ ਕਪਤਾਨ ਪੁਲਿਸ ਸਰਕਲ ਫ.ਗ.ਸ.) ਅਤੇ ਮੁੱਖ ਅਫ਼ਸਰ ਥਾਣਾ ਸਰਹੰਦ, ਮੁੱਖ ਅਫ਼ਸਰ ਥਾਣਾ ਮੂਲੇਪੁਰ, ਮੁੱਖ ਅਫ਼ਸਰ ਥਾਣਾ ਫਤਹਿਗੜ੍ਹ ਸਾਹਿਬ ਅਤੇ ਇੰਚਾਰਜ ਚੌਕੀ ਸਰਹੰਦ ਮੰਡੀ, ਇੰਚਾਰਜ ਚੌਕੀ ਨਬੀਪੁਰ ਹਾਜਰ ਸਨ।

 

ਜ਼ਿਲ੍ਹਾ ਮੋਗਾ ਵਿੱਚ ਚੱਲ ਰਹੀਆਂ ਗਊਸ਼ਾਲਾਵਾਂ ਦੀ ਹੋਵੇਗੀ ਜ਼ਮੀਨੀ ਪੱਧਰ ਉੱਤੇ ਪੜ੍ਹਤਾਲ - ਡਿਪਟੀ ਕਮਿਸ਼ਨਰ  

ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਜਲਦ ਰਿਪੋਰਟ ਪੇਸ਼ ਕਰਨ ਬਾਰੇ ਕਿਹਾ
 ਕਿਹਾ! ਸੜਕ ਹਾਦਸੇ ਘਟਾਉਣ ਲਈ ਲਾਵਾਰਿਸ ਗਊ ਧੰਨ ਨੂੰ ਸੰਭਾਲਣਾ ਜ਼ਰੂਰੀ
ਮੋਗਾ  12 ਅਪਰੈਲ  (ਰਣਜੀਤ ਸਿੱਧਵਾਂ)  :  ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੀਆਂ ਗਊਸ਼ਾਲਾਵਾਂ ਦੀ ਕਾਰਜਕੁਸ਼ਲਤਾ ਬਾਰੇ ਜ਼ਮੀਨੀ ਪੱਧਰ ਉੱਤੇ ਪੜ੍ਹਤਾਲ ਕਰਨ। ਇਸ ਸਬੰਧੀ ਜਲਦ ਤੋਂ ਜਲਦ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ।
ਪਸ਼ੂ ਪਾਲਣ ਵਿਭਾਗ ਦੀ ਕਾਰਗੁਜ਼ਾਰੀ ਦੀ ਮਹੀਨਾਵਾਰ ਸਮੀਖਿਆ ਦੌਰਾਨ ਡਿਪਟੀ ਡਾਇਰੈਕਟਰ ਸ਼੍ਰੀਮਤੀ ਹਰਵੀਨ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵੇਲੇ ਸਰਕਾਰੀ ਗਊਸ਼ਾਲਾ ਕਿਸ਼ਨਪੁਰਾ ਕਲਾਂ ਸਮੇਤ 39 ਗਊਸ਼ਾਲਾਵਾਂ ਚੱਲ ਰਹੀਆਂ ਹਨ। ਜਿਹਨਾਂ ਵਿੱਚ 14 ਹਜ਼ਾਰ ਤੋਂ ਵਧੇਰੇ ਗਊਆਂ ਨੂੰ ਸੰਭਾਲਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਹਰਵੀਨ ਕੌਰ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਗਊਸ਼ਾਲਾਵਾਂ ਦੀ ਕਾਰਜਕੁਸ਼ਲਤਾ ਦੀ ਜ਼ਮੀਨੀ ਪੱਧਰ ਉੱਤੇ ਤੁਰੰਤ ਪੜ੍ਹਤਾਲ ਕਰਾਉਣ। ਕੁੱਲ ਗਊ ਧੰਨ ਦੀ ਗਿਣਤੀ ਵੀ ਸਪੱਸ਼ਟ ਕਰਨ ਬਾਰੇ ਕਿਹਾ ਗਿਆ। ਇਹ ਵੀ ਪਤਾ ਕੀਤਾ ਜਾਵੇ ਕਿ ਗਊਸਾਲਾਵਾਂ ਕੋਲ ਕਿੰਨਾ ਕਿ ਬੁਨਿਆਦੀ ਢਾਂਚਾ ਹੈ। ਉਹਨਾਂ ਕਿਹਾ ਕਿ ਉਹ ਖੁਦ ਵੀ ਜਲਦੀ ਹੀ ਕੁਝ ਗਊਸ਼ਾਲਾਵਾਂ ਦਾ ਨਿਰੀਖਣ ਕਰਨਗੇ।
ਉਹਨਾਂ ਡਿਪਟੀ ਡਾਇਰੈਕਟਰ ਨੂੰ ਕਿਹਾ ਕਿ ਗਊਸਾਲਾਵਾਂ ਵਿੱਚ ਗਊਆਂ ਦੇ ਟੀਕਾਕਰਨ ਅਤੇ ਲੋੜੀਂਦੇ ਇਲਾਜ਼ ਦਾ ਪੂਰਾ ਖਿਆਲ ਰੱਖਿਆ ਜਾਵੇ। ਉਹਨਾਂ ਕਿਹਾ ਕਿ ਲਾਵਾਰਿਸ ਘੁੰਮਣ ਨਾਲ ਜਿੱਥੇ ਗਊ ਧੰਨ ਦਾ ਨੁਕਸਾਨ ਹੁੰਦਾ ਹੈ ਉਥੇ ਹੀ ਸੜਕ ਹਾਦਸੇ ਵੀ ਹੁੰਦੇ ਹਨ। ਸੜਕ ਹਾਦਸੇ ਘਟਾਉਣ ਲਈ ਲਾਵਾਰਿਸ ਗਊ ਧੰਨ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ। ਉਹਨਾਂ ਪਸ਼ੂ ਪਾਲਕਾਂ ਨੂੰ ਕਿਹਾ ਕਿ ਜਿਹੜੀਆਂ ਗਊਆਂ ਦੁੱਧ ਨਹੀਂ ਦਿੰਦੀਆਂ ਉਹਨਾਂ ਨੂੰ ਲਵਾਰਿਸ ਨਾ ਛੱਡਿਆ ਜਾਵੇ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗਊਆਂ ਦੀ ਸੰਭਾਲ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਕਲੱਬ ਵੱਲੋਂ ਉਪਰਾਲਾ
ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸਮਾਗਮ ਵਿੱਚ ਕੀਤੀ ਸ਼ਿਰਕਤ
ਫ਼ਤਹਿਗੜ੍ਹ ਸਾਹਿਬ, 12 ਅਪਰੈਲ  (ਰਣਜੀਤ ਸਿੱਧਵਾਂ)  : ਸਮਾਜ ਦੀ ਤਰੱਕੀ ਅਤੇ ਚੰਗੇ ਪ੍ਰਸ਼ਾਸਿਨਕ ਅਮਲ ਸਬੰਧੀ ਮੀਡੀਆ ਦੀ ਅਹਿਮ ਭੂਮਿਕਾ ਹੈ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਮੀਡੀਆ ਹਮੇਸ਼ਾਂ ਹੀ ਸਕਾਰਾਤਮਕ ਭੂਮਿਕਾ ਅਦਾ ਕਰਦਾ ਹੈ ਤੇ ਮੀਡੀਆ ਕਲੱਬ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਥਾਪਨਾ ਦਿਵਸ ਸਬੰਧੀ ਕੀਤਾ ਗਿਆ ਸਮਾਗਮ ਸ਼ਲਾਘਾਯੋਗ ਉਪਰਾਲਾ ਹੈ। ਇਹ ਗੱਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਮੀਡੀਆ ਕਲੱਬ, ਫਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜ਼ਿਲ੍ਹੇ ਦੇ ਸਥਾਪਨਾ ਦਿਵਸ ਸਬੰਧੀ ਸਮਾਗਮ ਵਿੱਚ ਸ਼ਾਮਲ ਹੋਣ ਮੌਕੇ ਆਖੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਗਮ ਸਦਕਾ ਇੱਕ ਨਵੀਂ ਪਿਰਤ ਪਈ ਹੈ, ਜੋ ਕਿ ਜਾਰੀ ਰਹਿਣੀ ਚਾਹੀਦੀ ਹੈ। ਇਸ ਨਾਲ ਜਿੱਥੇ ਜ਼ਿਲ੍ਹਾ ਵਾਸੀਆਂ ਵਿੱਚ ਜ਼ਿਲ੍ਹੇ ਲਈ ਅਪਣੱਤ ਦੀ ਭਾਵਨਾ ਵੱਧਦੀ ਹੈ, ਉਥੇ ਨੌਜਵਾਨਾਂ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜ਼ਿਲ੍ਹਾ ਬਣਨ ਸਬੰਧੀ ਇਤਿਹਾਸਕ ਘਟਨਾਕ੍ਰਮ ਸਬੰਧੀ ਵੱਡਮੁੱਲੀ ਜਾਣਕਾਰੀ ਹਾਸਲ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਮੀਡੀਆ ਸਕਾਰਾਤਮਕ ਪਹੁੰਚ ਅਪਣਾ ਕੇ ਸਮਾਜ ਦੀ ਤਰੱਕੀ ਅਤੇ ਚੰਗੇ ਪ੍ਰਸ਼ਾਸਿਨਕ ਅਮਲ ਸਬੰਧੀ ਆਪਣੀ ਭੂਮਿਕਾ ਅਦਾ ਕਰਦਾ ਰਹੇਗਾ।ਇਸ ਮੌਕੇ ਮੀਡੀਆ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਮੀਡੀਆ ਕਲੱਬ ਨੇ ਸ਼ਾਨਮੱਤਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿਲ੍ਹੇ ਵਿੱਚ ਪਹਿਲਾਂ ਵੀ ਵੱਖ- ਵੱਖ ਅਹੁ‌ਦਿਆਂ ਉਤੇ ਕੰਮ ਕਰ ਚੁੱਕੇ ਹਨ ਤੇ ਮੀਡੀਆ ਵੱਲੋਂ ਸਦਾ ਉਨ੍ਹਾਂ ਨੂੰ ਸਹਿਯੋਗ ਮਿਲਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਹਰ ਵਿਭਾਗ ਪੂਰਨ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਏ। ਇਸੇ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਪੂਰਨ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਕੰਮ ਕਰ ਰਹੀ ਹੈ ਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮੀਡੀਆ ਕਰਮੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਕਿਸਮ ਦੀ ਕੋਈ ਘਟਨਾ ਜਾਂ ਜਾਣਕਾਰੀ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਪੁਲਿਸ ਵਿਭਾਗ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾ ਕੇ ਮਾੜੀ ਘਟਨਾਵਾਂ ਨੂੰ ਰੋਕਿਆ ਜਾ ਸਕੇ।ਇਸ ਤੋਂ ਪਹਿਲਾਂ ਮੀਡੀਆ ਕਲੱਬ ਦੇ ਪ੍ਰਧਾਨ ਸ੍ਰੀ ਅਜੈ ਮਲਹੋਤਰਾ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤੀ ਗਿਆ ਤੇ ਧੰਨਵਾਦੀ ਸ਼ਬਦ ਸੀਨੀਅਰ ਪੱਤਰਕਾਰ ਸ. ਜੀ.ਐਸ. ਰੁਪਾਲ ਵੱਲੋਂ ਸਾਂਝੇ ਕੀਤੇ ਗਏ। ਇਸ ਮੌਕੇ ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ ਨੇ ਜ਼ਿਲ੍ਹੇ ਦੀ ਸਥਾਪਨਾ ਸਬੰਧੀ ਇਤਿਹਾਸਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹੇ ਦੀ ਸਥਾਪਨਾ ਦੀ ਖੁਸ਼ੀ ਮੀਡੀਆ ਕਰਮੀਆਂ ਤੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੇਕ ਕੱਟ ਕੇ ਮਨਾਈ ਗਈ। ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਅਸ਼ੋਕ ਕੁਮਾਰ, ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਕੀ, ਮੀਤ ਪ੍ਰਧਾਨ ਪਰਮੋਦ ਭਾਰਦਵਾਜ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਹਿਕ, ਖ਼ਜ਼ਾਨਚੀ ਸ਼੍ਰੀ ਰਾਜੀਵ ਸੂਦ, ਸੰਯੁਕਤ ਸਕੱਤਰ ਸ਼੍ਰੀ ਪਰਵੀਨ ਬੱਤਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਮੀਡੀਆ ਕਰਮੀ ਹਾਜ਼ਰ ਸਨ।

ਬਕਾਇਆ ਪਏ ਜਨਮ, ਮੌਤ ਅਤੇ ਆਮਦਨ ਸਰਟੀਫਿਕੇਟ ਤੁਰੰਤ ਜਾਰੀ ਕੀਤੇ ਜਾਣ - ਡਿਪਟੀ ਕਮਿਸ਼ਨਰ

ਵਿਦਿਆਰਥੀਆਂ ਦੇ ਚੱਲ ਰਹੇ ਦਾਖ਼ਲਿਆਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਹਦਾਇਤ
ਮੋਗਾ  12 ਅਪਰੈਲ  (ਰਣਜੀਤ ਸਿੱਧਵਾਂ)  : ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਮਾਲ ਵਿਭਾਗ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹਨਾਂ ਕੋਲ ਬਕਾਇਆ ਪਏ ਜਨਮ, ਮੌਤ ਅਤੇ ਆਮਦਨ ਸਰਟੀਫਿਕੇਟ ਨਾਲ ਸਬੰਧਤ ਕੇਸ ਤੁਰੰਤ ਨਿਪਟਾਏ ਜਾਣ ਤਾਂ ਜੋ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਚੱਲ ਰਹੇ ਦਾਖ਼ਲਿਆਂ ਦੌਰਾਨ ਕਿਸੇ ਵੀ ਵਿਦਿਆਰਥੀ ਨੂੰ ਕੋਈ ਔਕੜ ਪੇਸ਼ ਨਾ ਆਵੇ। ਉਹ ਸਬੰਧਿਤ ਵਿਭਾਗਾਂ ਦੀ ਮਹੀਨਾਵਾਰ ਪ੍ਰਗਤੀ ਸਮੀਖਿਆ ਕਰ ਰਹੇ ਸਨ। ਵੱਡੀ ਗਿਣਤੀ ਵਿੱਚ ਬਕਾਇਆ ਪਏ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਤੌਰ ਉੱਤੇ ਦੇਖਣ ਵਿੱਚ ਆਉਂਦਾ ਹੈ ਕਿ ਉਕਤ ਦਸਤਾਵੇਜ਼ ਬਹੁਤ ਜਰੂਰੀ ਚਾਹੀਦੇ ਹੁੰਦੇ ਹਨ। ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਅਤੇ ਅਨੁਸੂਚਿਤ ਜਾਤੀਆਂ ਆਦਿ ਨਾਲ ਸਬੰਧਤ ਬੱਚਿਆਂ ਨੂੰ ਵਜ਼ੀਫੇ ਆਦਿ ਲਈ ਆਮਦਨ ਸਰਟੀਫਿਕੇਟ ਦੀ ਤੁਰੰਤ ਲੋੜ ਹੁੰਦੀ ਹੈ ਪਰ ਸਰਕਾਰੀ ਦਫ਼ਤਰਾਂ ਵਿੱਚ ਇਹ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਹੋ ਜਾਂਦੀ ਹੈ ਜਿਸ ਦਾ ਖਮਿਆਜ਼ਾ ਬੱਚਿਆਂ/ਵਿਦਿਆਰਥੀਆਂ ਨੂੰ ਭੁਗਤਣਾ ਪੈਂਦਾ ਹੈ। ਇਸੇ ਤਰ੍ਹਾਂ ਜਨਮ ਅਤੇ ਮੌਤ ਦੇ ਸਰਟੀਫਿਕੇਟ ਵੀ ਕਈ ਕੰਮਾਂ ਲਈ ਲੋੜੀਂਦੇ ਹੁੰਦੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਹਰੇਕ ਸਰਟੀਫਿਕੇਟ ਜਾਰੀ ਕਰਨ ਲਈ ਸਮਾਂ ਤੈਅ ਕੀਤਾ ਹੋਇਆ ਹੈ ਪਰ ਫਿਰ ਵੀ ਕਈ ਹੋਰ ਕਾਰਨਾਂ ਕਰਕੇ ਇਹ ਸਰਟੀਫਿਕੇਟ ਜਾਰੀ ਕਰਨ ਵਿੱਚ  ਦੇਰੀ ਹੋ ਜਾਂਦੀ ਹੈ। ਉਹਨਾਂ ਸਪੱਸ਼ਟ ਕੀਤਾ ਕਿ ਇਹਨਾਂ ਦਸਤਾਵੇਜ਼ਾਂ ਨੂੰ ਜਾਰੀ ਕਰਨ ਸਮੇਤ ਕਿਸੇ ਵੀ ਪ੍ਰਸ਼ਾਸ਼ਕੀ ਸੇਵਾਵਾਂ ਵਿੱਚ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਪੁਲਿਸ, ਸਮਾਜਿਕ ਸੁਰੱਖਿਆ, ਭਲਾਈ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਹਰ ਤਰ੍ਹਾਂ ਦੇ ਬਕਾਇਆ ਮਾਮਲਿਆਂ ਨੂੰ ਤੁਰੰਤ ਨਿਪਟਾਇਆ ਜਾਵੇ।

ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਵੱਲੋਂ ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਸਨਮਾਨਿਤ

ਫ਼ਰੀਦਕੋਟ, 12  ਅਪ੍ਰੈਲ  (ਜਨ ਸ਼ਕਤੀ ਨਿਊਜ਼ ਬਿਊਰੋ)  ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਦੇ ਸਰਪ੍ਰਸਤ ਡਾ. ਨਿਰਮਲ ਕੌਸ਼ਿਕ, ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ, ਪ੍ਰਧਾਨ ਸ਼ਿਵਨਾਥ ਦਰਦੀ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਬਹੁਤ ਥੋੜ੍ਹੇ ਸਮੇਂ ਵਿੱਚ ਹੀ ਸਾਹਿਤ ਖੇਤਰ ਵਿੱਚ ਵਧੀਆ ਉਪਰਾਲਿਆਂ ਨਾਲ ਆਪਣੀ ਵਿਲੱਖਣ ਪਹਿਚਾਣ ਬਣਾ ਲਈ ਹੈ । ਇੱਕ ਨਵੇਕਲੀ ਪਿਰਤ ਅਪਣਾਉਂਦੇ ਹੋਏ ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਵੱਲੋਂ ਬੀਤੇ ਦਿਨੀਂ ਪੰਜਾਬੀ ਸਾਹਿਤ ਸਭਾ , ਸ੍ਰੀ ਮੁਕਤਸਰ ਸਾਹਿਬ ਨੂੰ ਸਾਲਾਨਾ ਸਮਾਗਮ ਅਤੇ ਵੱਖ-ਵੱਖ ਪੁਸਤਕਾਂ ਲੋਕ ਅਰਪਣ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ I ਇਸ ਦੌਰਾਨ ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਾਲਾਨਾ ਸਮਾਗਮ ਵਿੱਚ ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ, ਪ੍ਰਧਾਨ ਸ਼ਿਵਨਾਥ ਦਰਦੀ, ਮੈਂਬਰਾਂ ਵਤਨਵੀਰ ਵਤਨ, ਸਿਕੰਦਰ ਚੰਦਭਾਨ, ਜਸਵੀਰ ਫੀਰਾ, ਹੀਰਾ ਸਿੰਘ ਤੂਤ, ਸੁਖਜਿੰਦਰ ਮੁਹਾਰ ਨੂੰ ਵੀ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਨੇ ਸ਼ਬਦ ਸਾਂਝ ਕੋਟਕਪੂਰਾ ਨੂੰ ਵੀ ਸਾਹਿਤ ਵਿੱਚ ਵਧੀਆ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤਾ ਸੀ। ਉਹਨਾਂ ਦੱਸਿਆ ਕਿ ਬਹੁਤ ਹੀ ਜਲਦ ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਵੱਲੋਂ ਇੱਕ ਸਾਂਝਾ ਕਾਵਿ-ਸੰਗ੍ਰਹਿ ' ਕਲਮਾਂ ਦੇ ਰੰਗ' ਪਾਠਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤਾ ਜਾਵੇਗਾ। ਪ੍ਰਧਾਨ ਸ਼ਿਵਨਾਥ ਦਰਦੀ ਨੇ ਦੱਸਿਆ ਕਿ ਸਭਾ ਵੱਲੋਂ 'ਵਿਸਾਖੀ ਦੇ ਤਿਉਹਾਰ' ਅਤੇ ' ਡਾ. ਅੰਬੇਡਕਰ ਜੀ ਦੇ ਜਨਮ ਦਿਨ' ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਮਿਤੀ 14 ਅਪਰੈਲ 2022 ਦਿਨ ਵੀਰਵਾਰ ਸ਼ਾਮ 06:00 ਤੋਂ 07:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ।

ਮਾਰਕੀਟ ਕਮੇਟੀ ਦੇ ਉੱਪ ਚੇਅਰਮੈਨ ਨੂੰ ਸਦਮਾ ਪਿਤਾ ਦੀ ਮੌਤ

ਹਠੂਰ,11,ਅਪ੍ਰੈਲ-(ਕੌਸ਼ਲ ਮੱਲ੍ਹਾ)-ਮਾਰਕੀਟ ਕਮੇਟੀ ਹਠੂਰ ਦੇ ਉੱਪ ਚੇਅਰਮੈਨ ਦਰਸਨ ਸਿੰਘ ਲੱਖਾ ਅਤੇ ਸਾਬਕਾ ਐਮ ਸੀ ਸੁਖਦੇਵ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋ ਉਨ੍ਹਾ ਦੇ ਪਿਤਾ ਸਾਬਕਾ ਸਰਪੰਚ ਮਲਕੀਤ ਸਿੰਘ ਲੱਖਾ ਅਚਾਨਿਕ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ।ਇਸ ਦੁੱਖ ਦੀ ਘੜੀ ਵਿਚ ਉਨ੍ਹਾ ਦੇ ਪਰਿਵਾਰ ਨਾਲ ਹਲਕੇ ਦੀਆ ਗ੍ਰਾਮ ਪੰਚਾਇਤਾ ਅਤੇ ਨੌਜਵਾਨ ਕਲੱਬਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
 

ਕਿਸਾਨਾਂ ਨੂੰ ਮੰਡੀਆਂ ’ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਡਿਪਟੀ ਕਮਿਸ਼ਨਰ -

ਖਰੀਦ ਸਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੈਲਪਲਾਈਨ ਨੰਬਰ ਜਾਰੀ

-ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ, ਹੁਣ ਤੱਕ 170 ਮੀਟ੍ਰਿਕ ਟਨ ਕਣਕ ਮੰਡੀਆਂ ’ਚ ਪੁੱਜੀ

-ਕਿਸਾਨਾਂ ਨੂੰ ਫ਼ਸਲ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਦੀ ਕੀਤੀ ਅਪੀਲ

 

ਹੁਸ਼ਿਆਰਪੁਰ, 11 ਅਪ੍ਰੈਲ : (ਰਣਜੀਤ ਸਿੱਧਵਾਂ)  :  ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਬੰਧਤ ਵਿਭਾਗਾਂ ਵਲੋਂ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਵਿਚੋਂ ਕਣਕ ਦਾ ਇੱਕ -ਇੱਕ ਦਾਣਾ ਚੁੱਕਣ ਲਈ ਗੰਭੀਰ ਹੈ, ਇਸ ਲਈ ਜਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਖਰੀਦ ਦੌਰਾਨ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।  

  ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਖਰੀਦ ਨਾਲ ਸਬੰਧਤ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੈਲਪਲਾਈਨ ਨੰਬਰ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਿਸਾਨ 90410-72304 ਨੰਬਰ ’ਤੇ ਆਪਣੀ ਸਮੱਸਿਆ ਤੋਂ ਜਾਣੂੰ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੋਬਾਇਲ ਨੰਬਰ ’ਤੇ ਵਟਸਅੱਪ ਦੀ ਸਹੂਲਤ ਵੀ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਬਾਰਦਾਨੇ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹੇ ਵਿੱਚ ਲੋੜੀਂਦਾ ਬਾਰਦਾਨਾ ਉਪਲਬੱਧ ਹੈ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਤੋਂ ਲੈ ਕੇ ਸਾਫ਼-ਸਫ਼ਾਈ ਅਤੇ ਆਰਜੀ ਟੁਆਇਲਟਸ ਆਦਿ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ, ਇਸ ਲਈ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾਣ।  ਡਿਪਟੀ ਕਮਿਸ਼ਨਰ ਨੇ ਜਿਥੇ ਨਿਰਵਿਘਨ ਕਣਕ ਦੀ ਖਰੀਦ ਦੀ ਵਚਨਬੱਧਤਾ ਦੁਹਰਾਈ, ਉਥੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਮੰਡੀਆਂ ਵਿਚ ਕਣਕ ਦੀ ਫ਼ਸਲ ਸੁਕਾ ਕੇ ਹੀ ਲਿਆਂਦੀ ਜਾਵੇ, ਤਾਂ ਜੋ ਖਰੀਦ ਦੌਰਾਨ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਮੀ ਦੀ ਮਾਤਰਾ ਵੀ ਨਿਰਧਾਰਤ ਕੀਤੀ ਗਈ ਹੈ, ਇਸ ਲਈ ਵੱਧ ਨਮੀ ਵਾਲੀ ਕਣਕ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੁੱਲ 64 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਇਸ ਸਾਲ ਮੰਡੀਆਂ ਵਿਚ 3,75,687 ਮੀਟ੍ਰਿਕ ਟਨ ਕਣਕ ਦੀ ਖਰੀਦ ਦੀ ਸੰਭਾਵਨਾ ਹੈ। ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ 170 ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ  ਪਹੁੰਚ ਚੁੱਕੀ ਹੈ, ਜਿਸ ਵਿਚੋਂ 128 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਥੇ ਲਿਫਟਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ, ਉਥੇ ਕਰੀਬ 11 ਲੱਖ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਰਹਿੰਦ-ਖੂੰਹਦ ਨੂੰ ਆਧੁਨਿਕ ਖੇਤੀ ਤਕਨੀਕਾਂ ਰਾਹੀਂ ਜ਼ਮੀਨ ਵਿਚ ਹੀ ਦਬਾਇਆ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਕੰਵਲਜੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਦਸੂਹਾ ਸ੍ਰੀ ਰਣਦੀਪ ਸਿੰਘ ਹੀਰ,  ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਰੇਨੂ ਬਾਲਾ ਵਰਮਾ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਰਜਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਦੇ ਜਿਲ੍ਹਾ ਮੈਨੇਜਰ ਹਾਜ਼ਰ ਸਨ।

ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਲਈ ਪਿੰਡਾਂ ਵਿੱਚ ਸੁਵਿਧਾ ਕੈਂਪ 

ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਵਿਚਲੇ ਵੱਖ-ਵੱਖ ਪਿੰਡਾਂ ਵਿੱਚ ਲਾਏ ਕੈਂਪ  

 

ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਲਿਆ ਜਾਇਜ਼ਾ

 

ਲੋਕਾਂ ਨੂੰ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

 

ਫ਼ਤਹਿਗੜ੍ਹ ਸਾਹਿਬ/ ਮੰਡੀ ਗੋਬਿੰਦਗੜ੍ਹ 11 ਅਪ੍ਰੈਲ  (ਰਣਜੀਤ ਸਿੱਧਵਾਂ)  : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਫੈਸਲਾ ਕੀਤਾ ਗਿਆ ਹੈ ਕਿ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਉਨ੍ਹਾਂ ਦੇ ਘਰਾਂ ਕੋਲ ਜਾ ਕੇ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੰਮਾਂ ਲਈ ਵੱਖ-ਵੱਖ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਇਸੇ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਵੱਖ ਵੱਖ ਪਿੰਡਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਲਈ ਸੁਵਿਧਾ ਕੈਂਪ ਲਾਏ ਗਏ।  

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਪਿੰਡ ਫਤਹਿਗੜ੍ਹ ਨਿਊਆਂ ਵਿਖੇ ਲਾਏ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਦੇ ਲੋਕਾਂ ਦੇ ਫਰਦਾਂ, ਇੰਤਕਾਲ ਅਤੇ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਕੰਮਾਂ ਦੇ ਨਿਪਟਾਰੇ ਲਈ ਇਹ ਕੈਂਪ ਲਗਾਏ ਜਾ ਰਹੇ ਹਨ, ਜੋ ਕਿ ਰੋਸਟਰ ਬਣਾ ਕੇ ਤੈਅ ਸਮੇਂ ਅਨੁਸਾਰ ਵੱਖ-ਵੱਖ ਪਿੰਡਾਂ ਵਿੱਚ ਲੱਗਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਅੱਜ ਲਗਾਏ ਗਏ ਕੈਂਪਾਂ ਵਿੱਚ ਆਈਆਂ ਵੱਡੀ ਗਿਣਤੀ ਦਰਖਾਸਤਾਂ ਤੇ ਬਕਾਇਆ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ, ਜਿਸ ਦੀ ਪਿੰਡਾਂ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਪਿੰਡ ਪੱਧਰ ’ਤੇ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਹੋ ਸਕੇ।

ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਦਫ਼ਤਰਾਂ ਵਿੱਚ ਗੇੜੇ ਮਾਰਨੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਨੂੰ ਦਿੱਕਤਾਂ ਦਰਪੇਸ਼ ਸਨ ਪ੍ਰੰਤੂ ਹੁਣ ਲੋਕਾਂ ਦੇ ਘਰਾਂ ਨਜ਼ਦੀਕ ਜਾ ਕੇ ਸਿ਼ਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਦਿਹਾਤੀ ਖੇਤਰ ਦੇ ਲੋਕਾਂ ਦੇ ਕੰਮ ਤੈਅ ਸਮੇਂ ਅੰਦਰ ਮੁਕੰਮਲ ਹੋ ਸਕਣ। ਸ਼੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਵਿੱਚ ਲੋਕਾਂ ਵੱਲੋਂ ਜੋ ਸਮੱਸਿਆਵਾਂ ਦੱਸੀਆਂ ਜਾਂਦੀਆਂ ਹਨ, ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਦਿਹਾਤੀ ਖੇਤਰ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੇ ਕੰਮਾਂ ਲਈ ਆਪਣੇ ਘਰਾਂ ਤੋਂ ਦੂਰ ਨਾ ਜਾਣ ਅਤੇ ਉਨ੍ਹਾਂ ਦੇ ਕੰਮਾਂ ਦਾ ਛੇਤੀ ਨਿਪਟਾਰਾ ਹੋ ਸਕੇ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਸਬੰਧੀ ਇਨ੍ਹਾਂ ਕੈਂਪਾਂ ਵਿੱਚ ਜਾਣਕਾਰੀ ਦੇਣ ਤਾਂ ਜੋ ਉਨ੍ਹਾਂ ਦੇ ਕੰਮਾਂ ਦਾ ਨਿਪਟਾਰਾ ਹੋ ਸਕੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਜਾਂ ਆਪਣੇ ਜਾਣਕਾਰਾਂ ਨੂੰ ਇਨ੍ਹਾਂ ਕੈਂਪਾਂ ਪ੍ਰਤੀ ਜਾਗਰੂਕ ਵੀ ਕਰਨ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਦਾ ਲਾਹਾ ਲੈ ਸਕਣ। ਸ੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰਮ ਸਮਰਪਣ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਬਾਰੇ ਜਾਗਰੂਕ ਕਰਕੇ ਕੈਂਪਾਂ ਤੋਂ ਲਾਹਾ ਲੈਣ ਲਈ ਪ੍ਰੇਰਣ। ਇਸ ਮੌਕੇ ਐਸ ਡੀ ਐਮ ਅਮਲੋਹ ਸ਼੍ਰੀਮਤੀ ਜੀਵਨਜੋਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਨਿਰਵਿਘਨ ਹੋਵੇ ਕਣਕ ਦੀ ਖ਼ਰੀਦ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਕਣਕ ਦੀ ਖ਼ਰੀਦ ਨਾਲ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

 

ਵੱਖ-ਵੱਖ ਵਿਭਾਗਾਂ ਦੇ ਕਾਰਜਾਂ ਦੀ ਕੀਤੀ ਸਮੀਖਿਆ

 

ਫ਼ਤਹਿਗੜ੍ਹ ਸਾਹਿਬ, 11 ਅਪਰੈਲ  (ਰਣਜੀਤ ਸਿੱਧਵਾਂ)  :  ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਦੀ ਫ਼ਸਲ ਤੈਅ ਸਮੇਂ ਵਿੱਚ ਖਰੀਦੀ ਜਾਣੀ ਯਕੀਨੀ ਬਣਾਉਣ ਦੇ ਨਾਲ-ਨਾਲ ਫ਼ਸਲ ਦੀ ਅਦਾਇਗੀ ਤੇ ਕਣਕ ਦੀ ਲਿਫਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਿਹਲੀ ਕਰਨ ਵਾਲਿਆਂ ਖਿਲਾਫ਼  ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਬੱਚਤ ਭਵਨ ਵਿਖੇ ਕਣਕ ਦੀ ਖਰੀਦ ਨਾਲ ਸਬੰਧਤ ਵਿਭਾਗਾਂ ਤੇ ਏਜੰਸੀਆਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਹਦਾਇਤਾਂ ਹਨ ਕਿ ਕੁਦਰਤੀ ਕਾਰਨਾਂ ਕਰ ਕੇ ਆ ਰਹੇ ਮਾਜੂ ਦਾਣੇ ਦੀ ਖਰੀਦ ਸਬੰਧੀ ਵੀ ਕਿਸਾਨਾਂ ਨੂੰ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਨਾਲ ਸਬੰਧਤ ਸਾਰੇ ਅਧਿਕਾਰੀ ਪੂਰਨ ਸਮਰਪਣ ਭਾਵਨਾ ਨਾਲ ਕੰਮ ਕਰਦੇ ਹੋਏ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਗਰੀਬ ਕਲਿਆਣ ਸਬੰਧੀ ਕੇਂਦਰੀ ਯੋਜਨਾ ਅਤੇ ਆਟਾ ਦਾਲ ਸਕੀਮ ਸਬੰਧੀ ਵੀ ਕਣਕ ਦੀ ਖਰੀਦ ਕੀਤੀ ਜਾਣੀ ਹੈ। ਇਸ ਲਈ ਖਰੀਦ ਏਜੰਸੀਆਂ ਦੇ ਅਧਿਕਾਰੀ ਇਸ ਪੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨ। ਉਨ੍ਹਾਂ ਨੇ ਐਸ.ਡੀ.ਐਮਜ਼ ਸਮੇਤ ਵੱਖ-ਵੱਖ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਫੀਲਡ ਵਿੱਚ ਰਹਿ ਕੇ ਖਰੀਦ ਪ੍ਰਕਿਰਿਆ ਦੀ  ਨਿਗਰਾਨੀ ਕਰਦਿਆਂ ਸੁਚੱਜੀ ਖਰੀਦ ਯਕੀਨੀ ਬਨਾਉਣ। ਇਸ ਮੌਕੇ ਸ੍ਰੀਮਤੀ ਪੂਨਮਦੀਪ ਕੌਰ ਨੇ ਲਿਫਟਿੰਗ ਸਬੰਧੀ ਆਈਆਂ ਦਿੱਕਤਾਂ ਬਾਰੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਸਮੱਸਿਆ ਦੇ ਹੱਲ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।    

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 4205 ਮੀਟ੍ਰਿਕ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 2002 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਨੇ 580 ਐਮ. ਟੀ., ਮਾਰਕਫੈਡ ਨੇ 546, ਪਨਸਪ ਨੇ 388, ਵੇਅਰਹਾਊਸ ਨੇ 328, ਐਫ.ਸੀ.ਆਈ. ਨੇ 10 ਅਤੇ ਵਪਾਰੀਆਂ ਨੇ 150 ਐਮ.ਟੀ. ਕਣਕ ਖਰੀਦੀ ਹੈ।

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਪੱਕੀਆਂ 33 ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਮੰਡੀਆਂ ਵਿੱਚ ਪਾਣੀ, ਲਾਈਟਾਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ। 

 ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਕਣਕ ਦੀ ਖਰੀਦ ਸਬੰਧੀ ਬਾਰਦਾਨੇ ਦੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ। ਕਣਕ ਦੀ ਖ਼ਰੀਦ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸੈਕਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਝਗੜਾ ਨਿਪਟਾਊ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। 

ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਨਾਕੇ ਲਾਏ ਗਏ ਹਨ ਤਾਂ ਜੋ ਬਾਹਰੋਂ ਕਣਕ ਦੀ ਆਮਦ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ। ਦਰਪੇਸ਼ ਸਮੱਸਿਆ ਨੂੰ ਛੇਤੀ ਤੋਂ ਛੇਤੀ ਦੂਰ ਕੀਤਾ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕਾਰਜਾਂ ਦੀ ਸਮੀਖਿਆ ਵੀ ਕੀਤੀ ਤੇ ਉਹਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਬਕਾਇਆ ਕਾਰਜ ਤੈਅ ਸਮੇਂ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ  ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ,  ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਸ਼੍ਰੀ ਹਿਮਾਂਸ਼ੂ ਗੁਪਤਾ, ਐਸ.ਡੀ.ਐਮ.  ਬਸੀ ਪਠਾਣਾ ਸ਼੍ਰੀ  ਯਸ਼ਪਾਲ ਸ਼ਰਮਾ, ਐਸ.ਡੀ.ਐਮ. ਅਮਲੋਹ ਸ਼੍ਰੀਮਤੀ ਜੀਵਨਜੋਤ ਕੌਰ, ਸਮੂਹ ਕਾਰਜਸਾਧਕ ਅਫਸਰਾਂ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਸੰਯਮ ਅਗਰਵਾਲ ਨੇ ਮਾਲੇਰਕੋਟਲਾ ਦੇ ਪਹਿਲੇ ਪੁਰਸ਼ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ -

ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ  ਨੂੰ ਪਹਿਲ ਦੇ ਆਧਾਰ 'ਤੇ ਮਿਲਣਗੀਆਂ ਪ੍ਰਸ਼ਾਸਨਿਕ ਸੇਵਾਵਾਂ

 

-ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਟੀਮ ਵਜੋਂ ਕੰਮ ਕਰਨ ਅਧਿਕਾਰੀ ਤੇ ਕਰਮਚਾਰੀ- ਸੰਯਮ ਅਗਰਵਾਲ

 

ਮਾਲੇਰਕੋਟਲਾ 11 ਅਪ੍ਰੈਲ (ਰਣਜੀਤ ਸਿੱਧਵਾਂ)  :   2012 ਬੈਚ ਦੇ ਆਈ.ਏ. ਐਸ.ਅਧਿਕਾਰੀ ਸ੍ਰੀ ਸੰਯਮ ਅਗਰਵਾਲ ਨੇ ਅੱਜ ਮਾਲੇਰਕੋਟਲਾ ਦੇ ਨਵੇਂ ਅਤੇ ਪਹਿਲੇ ਪੁਰਸ਼ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ।ਉਨ੍ਹਾਂ ਨੇ ਸ੍ਰੀਮਤੀ ਮਾਧਵੀ ਕਟਾਰੀਆ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ । ਅਹੁਦਾ ਸੰਭਾਲਣ ਮੌਕੇ ਸ੍ਰੀ ਸੰਯਮ ਅਗਰਵਾਲ ਨੇ ਕਿਹਾ ਕਿ ' ਪੰਜਾਬ ਦਾ ਨਵਾਂ ਬਣਿਆ 23ਵਾਂ ਜ਼ਿਲ੍ਹਾ ਮਾਲੇਰਕੋਟਲਾ ਹਰ ਪੱਖ ਤੋਂ ਇੱਕ ਮਹੱਤਵਪੂਰਨ ਜ਼ਿਲ੍ਹਾ ਹੈ, ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨਾ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਵਿਸ਼ੇਸ਼ ਪਹਿਲਕਦਮੀ ਹੋਵੇਗੀ।'

 ਉਨ੍ਹਾਂ ਕਿਹਾ ਕਿ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ  ਨੂੰ ਪਹਿਲ ਦੇ ਆਧਾਰ 'ਤੇ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੋਣ ਦੀ ਪ੍ਰਾਥਮਿਕਤਾ ਹੋਵੇਗੀ । ਉਨ੍ਹਾਂ ਕਿਹਾ ਕਿ ਲੋੜਵੰਦਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਰੱਖਣ ਸਮੇਤ ਕੰਮ ਪ੍ਰਤੀ ਵਚਨਬੱਧਤਾ ਅਤੇ ਤੁਰੰਤ ਫ਼ੈਸਲੇ ਲੈਣ ਲਈ ਜਾਣ । ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।  ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ  ਉਹ ਜਨ ਹਿਤ ਸੇਵਾਵਾਂ ਤੈਅ ਸਮਾਂ ਸੀਮਾ ਦੇਣ ਨੂੰ ਯਕੀਨੀ ਬਣਾਉਣ । ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕਰਨ। ਆਈ.ਆਈ. ਟੀ ਕਾਨਪੁਰ ਤੋਂ ਇੰਜੀਨੀਅਰਿੰਗ ਵਿਸ਼ੇ 'ਚ ਗ੍ਰੈਜੂਏਟ, ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਪਠਾਨਕੋਟ, ਸੀ.ਓ.ਸਮਾਰਟ ਸਿਟੀ ਲੁਧਿਆਣਾ ਅਤੇ ਵਧੀਕ ਕਮਿਸ਼ਨਰ ਕਾਰਪੋਰੇਸ਼ਨ ਲੁਧਿਆਣਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ 2012 ਚੋਂ ਪਹਿਲੀ ਪੋਸਟਿੰਗ ਐਸ.ਡੀ.ਐਮ. ਖੰਨਾ ਵਿਖੇ ਹੋਈ। ਇਸ ਤੋਂ ਇਲਾਵਾ ਉਹ ਐਸ.ਡੀ.ਐਮ. ਚਮਕੌਰ ਸਾਹਿਬ, ਲੁਧਿਆਣਾ, ਏ.ਡੀ.ਸੀ. ਮਾਨਸਾ ਅਤੇ ਕਮਿਸ਼ਨਰ ਦੇ ਅਹੁਦੇ ਤੇ ਰਹਿੰਦਿਆਂ ਬਠਿੰਡਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆ ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹਾ ਪੰਜਾਬ ਦਾ ਇੱਕ ਅਹਿਮ ਜ਼ਿਲ੍ਹਿਆਂ ਵਿੱਚੋਂ ਇੱਕ ਜ਼ਿਲ੍ਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਰਾਇ ਜਾਣ ਕੇ ਹੀ ਉਹ ਜ਼ਿਲ੍ਹੇ ਦੇ ਵਿਕਾਸ ਦੇ ਕਾਰਜਾਂ ਨੂੰ ਪਹਿਲ ਦੇ ਅਧਾਰ ਕਰਵਾਉਣ ਨੂੰ ਆਪਣੀ ਪ੍ਰਾਥਮਿਕਤਾ ਦੇਣਗੇ । ਉਨ੍ਹਾਂ ਸਮੇਤ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹਿਣ ਤਾਂ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸੁਖਾਲੀਆਂ ਹੀ ਪ੍ਰਦਾਨ ਹੋ ਸਕਣ ਅਤੇ ਲੋਕਾਂ ਨੂੰ ਉਡੀਕ ਨਾ ਕਰਨੀ ਪਵੇ।  ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਟੀਮ ਵਜੋਂ ਕੰਮ ਕਰਨਾ ਯਕੀਨੀ ਬਣਾਉਣ।  ਡਿਪਟੀ ਕਮਿਸ਼ਨਰ ਨੇ ਇਸ ਤੋਂ ਬਾਅਦ ਸਮੂਹ ਐਸ.ਡੀ.ਐਮਜ ਅਤੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਕੇ ਕਣਕ ਦੀ ਖ਼ਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਹਦਾਇਤ ਕੀਤੀ ਕਿ ਕਿਸਾਨਾਂ ਦੀ ਮੰਡੀਆਂ ਵਿੱਚ ਪੁੱਜੀ ਜਿਣਸ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇ। ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਨੂੰ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਪੁੱਜਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਨੇ 'ਗਾਰਡ ਆਫ਼ ਆਨਰ' ਪੇਸ਼ ਕਰਕੇ ਸਲਾਮੀ ਦਿੱਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸਮੂਹ ਬ੍ਰਾਂਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਅਹੁਦਾ  ਸੰਭਾਲਣ  ਸਮੇਂ ਸ੍ਰੀ ਸੰਯਮ ਅਗਰਵਾਲ ਦਾ ਸਵਾਗਤ ਕੀਤਾ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਸ੍ਰੀ ਅਰੁਣ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਐਸ.ਪੀ. ਇੰਵੇਸਟੀਗੇਸ਼ਨ ਸ੍ਰੀ ਰਮਨੀਸ ਚੋਧਰੀ, ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਜਸਬੀਰ ਸਿੰਘ, ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ.ਮਾਲੇਰਕੋਟਲਾ ਸ੍ਰੀ ਮਨਦੀਪ ਸਿੰਘ, ਸਿਵਲ ਸਰਜਨ ਡਾਕਟਰ ਮੁਕੇਸ਼ ਕੁਮਾਰ,ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਅਫ਼ਸਰ ਸ੍ਰੀਮਤੀ ਰੂਪ ਪ੍ਰੀਤ ਕੌਰ,ਕਾਰਜ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਸ੍ਰੀਮਤੀ ਨੀਰੂ ਬਾਲਾ,ਡੀ.ਡੀ.ਪੀ.ਓ ਸ੍ਰੀਮਤੀ ਰਿੰਪੀ ਗਰਗ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰਪਾਲ ਸਿੰਘ, ਤਹਿਸੀਲਦਾਰ ਸ੍ਰੀ ਹਰਫੂਲ ਸਿੰਘ ਗਿੱਲ, ਨਾਇਬ ਤਹਿਸੀਲਦਾਰ ਸ੍ਰੀ ਖੁਸ਼ਵਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ ।

ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਬੁੱਤ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹਡ਼ਤਾਲ ਦਾ 50ਵਾਂ ਦਿਨ   

ਅਸੀਂ ਇਹ ਹੱਕੀ ਲੜਾਈ ਬੰਦੀ ਸਿੰਘਾਂ ਦੀ ਰਿਹਾਈ ਜਲਦ ਫ਼ਤਹਿ ਕਰਾਂਗੇ : ਦੇਵ ਸਰਾਭਾ 

 

ਮੁੱਲਾਪੁਰ ਦਾਖਾ 11 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਸ਼ਹੀਦ ਸਰਾਭਾ ਚੌਕ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਥਕ ਮੋਰਚਾ ਭੁੱਖ ਹਡ਼ਤਾਲ ਦਾ 50 ਦਿਨ ਹੋਏ ਪੂਰੇ ਅੱਜ ਭੁੱਖ ਹੜਤਾਲ ਤੇ ਬਲਦੇਵ ਸਿੰਘ ਦੇਵ ਸਰਾਭਾ ਨਾਲ ਬੈਠਣ ਵਾਲੇ ਸਹਿਯੋਗੀ ਕੈਪਟਨ ਰਾਮਲੋਕ ਸਿੰਘ ਸਰਾਭਾ, ਜਸਪਾਲ ਸਿੰਘ ਸਰਾਭਾ, ਪਰਵਿੰਦਰ ਸਿੰਘ ਬਿੱਟੂ ਸਰਾਭਾ, ਬਲੌਰ ਸਿੰਘ ਸਰਾਭਾ ਆਦਿ ਬੈਠੇ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਪੰਜਾਬ ਚ ਨਵੀਂ ਬਣੀ ਸਰਕਾਰ ਜਿਵੇਂ ਸੌਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕਰਦੀ ਸੀ ਉਹ ਹੁਣ ਲਾਰੇ ਬਣਦੇ ਦਿਖਾਈ ਦਿੰਦੇ ਨੇ  ਭਾਵੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਹ ਐਲਾਨ ਕੀਤਾ ਸੀ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਚੌਵੀ ਘੰਟੇ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਪਰ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ ਪਰ ਅੱਜ ਉਨ੍ਹਾਂ ਦੀ ਸਰਕਾਰ ਬਣੀ ਨੂੰ ਪੰਜਾਬ ਚ ਚੌਵੀ ਦਿਨਾਂ ਤੋਂ ਉਪਰ ਬੀਤ ਚੁੱਕੇ ਹਨ ਪਰ ਹਾਲੇ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ।ਉਨ੍ਹਾਂ ਨੇ ਅੱਗੇ ਆਖਿਆ ਕਿ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ਦੇ ਪਿੰਡ ਪਿੰਡ ਹਰ ਘਰ ਦੇ ਵਿਚੋਂ ਇਕ ਵਿਅਕਤੀ ਜ਼ਰੂਰ ਅਵਾਜ਼ ਬੁਲੰਦ ਕਰਨ ਤਾਂ ਜੋ ਸਜ਼ਾਵਾਂ ਭੁਗਤ ਚੁੱਕੇ ਸਿੱਖ ਕੌਮ ਦੇ ਜੁਝਾਰੂਆਂ ਨੂੰ ਜਲਦ ਰਿਹਾਅ ਕਰਵਾ ਸਕੀਏ । ਦੇਵ ਸਰਾਭਾ ਨੇ ਆਖ਼ਰ ਵਿੱਚ ਆਖਿਆ ਕਿ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ  ਪੰਥਕ ਮੋਰਚਾ ਭੁੱਖ ਹਡ਼ਤਾਲ ਚ ਹਾਜ਼ਰੀ ਲਗਵਾਉਂਦੇ ਨੇ ਉਨ੍ਹਾਂ ਦੇ ਅਸੀਂ ਧੰਨਵਾਦੀ ਹਾਂ  ਅਤੇ ਜਿਨ੍ਹਾਂ ਨੇ ਪੰਜਾਹ ਦਿਨਾਂ ਦੇ ਬੀਤਣ ਦੇ ਬਾਵਜੂਦ ਹਾਲੇ ਤੱਕ ਹਾਜ਼ਰੀ ਲਾਉਣੀ ਵੀ ਜ਼ਰੂਰੀ ਨਹੀਂ ਸਮਝੀ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਜ਼ਰੂਰ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਬੁੱਤ ਸਾਹਮਣੇ ਲੱਗੇ ਮੋਰਚੇ ਵਿੱਚ ਪਹੁੰਚ ਕੇ ਸਾਥ ਦੇਣ ਤਾਂ ਜੋ ਅਸੀਂ ਇਹ ਹਕੀਕੀ ਲੜਾਈ ਬੰਦੀ ਸਿੰਘਾਂ ਦੀ ਰਿਹਾਈ ਜਲਦ ਫ਼ਤਹਿ ਕਰਵਾ ਸਕਣਗੇ । ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾ, ਇੰਦਰਜੀਤ ਸਿੰਘ ਸਹਿਜਾਦ,ਕੁਲਜੀਤ ਸਿੰਘ ਭੰਮਰਾ ਸਰਾਭਾ, ਹਰਜਿੰਦਰ ਸਿੰਘ ਸਰਾਭਾ,ਬਲਵਿੰਦਰ ਸਿੰਘ ਸਰਾਭਾ, ਗੁਲਜ਼ਾਰ ਸਿੰਘ ਮੋਹੀ,ਪੰਚ ਜੁਗਰਾਜ ਸਿੰਘ ਰਾਜੀ ਸਰਾਭਾ, ਪੰਚ ਹਰਪ੍ਰੀਤ ਸਿੰਘ ਹੈਪੀ ਸਰਾਭਾ ,ਹਰਦੀਪ ਸਿੰਘ ਜਸਵਿੰਦਰ ਸਿੰਘ ਕਾਲਖ ,ਜੱਗਧੂੜ ਸਿੰਘ ਸਰਾਭਾ ਤੁਲਸੀ ਸਿੰਘ,ਪਰਮਜੀਤ ਸਿੰਘ ਪੰਮੀ  ਆਦਿ ਨੇ ਵੀ ਹਾਜ਼ਰੀ ਲਵਾਈ।

ਦਿਲ ਦਾ ਦੌਰਾ ਪੈਣ ਕਾਰਨ ਮੋਟਰਸਾਇਕਲ ਸਵਾਰ ਦੀ ਮੌਤ

ਹਠੂਰ,11,ਅਪ੍ਰੈਲ-(ਕੌਸ਼ਲ ਮੱਲ੍ਹਾ)-ਪਿੰਡ ਰਸੂਲਪੁਰ (ਮੱਲ੍ਹਾ)ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੋਟਰਸਾਇਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਕੁਲਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਮ੍ਰਿਤਕ ਜਗਤਾਰ ਸਿੰਘ ਵਾਸੀ ਡੱਲਾ ਜੋ ਪਿੰਡ ਰਸੂਲਪੁਰ ਵਿਖੇ ਮੈਡੀਕਲ ਸਟੋਰ ਚਲਾ ਰਿਹਾ ਸੀ ਅਤੇ 9 ਅਪ੍ਰੈਲ ਨੂੰ ਰੋਜਾਨਾ ਦੀ ਤਰ੍ਹਾ ਆਪਣਾ ਮੈਡੀਕਲ ਸਟੋਰ ਬੰਦ ਕਰਕੇ ਆਪਣੇ ਮੋਟਰਸਾਇਕਲ ਤੇ ਪਿੰਡ ਡੱਲਾ ਨੂੰ ਵਾਪਸ ਜਾ ਰਿਹਾ ਸੀ ਰਸਤੇ ਵਿਚ ਦਿਲ ਦਾ ਦੌਰਾ ਪੈਣ ਕਾਰਨ ਉਹ ਮੋਟਰਸਾਇਕਲ ਤੋ ਡਿੱਗ ਪਿਆ ਜਿਸ ਦੇ ਸਿਰ ਵਿਚ ਗੰਭੀਰ ਸੱਟ ਲੱਗੀ।ਜਿਸ ਨੂੰ ਪਿੰਡ ਰਸੂਲਪੁਰ ਵਾਸੀਆ ਨੇ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਤਾਂ ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ।ਜਿਸ ਦਾ ਅੰਤਿਮ ਸਸਕਾਰ ਉਨ੍ਹਾ ਦੇ ਵਿਦੇਸ ਗਏ ਪੁੱਤਰ ਦੇ ਵਾਪਸ ਪਰਤਣ ਤੇ 12 ਅਪ੍ਰੈਲ ਦਿਨ ਮੰਗਲਵਾਰ ਨੂੰ ਸਵੇਰੇ ਦਸ ਵਜੇ ਪਿੰਡ ਡੱਲਾ ਵਿਖੇ ਕੀਤਾ ਜਾਵੇਗਾ।

ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਵਫ਼ਦ ਐੱਸਐੱਸਪੀ ਸਾਹਿਬ ਗੁਰਦਾਸਪੁਰ ਨੂੰ ਮਿਲਿਆ      

 ਪੀੜਤ ਬੱਚੀ ਨੂੰ ਇਨਸਾਫ਼ ਦਿਵਾਉਣ ਅੱਜ ਦਾ ਮੁਜ਼ਾਹਰਾ ਕੀਤਾ ਮੁਲਤਵੀ  

ਗੁਰਦਾਸਪੁਰ (ਹਰਪਾਲ ਸਿੰਘ ਦਿਉਲ)  ਜਬਰ ਵਿਰੋਧੀ ਸੰਘਰਸ਼ ਕਮੇਟੀ ਦੀ ਅੱਜ ਇਕ ਹੰਗਾਮੀ ਮੀਟਿੰਗ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ   ਗੁਰਦੀਪ ਸਿੰਘ ਮੁਸਤਫਾਬਾਦ ਦੀ ਪ੍ਰਧਾਨਗੀ ਵਿੱਚ ਹੋਈ  ।

ਮੀਟਿੰਗ ਵਿੱਚ ਸੁਖਜਿੰਦਰਾ ਕਾਲਜ ਵਿੱਚ ਪੜ੍ਹ ਰਹੀ ਬੱਚੀ ਦੇ ਨਾਲ ਹੋਈ ਜ਼ਿਆਦਤੀ ਬਾਰੇ  ਇਨਸਾਫ਼ ਦਿਵਾਉਣ ਲਈ ਹਰ ਪਹਿਲੂ ਤੇ ਵਿਚਾਰ ਕੀਤਾ ਗਿਆ  ।ਇਸ ਉਪਰੰਤ ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਵਫ਼ਦ ਐੱਸਐੱਸਪੀ ਗੁਰਦਾਸਪੁਰ ਸ.ਹਰਜੀਤ ਸਿੰਘ ਹੋਰਾਂ  ਨੂੰ ਮਿਲਿਆ  ।ਇਸ ਮੌਕੇ ਐੱਸ.ਪੀ   ਸ੍ਰੀ ਮੁਕੇਸ਼ ਕੁਮਾਰ ਤੋਂ ਇਲਾਵਾ ਐਸਆਈਟੀ ਦੀਆਂ ਦੋ ਮੈਂਬਰਾਂ ਵੀ ਸ਼ਾਮਲ ਸਨ  ।ਸੰਘਰਸ਼ ਕਮੇਟੀ ਦੇ ਮੈਂਬਰਾਂ ਦੇ ਵਫ਼ਦ ਵੱਲੋਂ ਹੁਣ ਤਕ ਦੋਸ਼ੀ ਨੂੰ ਨਾ ਲੱਭੇ ਜਾਣ ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ  ।ਅਤੇ ਦੱਸਿਆ ਕਿ ਇਸ ਬਾਰੇ ਲੋਕ ਬਹੁਤ ਚਿੰਤਾਤੁਰ ਹਨ ਅਤੇ ਕਈ ਤਰ੍ਹਾਂ ਦੇ ਸ਼ੰਕੇ ਵੀ ਉੱਭਰ ਰਹੇ ਹਨ  ।

ਇਹ ਵੀ ਦੱਸਿਆ ਕਿ ਦੇਰੀ ਹੋਣ ਨਾਲ ਪੁਲੀਸ ਦੀ ਕਾਰਗੁਜ਼ਾਰੀ ਤੇ ਵੀ ਲੋਕ ਇਤਰਾਜ਼ ਕਰ ਰਹੇ ਹਨ  ।

ਐੱਸ ਐੱਸ ਪੀ ਦਫਤਰ ਵੱਲੋਂ ਹੁਣ ਤੱਕ ਕੀਤੀ ਕਾਰਗੁਜ਼ਾਰੀ ਬਾਰੇ ਦੱਸਿਆ ਗਿਆ ਕਿ ਉਨ੍ਹਾਂ ਨੇ ਲਗਾਤਾਰ ਘੋਖ ਪਡ਼ਤਾਲ ਜਾਰੀ ਰੱਖੀ ਹੋਈ ਹੈ ਅਤੇ ਬੱਚੀ ਨੂੰ ਸਕੂਲ ਪੜ੍ਹਾਉਂਦੀਆਂ  ਬਹੁਤ ਸਾਰੀਆਂ ਮੈਡਮਾਂ ਦੀਆਂ ਫੋਟੋਆਂ   ਵਿਖਾਉਣ 'ਤੇ  ਬੱਚੀ ਨੇ ਇਕ ਮੈਡਮ ਦੀ ਪਛਾਣ ਕੀਤੀ ਹੈ ਜਿਸ ਬਾਰੇ ਬੱਚੀ  ਨੇ ਕਿਹਾ ਕਿ ਉਸ ਨੇ 

ਉਸ ਮੈਡਮ ਨੂੰ ਆਪਣੇ ਨਾਲ ਹੋਈ ਜ਼ਿਆਦਤੀ ਬਾਰੇ  ਦੱਸਿਆ ਸੀ ।ਪੁਲੀਸ ਵੱਲੋਂ ਦੱਸਿਆ ਗਿਆ ਕਿ ਉਹ ਉਸ ਮੈਡਮ ਤੋਂ ਲੋੜੀਂਦੀ ਪੁੱਛ ਪੜਤਾਲ ਕਰ ਰਹੇ ਹਨ  ।ਕੈਮਰੇ ਵੀ ਹੋਰ ਬਰੀਕੀ ਨਾਲ ਘੋਖਿਆ ਜਾ ਰਹੇ ਹਨ  ।ਸਕੂਲ ਅਤੇ ਸਕੂਲ ਤੋਂ ਬਾਹਰ ਮੁਕੰਮਲ ਤੌਰ ਤੇ ਘੋਖ ਪੜਤਾਲ ਕੀਤੀ ਜਾ ਰਹੀ ਹੈ  ।ਵਫ਼ਦ ਨੂੰ ਦੱਸਿਆ ਗਿਆ ਕਿ ਇਕ ਦੋ ਦਿਨ ਤਕ ਹੀ ਦੋਸ਼ੀ ਲੱਭ ਲਿਆ ਜਾਵੇਗਾ ਅਤੇ ਪੁਲੀਸ ਇਸ ਗੰਭੀਰ ਮਸਲੇ ਨੂੰ ਛੇਤੀ ਤੋਂ ਛੇਤੀ ਹੱਲ ਕਰਨਾ ਚਾਹੁੰਦੀ ਹੈ ਅਤੇ ਪਹਿਲ ਦੇ ਆਧਾਰ ਤੇ ਇਸ ਦੀ ਹਰ ਪੱਖ ਤੋਂ ਹਰ ਸਾਲ ਹੋਰ ਤੇਜ਼ ਕੀਤੀ ਜਾਵੇਗੀ ।  ਵਫ਼ਦ ਵੱਲੋਂ ਐੱਸਐੱਸਪੀ ਦੀ ਮੀਟਿੰਗ ਤੋਂ ਬਾਅਦ ਆਪਣੇ ਇਸ ਬਾਰੇ  ਹੋਰ ਵਿਚਾਰ ਵਟਾਂਦਰਾ  ਕੀਤਾ  ।ਅਖੀਰ ਸਾਰੀਆਂ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਵਿਚਾਰ ਕਾਰਨਾਂ ਉਪਰੰਤ ਫ਼ੈਸਲਾ ਕੀਤਾ ਕਿ ਫਿਲਹਾਲ ਗਿਆਰਾਂ ਅਪ੍ਰੈਲ ਦਾ ਐਕਸ਼ਨ ਮੁਲਤਵੀ ਕਰ ਦਿੱਤਾ ਜਾਵੇ ਅਤੇ ਕੁਝ ਦਿਨ   ਹੋਰ  ਉਡੀਕਿਆ ਜਾਵੇ  ।ਅਗਰ ਪੁਲੀਸ ਵੱਲੋਂ ਫੇਰ ਵੀ ਕੋਈ ਦੋਸ਼ੀ ਨਹੀਂ ਲੱਭਿਆ ਜਾਂਦਾ ਜਾਂ ਪ੍ਰਾਈਵੇਟ ਸਕੂਲਾਂ ਦਾ ਦਬਾਅ ਕਬੂਲਿਆ ਜਾਂਦਾ ਹੈ ਤਾਂ ਫੇਰ ਸਮੂਹ ਕਿਸਾਨ ਮਜ਼ਦੂਰ ਅਤੇ ਹੋਰ ਸਮਾਜਕ ਧਾਰਮਕ   ਜਥੇਬੰਦੀਆਂ ਨੂੰ ਨਾਲ ਲੈ ਕੇ   ਵੱਡਾ ਐਕਸ਼ਨ ਥੋੜ੍ਹੇ  ਹੀ ਦਿਨਾਂ ਬਾਅਦ  ਉਲੀਕਿਆ   ਜਾਵੇਗਾ   ।

 ਜਬਰ ਵਿਰੋਧੀ ਸੰਘਰਸ਼ ਕਮੇਟੀ ਵੱਲੋਂ ਇਹ ਅਹਿਦ ਫਿਰ ਦੁਹਰਾਇਆ ਗਿਆ  ਕਿ ਪੀਡ਼ਤ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਹਰ ਹਾਲਤ ਵਿਚ ਯਤਨ ਕੀਤੇ ਜਾਣਗੇ । 

     ਮੀਟਿੰਗ ਵਿੱਚ ਗੁਰਦੀਪ ਸਿੰਘ ਮੁਸਤਫਾਬਾਦ ਸੋ ਬਿਨਾਂ ਸੁਖਦੇਵ ਸਿੰਘ ਭਾਗੋਕਾਵਾਂ ਅਜੀਤ ਸਿੰਘ ਹੁੰਦਲ  ਮੱਖਣ ਸਿੰਘ ਤਿੱਬੜ   ਸੁਖਦੇਵ ਰਾਜ ਬਹਿਰਾਮਪੁਰ ਮੱਖਣ ਸਿੰਘ ਕੁਹਾੜ ਰਘਬੀਰ ਸਿੰਘ ਚਾਹਲ   ਕਪੂਰ ਸਿੰਘ ਘੁੰਮਾਣ

ਕੁਲਵਿੰਦਰ ਸਿੰਘ ਤਿੱਬੜ   ਜੋਗਿੰਦਰਪਾਲ ਘਰਾਲਾ   ਬਲਬੀਰ ਸਿੰਘ ਉੱਚਾ ਧਕਾਲਾ  ਗੁਰਮੀਤ ਸਿੰਘ ਥਾਣੇਵਾਲ   ਆਦਿ ਵੀ ਹਾਜ਼ਰ ਸਨ

ਹੱਕ ਲੈਣ ਲਈ ਲੜਨਾ ਪੈਂਦਾ,ਜੋ ਲੜਦੇ ਨੇ ਉਹ ਹਾਰਦੇ ਨਹੀਂ, ਜਿੱਤਦੇ ਨੇ : ਦੇਵ ਸਰਾਭਾ 

ਮੁੱਲਾਂਪੁਰ ਦਾਖਾ 10 ਅਪ੍ਰੈਲ  (ਸਤਵਿੰਦਰ  ਸਿੰਘ ਗਿੱਲ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜਨਮ ਭੂਮੀ ਪਿੰਡ ਸਰਾਭਾ ਦੇ ਸ਼ਹੀਦ ਸਰਾਭਾ ਚੌਂਕ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਬਾਬਾ ਸਰਾਭਾ ਜੀ ਦੇ ਬੁੱਤ ਸਾਹਮਣੇ ਬਲਦੇਵ ਸਿੰਘ ਸਰਾਭਾ ‘ਦੇਵ ਸਰਾਭਾ’ ਵਲੋਂ ਪਿਛਲੇ 49 ਦਿਨਾਂ ਤੋਂ ਪੰਥਕ ਤੇ ਪੰਜਾਬ ਸਬੰਧੀ ਜੁੜੇ ਅਹਿਮ ਮਸਲਿਆਂ ਦੇ ਸਦੀਵੀ ਹੱਲ ਲਈ ਭੁੱਖ ਹੜਤਾਲ ‘ਤੇ ਬੈਠਾ ਹੋਇਆ ਹੈ। ਉਸਦੀ ਭੁੱਖ ਹੜਤਾਲ ਨੂੰ ਸਮਰਥਨ ਦੇਣ ਵਾਲਿਆਂ ‘ਚ ਅੱਜ ਰਾਜਬੀਰ ਸਿੰਘ ਲੋਹਟਬੱਧੀ, ਅੰਮ੍ਰਿਤ ਸਿੰਘ ਲੋਹਟਬੱਧੀ,ਅਮਰਜੀਤ ਸਿੰਘ  ਸਰਾਭਾ,ਪਰਮਿੰਦਰ ਸਿੰਘ ਬਿੱਟੂ ਸਰਾਭਾ ਆਦਿ ਦੇਵ ਸਰਾਭੇ ਨਾਲ ਬੈਠੇ  । ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੇਵ ਸਰਾਭਾ ਨੇ ਆਖਿਆ ਕਿ ਪੰਜਾਬ ਦੇਸ਼ ਦੇ ਲੋਕੋ ਕਦੇ ਇਕੱਲੇ ਬੈਠ ਕੇ ਜ਼ਰੂਰ ਸੋਚਿਓ ਕਿ ਜਿਹੜੇ ਸਿੱਖ ਕੌਮ ਦੇ ਭਲੇ ਲਈ ਆਪਣੇ ਪਰਿਵਾਰ ਆਪਣੀਆਂ ਜ਼ਿੰਦਗੀਆਂ ਕਾਲ ਕੋਠੜੀਆਂ ਸਾਡੇ ਲਈ ਗੁਜ਼ਾਰ ਰਹੇ ਨੇ ਜੇਕਰ ਅਸੀਂ ਉਨ੍ਹਾਂ ਸੂਰਮਿਆਂ ਨੂੰ ਰਿਹਾਅ ਨਾ ਕਰਵਾ ਸਕੇ ਤਾਂ ਅਸੀਂ ਉਨ੍ਹਾਂ ਦਾ ਕੀ ਮੁੱਲ ਮੋਡ਼ਿਆ । ਉਨ੍ਹਾਂ ਨੇ ਅੱਗੇ ਆਖਿਆ ਕਿ ਹੱਕ ਲੈਣ ਲਈ ਲੜਨਾ ਪੈਂਦਾ, ਜਿਹੜੇ ਲੜਦੇ ਨੇ ਉਹ ਹਾਰਦੇ ਨਹੀਂ, ਜਿੱਤਦੇ ਨੇ ਸੋ ਕੱਠੇ ਹੋ ਕੇ ਸ਼ਹੀਦ ਸਰਾਭਾ ਦੇ ਜੱਦੀ ਪਿੰਡ ਪੰਥਕ ਮੋਰਚਾ ਭੁੱਖ ਹਡ਼ਤਾਲ 'ਚ ਇਸੇ ਤਰ੍ਹਾਂ ਲਗਾਤਾਰ ਪਹੁੰਚਦੇ ਰਹੋ ਜਲਦ ਜਿੱਤਾਂਗੇ । ਜਦ ਕਿ ਮੋਰਚੇ ਪ੍ਰਮਾਤਮਾ ਦੀ ਮਿਹਰ ਨਾਲ ਚੱਲਦੇ ਨੇ ਆਖ਼ਰ ਜਿੱਤ ਸਾਡੀ ਹੋਊਗੀ । ਉਨ੍ਹਾਂ ਆਖ਼ਰ ਵਿੱਚ ਆਖਿਆ ਕਿ ਜਿਸ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਗੋਰੀ ਸਰਕਾਰ ਦੀ ਈਨ ਨਹੀਂ ਮੰਨੀ ਤਾਂ ਉਹਦੇ ਵਾਰਸ ਇਹ ਕਾਲੇ ਅੰਗਰੇਜ਼ ਤੂੰ ਕਿੱਥੇ ਹਾਰਨਗੇ ।      ਅੱਜ ਦੇ ਭੁੱਖ ਹੜਤਾਲ ‘ਚ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾ, ਇੰਦਰਜੀਤ ਸਿੰਘ ਸਹਿਜਾਦ, ਕੁਲਜੀਤ ਸਿੰਘ ਭੰਮਰਾ ਸਰਾਭਾ, ਕੈਪਟਨ ਰਾਮਲੋਕ ਸਿੰਘ ਸਰਾਭਾ,ਦਲਵੀਰ ਸਿੰਘ ਜੋਧਾਂ, ਚਰਨਜੀਤ ਸਿੰਘ ਚੰਨਾ ਸਰਾਭਾ,ਮੋਹਣ ਸਿੰਘ ਮੋਮਨਾਬਾਦੀ,    ਬਲਦੇਵ ਸਿੰਘ ਈਸ਼ਨਪੁਰ, ਕੁਲਦੀਪ ਸਿੰਘ ਕਿਲਾ ਰਾਏਪੁਰ, ਬਲਵਿੰਦਰ ਸਿੰਘ ਸਰਾਭਾ,ਪੰਚ ਬਰਲਾਸ ਸਿੰਘ ਰਾਜੀ ਸਰਾਭਾ,ਪੰਚ ਹਰਪ੍ਰੀਤ ਸਿੰਘ ਹੈਪੀ ਸਰਾਭਾ,ਜਸਬੀਰ ਸਿੰਘ ਕਲਿਆਣ, ਅਮਨਦੀਪ ਸਿੰਘ ਸ਼ੇਰਗੜ੍ਹ ਚੀਮਾ,ਭਿੰਦਰ ਸਿੰਘ ਬਿੱਲੂ ਸਰਾਭਾ ,ਨਾਇਬ ਸਿੰਘ ਬੁੱਕਣਵਾਲ, ਚਰਨਜੀਤ ਸਿੰਘ ਲੋਹਟਬੱਧੀ, ਗੁਰਜੀਤ ਸਿੰਘ ਆਂਡਲੂ,ਸ਼ਿੰਗਾਰਾ ਸਿੰਘ ਟੂਸੇ ਚਰਨ ਸਿੰਘ ਅੱਬੂਵਾਲ, ਜਸਵਿੰਦਰ ਸਿੰਘ ਜੋਧਾਂ ਆਦਿ ਨੇ ਵੀ ਭੁੱਖ ਹੜਤਾਲ ‘ਚ ਹਾਜ਼ਰੀ ਭਰੀ।

ਦਲਜੀਤ ਸਿੰਘ ਨੇ ਭੂੰਦਡ਼ੀ ਚੌਕੀ  ਇੰਚਾਰਜ ਵੱਲੋਂ ਸੰਭਾਲਿਆ ਅਹੁਦਾ

ਮੁੱਲਾਂਪੁਰ ਦਾਖਾ 10 ਅਪ੍ਰੈਲ  (ਸਤਵਿੰਦਰ  ਸਿੰਘ ਗਿੱਲ)  ਪੁਲਸ ਜ਼ਿਲਾ ਲੁਧਿਆਣਾ ਦਿਹਾਤੀ ਅੰਦਰ ਹੋਈਆਂ ਬਦਲੀਆਂ ਦੇ ਤਹਿਤ ਏ ਐੱਸ ਆਈ ਦਲਜੀਤ ਸਿੰਘ ਨੇ ਚੌਕੀ ਭੂੰਦੜੀ ਦੇ ਇੰਚਾਰਜ ਵੱਲੋਂ ਆਪਣਾ ਅਹੁਦਾ ਸੰਭਾਲਿਆ ਹੈ । ਇਸ ਤੋਂ ਪਹਿਲਾਂ ਉਹ ਚੌਂਕੀ ਕਾਉਂਕੇ ਕਲਾਂ ਵਿਖੇ ਆਪਣੀ ਸੇਵਾ ਨਿਭਾ ਰਹੇ ਸਨ । ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਬਲਿਕ ਨੂੰ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ । ਨਸ਼ਾ ਸਮੱਗਲਰਾਂ ਅਤੇ ਸਮਾਜ ਦੇ ਭੈੜੇ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ । ਉਨ੍ਹਾਂ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਸੱਚੀ ਇਤਲਾਹ ਪੁਲੀਸ ਨੂੰ ਦੇਣ ਤਾਂ ਜੋ ਸਹੀ ਇਨਸਾਫ਼ ਹੋ ਸਕੇ